ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਦੋਵਾਂ ਨੂੰ ਕੀਤਾ ਬਰਬਾਦ – ਭਗਵੰਤ ਮਾਨ

  • ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ, ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਸਹੀ ਮੁੱਲ ਅਤੇ ਮੁਆਵਜ਼ਾ ਦੇ ਰਹੀ ਹੈ – ਸ.ਮਾਨ।
  • ਅਸੀਂ ਇੱਕ ਸਾਲ ਦੇ ਅੰਦਰ ਆਮ ਲੋਕਾਂ ਦੇ ਇਲਾਜ ਲਈ 500 ਤੋਂ ਵੱਧ ਮੁਹੱਲਾ ਕਲੀਨਿਕ ਬਣਾਏ ਹਨ – ਭਗਵੰਤ ਮਾਨ
  • CM ਮਾਨ ਨੇ ‘ਆਪ’ ਉਮੀਦਵਾਰ ਦੇ ਹੱਕ ‘ਚ ਸ਼ਾਹਕੋਟ ਦੇ ਵੱਖ-ਵੱਖ ਇਲਾਕਿਆਂ ‘ਚ ਕੀਤਾ ਰੋਡ ਸ਼ੋਅ, ਲੋਕਾਂ ਨੂੰ ਸੁਸ਼ੀਲ ਰਿੰਕੂ ਨੂੰ ਜਿਤਾਉਣ ਦੀ ਕੀਤੀ ਅਪੀਲ

ਜਲੰਧਰ, 29 ਅਪ੍ਰੈਲ 2023 – ਜਲੰਧਰ ਲੋਕ-ਸਭਾ ਉੱਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹਲਕਾ ਸ਼ਾਹਕੋਟ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਸ਼ਾਹਕੋਟ ਅਤੇ ਮਹਿਤਪੁਰ ਵਿੱਚ ਭੀੜ ਨੂੰ ਸੰਬੋਧਨ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਰਵਾਇਤੀ ਪਾਰਟੀਆਂ ਕਾਂਗਰਸ-ਭਾਜਪਾ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੀ ਨੌਜਵਾਨੀ ਅਤੇ ਕਿਸਾਨੀ ਦੋਵਾਂ ਨੂੰ ਬਰਬਾਦ ਕਰ ਦਿੱਤਾ ਹੈ।

ਕਾਂਗਰਸ ਅਤੇ ਅਕਾਲੀ ਸਰਕਾਰ ਨੇ ਆਮ ਘਰਾਂ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਆਪਣੇ ਆਗੂਆਂ ਅਤੇ ਮੰਤਰੀਆਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦਿੱਤੀਆਂ। ਇਨ੍ਹਾਂ ਲੋਕਾਂ ਨੇ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਆਪਣੇ ਵੱਡੇ-ਵੱਡੇ ਮਹਿਲ ਉਸਾਰੇ ਅਤੇ ਲੋਕਾਂ ਨੂੰ ਸੜਕਾਂ ‘ਤੇ ਖੜ੍ਹਾ ਕਰ ਦਿੱਤਾ।

ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਨੇ ਨੌਜਵਾਨਾਂ ਦੇ ਹੱਥਾਂ ਵਿੱਚ ਪੈੱਨ ਦੀ ਬਜਾਏ ਬੰਦੂਕ ਫੜਾ ਦਿੱਤੀ ਹੈ ਅਤੇ ਰੁਜ਼ਗਾਰ ਦੀ ਥਾਂ ਨਸ਼ੇ ਦਿੱਤੇ ਹਨ। ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਦਿਨ ਰਾਤ ਕੰਮ ਕਰ ਰਹੀ ਹੈ। ਅਸੀਂ ਇੱਕ ਸਾਲ ਦੇ ਅੰਦਰ ਪੰਜਾਬ ਦੇ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਭਵਿੱਖ ਵਿੱਚ ਹੋਰ ਖਾਲੀ ਅਸਾਮੀਆਂ ਭਰਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਸਰਕਾਰ ਆਉਣ ਦੇ ਸਿਰਫ਼ ਇੱਕ ਸਾਲ ਦੇ ਅੰਦਰ ਹੀ ਅਸੀਂ ਪੰਜਾਬ ਦੇ ਆਮ ਲੋਕਾਂ ਦੇ ਬਿਹਤਰ ਇਲਾਜ ਲਈ 500 ਤੋਂ ਵੱਧ ਮੁਹੱਲਾ ਕਲੀਨਿਕ ਬਣਾਏ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਹੁਣ ਤੱਕ 20 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਪੰਜ ਲੱਖ ਤੋਂ ਵੱਧ ਲੋਕਾਂ ਦੀ ਮੁਫ਼ਤ ਜਾਂਚ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਅਸੀਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਵੀ ਅਪਗ੍ਰੇਡ ਕਰ ਰਹੇ ਹਾਂ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਪ੍ਰਾਈਵੇਟ ਹਸਪਤਾਲਾਂ ਨਾਲੋਂ ਵੱਧ ਸਹੂਲਤਾਂ ਹੋਣਗੀਆਂ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਬਚਾਉਣ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ। ਸਰਕਾਰ ਬਣਨ ਤੋਂ ਬਾਅਦ, ਅਸੀਂ ਗੰਨਾ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 390 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਇਲਾਵਾ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਨੂੰ ਵਧਾ ਕੇ 15000 ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ।

ਮਾਨ ਨੇ ਜਲੰਧਰ ਦੇ ਲੋਕਾਂ ਨੂੰ ਆਪਣੇ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਚੋਣ ਵਿੱਚ ਤੁਹਾਡੇ ਕੋਲ ਸੰਗਰੂਰ ਵਾਂਗ ਇਤਿਹਾਸ ਰਚਣ ਦਾ ਮੌਕਾ ਹੈ। ਇਹ ਮੌਕਾ ਖੁੰਝਣ ਨਹੀਂ ਦੇਣਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਜਿਸ ਤਰ੍ਹਾਂ ਤੁਸੀਂ ਮੈਨੂੰ ਪਿਆਰ ਅਤੇ ਸਮਰਥਨ ਦਿੱਤਾ ਹੈ, ਤੁਸੀਂ ਇਸ ਚੋਣ ਵਿੱਚ ਵੀ ਸਾਡੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਆਪਣਾ ਪਿਆਰ ਅਤੇ ਸਮਰਥਨ ਜ਼ਰੂਰ ਦਿਓਗੇ।

ਰੋਡ ਸ਼ੋਅ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਅਤੇ ਦਰਜਨਾਂ ਸੂਬਾ ਪੱਧਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸਥਾਨਕ ਆਗੂ ਅਤੇ ਵੱਡੀ ਗਿਣਤੀ ‘ਚ ‘ਆਪ’ ਵਰਕਰ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭੜਕਾਊ ਬਿਆਨ ਦੇਣ ਵਾਲਿਆਂ ‘ਤੇ ਸੁਪਰੀਮ ਕੋਰਟ ਸਖਤ, ਕਿਹਾ- ਜੇ ਸ਼ਿਕਾਇਤ ਨਹੀਂ ਵੀ ਮਿਲੀ ਤਾਂ ਵੀ ਕਰੋ ਕੇਸ ਦਰਜ

ਵਿਜੀਲੈਂਸ ਨੇ ਮਹਿਲਾ Forest Guard ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ