- SIT ਬਿਕਰਮ ਸਿੰਘ ਮਜੀਠੀਆ ਡਰੱਗ ਕੇਸ ਦੀ ਕਰ ਰਹੀ ਹੈ ਜਾਂਚ,
- ਮਜੀਠੀਆ ‘ਤੇ ਲੱਗੇ ਹੋਏ ਨੇ ਗੰਭੀਰ ਇਲਜ਼ਾਮ
ਚੰਡੀਗੜ੍ਹ, 21 ਮਈ 2023 – ਪੰਜਾਬ ਵਿੱਚ ਕਾਂਗਰਸ ਸਰਕਾਰ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਹੋਏ ਡਰੱਗ ਕੇਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਅਫਸਰ ਬਦਲਿਆ ਗਿਆ ਹੈ। ਸਰਕਾਰ ਨੇ ਡਰੱਗਜ਼ ਮਾਮਲੇ ਦੀ ਜਾਂਚ ਲਈ ਨਵੀਂ ਕਮੇਟੀ ਬਣਾਈ ਹੈ। ਹਾਲਾਂਕਿ ਸਿਰਫ ਇਸ ਦਾ ਮੁੱਖੀ ਹੀ ਬਦਲਿਆ ਗਿਆ ਹੈ, ਜਦਕਿ ਬਾਕੀ ਮੈਂਬਰਾਂ ਨੂੰ ਨਹੀਂ ਬਦਲਿਆ ਗਿਆ।
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਬਿਕਰਮ ਸਿੰਘ ਮਜੀਠੀਆ ਵਿਰੁੱਧ 20 ਦਸੰਬਰ 2021 ਨੂੰ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਮਈ ਅਤੇ ਅਗਸਤ 2022 ਦੇ ਦਫ਼ਤਰੀ ਹੁਕਮਾਂ ਦੇ ਆਧਾਰ ‘ਤੇ ਹੁਣ ਇਸ ਮਾਮਲੇ ਦੀ ਜਾਂਚ ਲਈ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਦੀ ਅਗਵਾਈ ਪਟਿਆਲਾ ਦੇ ਆਈਜੀ ਰੇਂਜ ਮੁਖਵਿੰਦਰ ਸਿੰਘ ਛੀਨਾ ਕਰਨਗੇ। ਪੰਜਾਬ ਦੇ ਡੀਜੀਪੀ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
ਡਰੱਗਜ਼ ਮਾਮਲੇ ‘ਚ ਮਜੀਠੀਆ ‘ਤੇ ਗੰਭੀਰ ਦੋਸ਼ ਲੱਗੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਸਥਿਤ ਨਸ਼ਾ ਤਸਕਰ ਸਤਪ੍ਰੀਤ ਸੱਤਾ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਮਜੀਠੀਆ ਦੇ ਸਰਕਾਰੀ ਕੁਆਰਟਰਾਂ ਵਿੱਚ ਰਹਿੰਦਾ ਰਿਹਾ। ਇੱਥੋਂ ਤੱਕ ਕਿ ਮਜੀਠੀਆ ਨੇ ਉਸ ਨੂੰ ਇੱਕ ਗੱਡੀ ਅਤੇ ਇੱਕ ਗੰਨਮੈਨ ਵੀ ਦਿੱਤਾ ਸੀ। ਦੋਸ਼ ਹਨ ਕਿ ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ ਹੈ।
ਉਸ ‘ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤੇ ਕਰਨ ਦਾ ਵੀ ਦੋਸ਼ ਹੈ। ਹਾਲਾਂਕਿ ਅਕਾਲੀ ਦਲ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੰਦਾ ਰਿਹਾ ਹੈ।
ਬਿਕਰਮ ਸਿੰਘ ਮਜੀਠੀਆ ਇਸ ਮਾਮਲੇ ਵਿੱਚ ਲੰਮਾ ਸਮਾਂ ਜੇਲ੍ਹ ਵੀ ਜਾ ਚੁੱਕੇ ਹਨ। 2022 ਦੀਆਂ ਚੋਣਾਂ ਤੋਂ ਪਹਿਲਾਂ ਕੇਸ ਦਰਜ ਹੋਣ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਚੋਣ ਲੜਦਿਆਂ ਸੁਪਰੀਮ ਕੋਰਟ ਵੱਲੋਂ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ। ਵੋਟ ਪਾਉਣ ਤੋਂ ਬਾਅਦ ਉਸ ਨੂੰ ਮੁੜ ਆਤਮ ਸਮਰਪਣ ਕਰਨਾ ਪਿਆ। ਇੰਨਾ ਹੀ ਨਹੀਂ, ਇਸ ਤੋਂ ਬਾਅਦ ਵੀ ਉਹ ਲਗਭਗ 6 ਮਹੀਨੇ ਜੇਲ ‘ਚ ਰਿਹਾ ਅਤੇ ਅਗਸਤ 2022 ‘ਚ ਉਸ ਨੂੰ ਜ਼ਮਾਨਤ ਮਿਲ ਗਈ।