- ਕਾਂਗਰਸ ਸੂਬਾ ਪ੍ਰਧਾਨ ਨੇ ‘ਆਪ’ ਦੀ ਬਦਲਾਖ਼ੋਰੀ ਵਾਲੀ ਰਾਜਨੀਤੀ ਦੀ ਨਿੰਦਾ ਕਰਦੇ ਕਿਹਾ ਕਿ ਪਾਰਟੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਦੇ ਨਾਲ ਖੜ੍ਹੀ ਰਹੇਗੀ।
ਜਲੰਧਰ, 10 ਮਈ 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਕਿਹਾ ਕਿ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਨੂੰ ਕਤਲ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਨਾ ਆਮ ਆਦਮੀ ਪਾਰਟੀ ਦੀ ਬੇਚੈਨੀ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ‘ਚ ਆਪਣੀ ਸਪੱਸ਼ਟ ਹਾਰ ਤੋਂ ਬਾਅਦ ‘ਆਪ’ ਲੀਡਰਸ਼ਿਪ ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਝੂਠੇ ਕੇਸ ਪਾ ਕੇ ਦਬਾਅ ਬਣਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਇਸ ਝੂਠੇ ਕੇਸ ਦੀ ਸਖ਼ਤ ਨਿਖੇਧੀ ਕਰਦਿਆਂ ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਇਸ ਝੂਠੇ ਕੇਸ ਵਿਰੁੱਧ ਪਾਹੜਾ ਸਾਹਿਬ ਦੇ ਨਾਲ ਖੜ੍ਹੀ ਹੈ ਅਤੇ ਇਹ ਭਗਵੰਤ ਮਾਨ ਦੀ ਦੁਸ਼ਮਣੀ ਅਤੇ ਬਦਲਾਖ਼ੋਰੀ ਦੀ ਰਾਜਨੀਤੀ ਤਹਿਤ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਨੂੰ ਨੰਗਾ ਕਰੇਗੀ। ਉਨ੍ਹਾਂ ਕਿਹਾ ਕਿ ‘ਆਪ’ ਨੇ ਵਿਧਾਇਕ ਦੇ ਪਿਤਾ ‘ਤੇ ਝੂਠਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਧਮਕਾਉਣ ਦੀ ਕੋਸ਼ਿਸ਼ ਕੀਤੀ ਹੈ।
‘ਆਪ’ ‘ਤੇ ਨਿਸ਼ਾਨਾ ਸਾਧਦੇ ਹੋਏ ਕਾਂਗਰਸ ਸੂਬਾ ਪ੍ਰਧਾਨ ਨੇ ਕਿਹਾ ਕਿ ‘ਆਪ’ ਨੇ ਆਪਣੇ ਸ਼ਾਸਨ ਦੇ ਪਿਛਲੇ 14 ਮਹੀਨਿਆਂ ਦੌਰਾਨ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਜਾਂ ਸੂਬੇ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੁਝ ਨਹੀਂ ਕੀਤਾ। ਹੁਣ ਜ਼ਿਮਨੀ ਚੋਣ ਵਿਚ ਆਪਣੀ ਸਪੱਸ਼ਟ ਹਾਰ ਤੋਂ ਘਬਰਾ ਕੇ ਲੀਡਰਸ਼ਿਪ ਵੋਟਰਾਂ ਨੂੰ ਭਰਮਾਉਣ ਅਤੇ ਵਿਰੋਧੀ ਨੇਤਾਵਾਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਇਹ ਹੱਥਕੰਡੇ ਅਜ਼ਮਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੋਟਰਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਜਲੰਧਰ ਦੇ ਲੋਕ ਉਨ੍ਹਾਂ ਦੇ ਧੋਖੇ ਅਤੇ ਝੂਠ ਲਈ ਉਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ।
ਜਿਸ ਤਰ੍ਹਾਂ ਵੋਟਰਾਂ ਨੇ ਸੰਗਰੂਰ ‘ਚ ‘ਆਪ’ ਨੂੰ ਜੜ੍ਹੋਂ ਪੁੱਟਿਆ ਸੀ ਉਸੇ ਤਰ੍ਹਾਂ ਉਹ ਅਯੋਗ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਵੱਲੋਂ ਬਣਾਏ ‘ਰੰਗਲਾ ਪੰਜਾਬ’ ਦੇ ਭਰਮ ਭਰੇ ਅਕਸ ਨੂੰ ਤੋੜ ਦੇਣਗੇ ਅਤੇ ਪਾਰਟੀ ਨੂੰ ਉਨ੍ਹਾਂ ਦੇ ਘਾਤਕ ‘ਬਦਲਾਅ’ ਲਈ ਬਾਹਰ ਸੁੱਟ ਦੇਣਗੇ। ਇਨ੍ਹਾਂ ਦੇ ਕੁਸ਼ਾਸਨ ਦੇ ਅਧੀਨ ਸੂਬੇ ਨੇ ਬਹੁਤ ਨੁਕਸਾਨ ਝੱਲਿਆ ਹੈ। ਪਰ ਹੁਣ ਲੋਕ ‘ਆਪ’ ਨੂੰ ਇਨ੍ਹਾਂ ਦੀ ਅਸਲੀ ਥਾਂ ਦਿਖਾਉਣਗੇ।