ਚੰਡੀਗੜ੍ਹ, 20 ਜੂਨ 2023 – ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਸ਼ੁਰੂ ਹੋ ਗਿਆ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਤਜਵੀਜ਼ ਰੱਖੀ ਕਿ ਜਿਸ ਕੰਮ ਲਈ ਇਹ ਬੁਲਾਇਆ ਗਿਆ ਹੈ, ਉਹ ਇੱਥੇ ਹੀ ਕੀਤਾ ਜਾਵੇ। ਕੋਈ ਹੋਰ ਪ੍ਰਸਤਾਵ ਨਹੀਂ ਲਿਆਂਦਾ ਜਾਣਾ ਚਾਹੀਦਾ।
ਇਸ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਤਰਾਜ਼ ਕਰਦਿਆਂ ਕਿਹਾ ਕਿ ਪਹਿਲਾਂ ਮਕਸਦ ਦੱਸਿਆ ਜਾਵੇ ਕਿ ਸੈਸ਼ਨ ਕਿਉਂ ਬੁਲਾਇਆ ਗਿਆ ਹੈ। 9 ਮਹੀਨੇ ਪਹਿਲਾਂ ਆਪਰੇਸ਼ਨ ਲਾਟਸ ‘ਤੇ ਸੈਸ਼ਨ ਬੁਲਾਇਆ ਗਿਆ ਸੀ। ਇੱਥੇ ਮੁੱਖ ਮੰਤਰੀ ਨਾਲ ਵਿਧਾਇਕ ਨੇ ਗੱਲਬਾਤ ਕੀਤੀ। ਵਿਧਾਇਕਾਂ ਨੇ ਵੀ ਸ਼ਿਕਾਇਤ ਦਰਜ ਕਰਵਾਈ ਹੈ। ਸਪੀਕਰ ਨੇ ਕਿਹਾ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸੈਸ਼ਨ ਦਾ ਬਾਈਕਾਟ ਕਰ ਦਿੱਤਾ।
ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਵੱਲੋਂ ਲਗਾਤਾਰ 4 ਸੀਜ਼ਨਾਂ ਤੋਂ ਪੇਂਡੂ ਵਿਕਾਸ ਫੰਡ (ਆਰ ਡੀ ਐਫ) ਦੇ 3622 ਕਰੋੜ ਰੁਪਏ ਨਾ ਦੇਣ ਦਾ ਮਤਾ ਪੇਸ਼ ਕੀਤਾ। ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਆਰਡੀਐਫ ਫੰਡ ਕੇਂਦਰ ਸਰਕਾਰ ਕੋਲ ਬਕਾਇਆ ਹੈ। ਇਸ ਕਾਰਨ ਪੰਜਾਬ ਦੇ ਪੇਂਡੂ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਉਨ੍ਹਾਂ ਨੇ 3622 ਕਰੋੜ ਰੁਪਏ ਦੇ ਆਰਡੀਐਫ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਕੋਲ ਪਹੁੰਚ ਕਰਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਿਛਲੇ 4 ਸੀਜ਼ਨਾਂ ਤੋਂ ਇਹ ਫੰਡ ਨਹੀਂ ਮਿਲਿਆ ਹੈ।