ਝੋਨੇ ਦੀ ਸਿੱਧੀ ਬਿਜਾਈ ‘ਚ ਫਾਜ਼ਿਲਕਾ ਜ਼ਿਲ੍ਹਾ ਪੰਜਾਬ ਵਿਚੋਂ ਮੋਹਰੀ

  • ਪਾਣੀ ਦੀ ਬੱਚਤ ਵਿਚ ਫਾਜ਼ਿਲਕਾ ਦੇ ਕਿਸਾਨ ਪਾਉਣਗੇ ਵੱਡਾ ਯੋਗਦਾਨ
  • ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਸਬਸਿਡੀ ਲੈਣ ਲਈ ਕਿਸਾਨ 25 ਜੂਨ ਤੱਕ ਕਰ ਸਕਦੇ ਹਨ ਰਜਿਸਟਰੇਸ਼ਨ—
  • ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਾ ਮਿਲੇਗਾ ਲਾਭ—ਮੁੱਖ ਖੇਤੀਬਾੜੀ ਅਫ਼ਸਰ

ਫਾਜ਼ਿਲਕਾ, 23 ਜੂਨ 2023 – ਫਾਜ਼ਿਲਕਾ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਵਿਚ ਪੂਰੇ ਪੰਜਾਬ ਵਿਚੋਂ ਝੰਡੀ ਕਰ ਦਿੱਤੀ ਹੈ। ਜ਼ਿਲ੍ਹੇ ਵਿਚ ਨਿਰਧਾਰਤ ਟੀਚੇ ਤੋਂ ਵੀ ਵਧੇਰੇ ਸਿੱਧੀ ਬਿਜਾਈ ਕਰਕੇ ਕਿਸਾਨਾਂ ਨੇ ਪੋਣ ਪਾਣੀ ਦੀ ਰਾਖੀ ਪ੍ਰਤੀ ਆਪਣੀ ਵੱਡੀ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ ਹੈ।

ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦਿੱਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਘੱਟ ਪਾਣੀ ਦੀ ਜਰੂਰਤ ਵਾਲੀ ਸਿੱਧੀ ਬਿਜਾਈ ਦੀ ਵਿਧੀ ਤਹਿਤ ਵੱਧ ਤੋਂ ਵੱਧ ਬਿਜਾਈ ਕਰਕੇ ਸਾਡੇ ਕੁਦਰਤੀ ਸ਼੍ਰੋਤ ਪਾਣੀ ਦੀ ਵੀ ਬਚਤ ਕਰਨ ਅਤੇ ਆਪਣੇ ਖੇਤੀ ਲਾਗਤ ਖਰਚੇ ਘੱਟ ਕਰਨ ਦੇ ਨਾਲ ਨਾਲ ਸਰਕਾਰ ਤੋਂ ਵੀ 1500 ਰੁਪਏ ਪ੍ਰਤੀ ਏਕੜ ਦੀ ਸਬਸਿਡੀ ਪ੍ਰਾਪਤ ਕਰਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਨੂੰ ਖੇਤੀਬਾੜੀ ਵਿਭਾਗ ਨੇ ਸਿੱਧੀ ਬਿਜਾਈ ਲਈ 32710 ਹੈਕਟੇਅਰ ਦਾ ਟੀਚਾ ਦਿੱਤਾ ਸੀ ਪਰ ਬੀਤੀ ਸ਼ਾਮ ਤੱਕ 39887 ਹੈਕਟੇਅਰ ਵਿਚ ਬਿਜਾਈ ਕੀਤੀ ਜਾ ਚੁੱਕੀ ਹੈ। ਇਸ ਵਿਚ 24289 ਹੈਕਟੇਅਰ ਰਕਬੇ ਨੂੰ ਕਿਸਾਨਾਂ ਨੇ ਸਬਸਿਡੀ ਲੈਣ ਲਈ ਆਨਲਾਈਨ ਵੀ ਕਰ ਦਿੱਤਾ ਹੈ।ਉਨ੍ਹਾਂ ਨੇ ਸਿੱਧੀ ਬਿਜਾਈ ਤਕਨੀਕ ਅਪਨਾਉਣ ਲਈ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਕਿਸਾਨ 25 ਜ਼ੂਨ ਤੱਕ ਸਰਕਾਰ ਦੇ ਪੋਰਟਲ https://agrimachinerypb.com/ ਤੇ ਆਨਲਾਈਨ ਅਪਲਾਈ ਜਰੂਰ ਕਰਨ ਤਾਂ ਜ਼ੋ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਬਸਿਡੀ ਦੇ ਸਕੇ।

ਮੁੱਖ ਖੇਤੀਬਾੜੀ ਅਫ਼ਸਰ ਜੰਗੀਰ ਸਿੰਘ ਗਿੱਲ ਨੇ ਦੱਸਿਆ ਕਿ ਕਾਸ਼ਤਕਾਰ ਕਿਸਾਨ ਸਬਸਿਡੀ ਲਈ 25 ਜ਼ੂਨ ਤੱਕ ਰਜਿਸਟੇ੍ਰੇਸ਼ਨ ਕਰਵਾ ਸਕਦੇ ਹਨ। ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 26 ਜੂਨ ਤੋਂ 15 ਜੁਲਾਈ 2023 ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ।

ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਵੀਰ ਲਿੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਨਗੇ। ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਵਿਖਾਈ ਜਾ ਰਹੀ ਹੈ। ਉਸ ਉਪਰੰਤ ਕਿਸਾਨ ਵੱਲੋਂ ਸਿਰਫ ਆਪਣੀ ਸਿੱਧੀ ਬਿਜਾਈ ਅਧੀਨ ਜਮੀਨ ਸਬੰਧੀ ਵੇਰਵਾ ਜਿਵੇਂ ਕਿ ਜ਼ਮੀਨ ਦਾ ਜ਼ਿਲ੍ਹਾ/ਤਹਿਸੀਲ—ਸਬ ਤਹਿਸੀਲ/ਪਿੰਡ/ਖੇਵਟ ਤੇ ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਜਾਂ ਬਿਗਾ) ਦਿੱਤਾ ਜਾਣਾ ਹੈ।

ਹੁਣ ਇੰਨ੍ਹਾਂ ਕਿਸਮਾਂ ਦੀ ਕਰੋ ਸਿੱਧੀ ਬਿਜਾਈ
ਮੁੱਖ ਖੇਤੀਬਾੜੀ ਅਫ਼ਸਰ ਫਾਜਿ਼ਲਕਾ ਨੇ ਦੱਸਿਆ ਕਿ ਇਸ ਸਮੇਂ ਵੀ ਕੁਝ ਕਿਸਮਾਂ ਹਨ ਜਿੰਨ੍ਹਾਂ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ ਅਤੇ ਕਿਸਾਨ 30 ਜ਼ੂਨ ਤੱਕ ਇੰਨ੍ਹਾਂ ਕਿਸਮਾਂ ਦੀ ਸਿੱਧੀ ਬਿਜਾਈ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਘੱਟ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਜਿਵੇਂ ਪੂਸਾ ਬਾਸਮਤੀ 1509, 1692 ਅਤੇ 1847 ਆਦਿ ਕਿਸਮਾਂ ਦੀ ਬਿਜਾਈ ਕਰ ਸਕਦੇ ਹਨ। ਇਸੇ ਤਰਾਂ ਜ਼ੇਕਰ ਪਰਮਲ ਝੋਨੇ ਦੀ ਕਾਸਤ ਕਰਨੀ ਹੋਵੇ ਤਾ ਪੀਆਰ 126 ਕਿਸਮ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਹ ਸਾਰੀਆਂ ਕਿਸਮਾਂ 120 ਦਿਨਾਂ ਵਿਚ ਪੱਕ ਜਾਂਦੀਆਂ ਹਨ ਅਤੇ ਅਗਲੀ ਫਸਲ ਲਈ ਖੇਤ ਸਮੇਂ ਸਿਰ ਖਾਲੀ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰ ਸਕਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਿੰਪਾ ਵੱਲੋਂ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਕਰਨ ਦੀਆਂ ਹਦਾਇਤਾਂ

‘ਦਿੱਲੀ ਨਾਲ ਯਾਰੀ’ ਵਾਲੇ ਬਿਆਨ ‘ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਭੜਕੇ ਰਾਜੋਆਣਾ