- ਕੱਚੇ ਬਿਲ੍ਹਾਂ ’ਤੇ ਕਿਤਾਬਾਂ ਦੀ ਵਿਕਰੀ ਕਰਨ ਵਾਲੇ ਕਿਤਾਬ ਵਿਕਰੇਤਾਵਾਂ ਨੂੰ ਚਿਤਾਵਨੀ, ਪੱਕੇ ਬਿੱਲਾਂ ’ਤੇ ਹੀ ਵੇਚੀਆਂ ਜਾਣ ਕਿਤਾਬਾਂ-ਡਿਪਟੀ ਕਮਿਸ਼ਨਰ
ਪਟਿਆਲਾ, 7 ਅਪ੍ਰੈਲ 2023 – ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੀਆਂ ਟੀਮਾਂ ਦੇ ਗਠਿਤ ਕੀਤੇ ਉਡਣ ਦਸਤਿਆਂ ਵੱਲੋਂ ਕਿਤਾਬ ਮਾਰਕੀਟ ਸਮੇਤ ਹੋਰਨਾਂ ਥਾਵਾਂ ’ਤੇ ਕਿਤਾਬਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਦੁਕਾਨਦਾਰ ਕਿਤਾਬਾਂ ਕੱਚੇ ਬਿਲ ’ਤੇ ਵੇਚਦੇ ਹਨ, ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਕ ਕਿਤਾਬਾਂ ਦੀ ਵਿਕਰੀ ਦੇ ਪੱਕੇ ਬਿਲ ਗਾਹਕਾਂ ਨੂੰ ਦੇਣ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਫਲਾਇੰਗ ਸਕੂੲਡ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਕੁਤਾਹੀ ਸਾਹਮਣੇ ਆਉਣ ’ਤੇ ਜੁਰਮਾਨਾ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਅਚਨਚੇਤ ਚੈਕਿੰਗ ਲਗਾਤਾਰ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਤਾਬਾਂ ਖਰੀਦਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਤਾਬਾਂ ਲੈਣ ਸਮੇਂ ਦੁਕਾਨਾਂ ਤੋਂ ਪੱਕਾ ਬਿਲ ਲੈਣਾ ਯਕੀਨੀ ਬਣਾਉਣ।