ਚੰਡੀਗੜ੍ਹ, 30 ਅਪ੍ਰੈਲ 2023 – ਕੈਨੇਡਾ ਵਿੱਚ ਪੁਲਿਸ ਨੇ 47 ਪੰਜਾਬੀਆਂ ਸਮੇਤ 119 ਲੋਕਾਂ ਨੂੰ ਕਾਰਾਂ ਚੋਰੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਚੋਰੀ ਦੀਆਂ 556 ਕਾਰਾਂ ਬਰਾਮਦ ਕੀਤੀਆਂ ਹਨ। ਇਨ੍ਹਾਂ ਕਾਰਾਂ ਦੀ ਕੀਮਤ 17 ਕਰੋੜ ਰੁਪਏ ਹੈ। ਪੁਲਸ ਨੇ ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਟੋਰਾਂਟੋ ਦੇ ਪੁਲਿਸ ਸੁਪਰਡੈਂਟ ਰੌਬ ਟੈਵਰਨਰ ਨੇ ਕਿਹਾ ਕਿ 119 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਦੋਂ ਉਨ੍ਹਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਸੁੰਨਸਾਨ ਥਾਵਾਂ ‘ਤੇ ਖੜ੍ਹੀਆਂ ਕਾਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਟਰੇਸ ਕਰ ਲਿਆ ਗਿਆ ਹੈ। ਨਵੰਬਰ 2022 ਵਿੱਚ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ। ਪੁਲਿਸ ਮੁਤਾਬਕ 2019 ਤੋਂ ਬਾਅਦ ਵਾਹਨ ਚੋਰੀ ਦੇ ਮਾਮਲੇ ਲਗਾਤਾਰ ਵਧੇ ਹਨ। ਉਦੋਂ ਤੋਂ ਸ਼ੁਰੂ ਹੋਈ ਜਾਂਚ ‘ਚ 119 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।
ਕੈਨੇਡੀਅਨ ਪੁਲਿਸ ਵੱਲੋਂ ਕਾਰਾਂ ਚੋਰੀ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਸਾਰੇ ਪੰਜਾਬੀਆਂ ਦੇ ਪੁਰਾਣੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਨੌਜਵਾਨ ਕਿਸ-ਕਿਸ ਦੇ ਸੰਪਰਕ ਵਿੱਚ ਸਨ ਅਤੇ ਕਦੋਂ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਪੁਲਿਸ ਇਸ ਦੀ ਵੀ ਜਾਂਚ ਕਰ ਰਹੀ ਹੈ।