ਤਲਵੰਡੀ ਸਾਬੋ, 7 ਅਪ੍ਰੈਲ, 2023: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੀਡੀਆ ਦੇ ਮਾਮਲੇ ’ਤੇ ਅੱਜ ਇਕ ਇਕੱਤਰਤਾ ਇਥੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸੱਦੀ ਗਈ ਹੈ। ਇਸ ਵਿਚ ਪ੍ਰਮੁੱਖ ਪੱਤਰਕਾਰਾਂ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ।
ਇਸ ਇਕੱਤਰਤਾ ਵਿਚ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਪੰਜਾਬ ਦੀ ਗੱਲ ਕਰਨ ਵਾਲੇ ਪੱਤਰਕਾਰਾਂ ਤੇ ਮੀਡੀਆ ਘਰਾਣਿਆਂ ਖਿਲਾਫ ਸਰਕਾਰ ਦੀ ਕਾਰਵਾਈ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਸ਼ਹਿਰ ਵਿਚ ਪੁਲਿਸ ਤੇ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਬੀਤੇ ਕੱਲ੍ਹ ਫਲੈਗ ਮਾਰਚ ਵੀ ਕੀਤਾ ਸੀ।
ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 12 ਤੋਂ 15 ਅਪ੍ਰੈਲ ਤੱਕ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਗੁਰਮਤਿ ਸਮਾਗਮਾਂ ਦਾ ਐਲਾਨ ਕੀਤਾ ਹੈ। ਇਸ ਨਾਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਅਪੀਲ ਅਨੁਸਾਰ ਵਿਸਾਖੀ ’ਤੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਖਤਮ ਹੋ ਗਈ ਹੈ।
ਜਥੇਦਾਰ ਨੇ ਸੰਗਤਾਂ ਨੂੰ ਗੁਰਮਤਿ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਜਥੇਦਾਰ ਨੇ ਅੱਜ 7 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਹੀ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਰਚਾ ਲਈ ਪ੍ਰੋਗਰਾਮ ਰੱਖਿਆ ਹੈ ਜਿਸ ਵਿਚ ਪੱਤਰਕਾਰਾਂ ਨੂੰ ਸੱਦਾ ਦਿੱਤਾ ਗਿਆ ਹੈ।