ਗੁਰਦਾਸਪੁਰ, 27 ਅਪ੍ਰੈਲ 2023 – ਗੁਰਦਾਸਪੁਰ ਦੇ ਪਿੰਡ ਸ਼ਹੂਰ ਕਲਾਂ ਵਿਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਬੇਅਦਬੀ ਕਰਨ ਵਾਲੇ ਆਰੋਪੀ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਅਤੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਆਰੋਪੀ ਸੁੱਚਾ ਸਿੰਘ ਨੂੰ ਕਾਬੂ ਕਰਕੇ ਉਸ ਦੇ ਉੱਪਰ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦਾ ਪਤਾ ਲੱਗਦੇ ਹੀ ਥਾਣਾ ਕਲਾਨੌਰ ਵਿਚ ਪਹੁੰਚੇ ਸਿੱਖ ਅੱਤੇ ਕਿਸਾਨ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਵਿਅਕਤੀ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ ਇਸ ਲਈ ਸੱਖਤ ਕਦਮ ਚੁੱਕੇ ਜਾਣ ।
ਘਟਨਾ ਦਾ ਪਤਾਂ ਲਗਦੇ ਥਾਣਾ ਕਲਾਨੌਰ ਵਿੱਚ ਪਹੁੰਚੇ ਕਿਸਾਨ ਆਗੂ ਇੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਸ਼ਹੂਰ ਕਲਾਂ ਵਿਚ ਵਾਪਰੀ ਇਸ ਬੇਅਦਬੀ ਦੀ ਘਟਨਾ ਨੇ ਸਮੁੱਚੀ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਇਸ ਲਈ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਵਿਅਕਤੀ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜੋ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਹਨ ਉਹ ਵੀ ਧਿਆਨ ਰੱਖਣ ਕਿ ਅਜਿਹਾ ਕੋਈ ਵੀ ਸ਼ਰਾਰਤੀ ਅਨਸਰ ਗੁਰੂ ਸਾਹਿਬ ਦੀ ਬੇਅਦਬੀ ਨਾ ਕਰ ਸਕੇ।ਜਿਨ੍ਹਾਂ ਲੋਕਾਂ ਨੇ ਆਪਣੇ ਘਰਾਂ ਵਿੱਚ ਗੁਟਕਾ ਸਾਹਿਬ ਜਾਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਕੀਤੇ ਹਨ ਉਨ੍ਹਾਂ ਦੀ ਮਰਿਆਦਾ ਦਾ ਵੀ ਧਿਆਨ ਰੱਖਿਆ ਜਾਵੇ ਅਤੇ ਗੁਰਦਵਾਰਾ ਸਾਹਿਬ ਵਿੱਚ ਠੀਕਰੀ ਪਹਿਰੇ ਲਗਾਉਣ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਟਨਾ ਨਾ ਵਾਪਰੇ।
ਇਸ ਸਬੰਧੀ ਜਾਣਕਾਰੀ ਦਿੰਦਿਆ ਐਸਪੀ ਇਨਵੈਸਟੀਗੇਸ਼ਨ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਉਹਨਾਂ ਨੂੰ ਘਟਨਾ ਦਾ ਪਤਾ ਲੱਗਦੇ ਹੀ ਉਹਨਾਂ ਨੇ ਮੌਕੇ ਤੇ ਪਹੁੰਚ ਆਰੋਪੀ ਸੁੱਚਾ ਸਿੰਘ ਨੂੰ ਕਾਬੂ ਕਰ ਲਿਆ ਹੈ ਜੋ ਕਿ ਪਿੰਡ ਦਾ ਹੀ ਰਹਿਣ ਵਾਲਾ ਹੈ ਅਤੇ ਇਸ ਆਰੋਪੀ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਵਿਅਕਤੀ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨੇ ਅਜਿਹੀ ਘਟਨਾ ਨੂੰ ਅੰਜਾਮ ਕਿਓਂ ਦਿੱਤਾ ਹੈ।