- SIT ਦੀ ਜਾਂਚ ‘ਤੇ ਚੁੱਕੇ ਹਨ ਸਵਾਲ
ਚੰਡੀਗੜ੍ਹ, 5 ਮਈ 2023 – ਪੰਜਾਬ ਦੇ ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣੀ ਹੈ। ਦਾਇਰ ਪਟੀਸ਼ਨ ‘ਚ ਰਾਮ ਰਹੀਮ ਨੇ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ‘ਤੇ ਭਰੋਸਾ ਨਾ ਹੋਣ ਦੀ ਗੱਲ ਕਹੀ ਹੈ। ਇਸ ਕਾਰਨ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਕਾਂਗਰਸ ਦੀ ਕੈਪਟਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਐਸਆਈਟੀ ਨੂੰ ਸੌਂਪੀ ਸੀ।
ਇਸ ਤੋਂ ਪਹਿਲਾਂ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਰਾਮ ਰਹੀਮ ਨੂੰ SIT ਦੀ ਜਾਂਚ ਅਤੇ ਸ਼ਿਕਾਇਤਕਰਤਾ ਦੇ ਬਿਆਨਾਂ ‘ਚ ਖਾਮੀਆਂ ਦੇ ਸਬੰਧ ‘ਚ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਸੀ। ਪਟੀਸ਼ਨਰ ਰਾਮ ਰਹੀਮ ਨੇ ਕਿਹਾ ਹੈ ਕਿ ਉਸ ਦਾ ਨਾਂ ਮਾਮਲੇ ‘ਚ ਐੱਫ.ਆਈ.ਆਰ. ਦੇ ਪੰਜ ਸਾਲ ਬਾਅਦ ਆਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਸਆਈਟੀ ਦੀ ਨਿਰਪੱਖ ਜਾਂਚ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਸਿਆਸੀ ਕਾਰਨਾਂ ਕਰਕੇ ਫਸਾਇਆ ਗਿਆ ਹੈ।
ਇਸ ਤੋਂ ਪਹਿਲਾਂ ਮਾਮਲੇ ‘ਚ ਸਰਕਾਰ ਅਤੇ ਪਟੀਸ਼ਨਕਰਤਾ ਦਾ ਪੱਖ ਸੁਣਨ ਤੋਂ ਬਾਅਦ ਹਾਈਕੋਰਟ ਨੇ ਰਾਮ ਰਹੀਮ ਦੇ ਖਿਲਾਫ ਦਾਇਰ ਪਟੀਸ਼ਨ ਦੇ ਸੰਬੰਧ ‘ਚ ਕਿਹਾ ਕਿ ਉਸ ਨੂੰ ਐੱਸ.ਆਈ.ਟੀ. ਦੀ ਜਾਂਚ ‘ਚ ਖਾਮੀਆਂ ਦਾ ਜ਼ਿਕਰ ਕਰਨਾ ਹੋਵੇਗਾ। ਇਸ ਦੇ ਨਾਲ ਹੀ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਕਾਰਵਾਈ ਨਾ ਹੋਣ ਬਾਰੇ ਵੀ ਪੁੱਛਿਆ ਗਿਆ। ਇਨ੍ਹਾਂ ਸਾਰੇ ਸਵਾਲਾਂ ਸਬੰਧੀ ਪਟੀਸ਼ਨਰ ਨੂੰ ਆਪਣਾ ਪੱਖ ਪੇਸ਼ ਕਰਨਾ ਹੋਵੇਗਾ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਡੇਰਾ ਮੁਖੀ ਦੀ ਪਟੀਸ਼ਨ ‘ਤੇ ਦਾਇਰ ਆਪਣੇ ਜਵਾਬ ‘ਚ ਹਾਈਕੋਰਟ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਵਾਪਸ ਲੈਣ ਲਈ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਹੈ। ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ ‘ਤੇ ਆਪਣੀ ਮੋਹਰ ਲਗਾ ਦਿੱਤੀ। ਹਾਈ ਕੋਰਟ ਦੇ ਹੁਕਮਾਂ ‘ਤੇ ਹੀ ਐਸਆਈਟੀ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜਿਹੇ ‘ਚ ਡੇਰਾ ਮੁਖੀ ਦੀ ਸੀ.ਬੀ.ਆਈ ਤੋਂ ਜਾਂਚ ਦੀ ਮੰਗ ਨੂੰ ਪੂਰੀ ਤਰ੍ਹਾਂ ਗਲਤ ਦੱਸਿਆ। ਇਸ ਦੇ ਨਾਲ ਹੀ ਪਟੀਸ਼ਨ ਖਾਰਜ ਕਰਨ ਦੀ ਮੰਗ ਕੀਤੀ ਗਈ ਹੈ।