- ਇਹ ਹਰਕਤ ਨਿੰਦਣਯੋਗ ਹੈ ਕਿਉਂਕਿ ਸਾਰੇ ਕੈਦੀ ਅੰਮ੍ਰਿਤਧਾਰੀ ਹਨ
- ਕੈਦੀਆਂ ਨੂੰ ਜੇਲ੍ਹ ਮੈਨੂਅਲ ਅਨੁਸਾਰ ਮਿਲਣੀਆਂ ਚਾਹੀਦੀਆਂ ਨੇ ਸਹੂਲਤਾਂ
- ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਅਸਾਮ ਸਰਕਾਰ ਨੂੰ ਮਾਮਲੇ ਦੀ ਜਾਂਚ ਕਰਵਾਉਣ ਦੀ ਕੀਤੀ ਅਪੀਲ
ਅੰਮ੍ਰਿਤਸਰ, 1 ਜੁਲਾਈ 2023 – ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਚੱਲ ਰਹੀ ਭੁੱਖ ਹੜਤਾਲ ‘ਚ ਸਿਆਸੀ ਖਿੱਚੋਤਾਣ ਸ਼ੁਰੂ ਹੋ ਗਈ ਹੈ। ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਤੰਬਾਕੂ ਮਿਲਾ ਕੇ ਰੋਟੀ ਦੇਣਾ ਮਾੜੀ ਹਰਕਤ ਹੈ।
ਉਨ੍ਹਾਂ ਕਿਹਾ ਕਿ ਅੱਜ ਮੀਡੀਆ ਰਾਹੀਂ ਜੋ ਘਟਨਾ ਸਾਹਮਣੇ ਆਈ ਹੈ, ਉਹ ਨਿੰਦਣਯੋਗ ਹੈ ਕਿਉਂਕਿ ਸਾਰੇ ਕੈਦੀ ਅੰਮ੍ਰਿਤਧਾਰੀ ਹਨ ਅਤੇ ਉਨ੍ਹਾਂ ਨੂੰ ਜੇਲ੍ਹ ਮੈਨੂਅਲ ਅਨੁਸਾਰ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਅਸਾਮ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਨੂੰ ਆਟੇ ਵਿੱਚ ਤੰਬਾਕੂ ਮਿਲਾ ਕੇ ਖਾਣਾ ਪਰੋਸਿਆ ਜਾ ਰਿਹਾ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ।
ਉਨ੍ਹਾਂ ਕਿਹਾ ਕਿ ਇਹ ਸਿੱਖ ਨੌਜਵਾਨਾਂ ਦੇ ਧਰਮ ‘ਤੇ ਸ਼ਰੇਆਮ ਹਮਲਾ ਹੈ। ਸਿੱਖ ਕੌਮ ਅਜਿਹੀ ਘਟੀਆ ਹਰਕਤ ਨੂੰ ਨਾ ਤਾਂ ਬਰਦਾਸ਼ਤ ਕਰਦੀ ਹੈ ਅਤੇ ਨਾ ਹੀ ਭਵਿੱਖ ਵਿੱਚ ਬਰਦਾਸ਼ਤ ਕਰੇਗੀ। ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਅਸਾਮ ਸਰਕਾਰ ਨੂੰ ਅਪੀਲ ਹੈ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਹੋਰ ਕੈਦੀਆਂ ਵਾਂਗ ਜੇਲ੍ਹ ਮੈਨੂਅਲ ਅਨੁਸਾਰ ਸਹੂਲਤਾਂ ਦਿੱਤੀਆਂ ਜਾਣ।

