ਚੰਡੀਗੜ੍ਹ, 31 ਮਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵਿਦਿਆਰਥੀਆਂ ਦੇ ਨਾਲ ਲਾਈਵ ਗੱਲਬਾਤ ਕਰਦਿਆਂ ਬੱਚਿਆਂ ਨੂੰ ਚੰਗੀ ਮਿਹਨਤ ਕਰਕੇ ਅੱਗੇ ਵਧਣ ਦਾ ਸੁਨੇਹਾ ਦਿੱਤਾ।
ਨਾਲ ਹੀ ਸੀਐਮ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਹਦਾਇਤ ਕੀਤੀ ਕਿ, ਉਹ ਅਧਿਆਪਕਾਂ ਦੁਆਰਾ ਦਿੱਤੇ ਗਏ ਹੋਮਵਰਕ ਨੂੰ ਮਨ ਲਗਾ ਕੇ ਪੂਰਾ ਕਰਨ ਅਤੇ ਇਨ੍ਹਾਂ ਛੁੱਟੀਆਂ ਦੇ ਦੌਰਾਨ ਕੁੱਝ ਨਵਾਂ ਸਿੱਖਣ।
ਸੀਐਮ ਮਾਨ ਨੇ ਇਹ ਵੀ ਕਿਹਾ ਕਿ, ਇਸ ਵਾਰ ਬੋਰਡ ਦੀਆਂ ਜਮਾਤਾਂ ਦੇ ਨਤੀਜੇ ਬਹੁਤ ਚੰਗੇ ਆਏ ਹਨ। ਮਾਨ ਨੇ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ ਅਤੇ ਛੁੱਟੀਆਂ ਦੇ ਨਾਲ ਵਿਦਿਆਰਥੀਆਂ ਦੇ ਨਾਲ ਰਾਬਤਾ ਬਣਾ ਕੇ ਰੱਖਣ ਦੀ ਅਪੀਲ ਕੀਤੀ।
ਸੀਐਮ ਭਗਵੰਤ ਮਾਨ ਅੱਜ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨਾਲ ਵਰਚੁਅਲ ਮੀਟਿੰਗ ਕੀਤੀ। ਉਨ੍ਹਾਂ ਨੇ ਪੀ.ਐਸ.ਈ.ਬੀ. ਦੇ ਨਤੀਜਿਆਂ ‘ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀ ਰੁਚੀ ਅਨੁਸਾਰ ਸਿੱਖਿਆ ਦਿੱਤੀ ਜਾ ਸਕੇ। ਸੀਐਮ ਭਗਵੰਤ ਮਾਨ ਨੇ ਸਾਰੇ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਹੁਣ ਸਿੱਖਿਆ ਦੇ ਨਾਲ-ਨਾਲ ਹੁਨਰ ਵਿਕਾਸ ਲਈ ਵੀ ਸਿਖਲਾਈ ਦਿੱਤੀ ਜਾਵੇਗੀ। ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਵਿਸ਼ੇ ਦੀ ਸਿਖਲਾਈ ਦਿੱਤੀ ਜਾਵੇਗੀ। ਸਕੂਲ ਦੇ ਵਿਦਿਆਰਥੀਆਂ ਨੇ ਸੀਐਮ ਮਾਨ ਨੂੰ ਦੱਸਿਆ ਕਿ ਉਨ੍ਹਾਂ ਨੂੰ ਅਧਿਆਪਕਾਂ ਵੱਲੋਂ ਕਈ ਮਸ਼ੀਨੀ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ।