ਚੰਡੀਗੜ੍ਹ, 7 ਜੁਲਾਈ 2023 – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਕੱਚੇ ਅਧਿਆਪਕ ਸੰਗਠਨ ਦੇ ਨੁਮਾਇੰਦਿਆਂ ਨੂੰ ਗੱਲਬਾਤ ਲਈ ਬੁਲਾਇਆ ਹੈ। ਬੈਂਸ ਨੇ ਸਾਰੇ ਡੈਲੀਗੇਟਾਂ ਨੂੰ ਚਾਹ ਲਈ ਬੁਲਾਇਆ ਗਿਆ ਹੈ। ਇੱਥੇ ਉਨ੍ਹਾਂ ਨੂੰ ਰੈਗੂਲਰ ਕਰਨ ਸਮੇਤ ਹੋਰ ਮੁੱਦਿਆਂ ‘ਤੇ ਮੰਤਰੀ ਬੈਂਸ ਵੱਲੋਂ ਚਰਚਾ ਕੀਤੀ ਜਾਣੀ ਹੈ।
ਕੱਚੇ ਅਧਿਆਪਕ ਸਾਲਾਂ ਤੋਂ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਨੇ ਵੀ ਮਾਨ ਸਰਕਾਰ ਪ੍ਰਤੀ ਨਾਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਦੀ ਸਰਕਾਰ ਬਣਨ ’ਤੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ। ਪਰ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਕੱਚੇ ਅਧਿਆਪਕਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ।
ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਸੰਘਰਸ਼ ਨੂੰ ਵੱਡੇ ਪੱਧਰ ‘ਤੇ ਨੇਪਰੇ ਚਾੜ੍ਹਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਚੇਤਾਵਨੀ ਤੋਂ ਬਾਅਦ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਯੂਨੀਅਨ ਆਗੂਆਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਸੀ।
ਯੂਨੀਅਨ ਆਗੂਆਂ ਨੇ ਨਿਰਾਸ਼ਾ ਜ਼ਾਹਰ ਕੀਤੀ ਕਿ 15 ਸਾਲ ਸਿੱਖਿਆ ਵਿਭਾਗ ਵਿੱਚ ਨੌਕਰੀ ਕਰਨ ਤੋਂ ਬਾਅਦ ਵੀ ਪੰਜਾਬ ਸਰਕਾਰ ਕੱਚੇ ਅਧਿਆਪਕਾਂ ਨੂੰ ਆਪਣਾ ਮੁਲਾਜ਼ਮ ਮੰਨਣ ਲਈ ਤਿਆਰ ਨਹੀਂ ਹੈ। ਜਦੋਂ ਕਿ ਉਹ ਲਗਾਤਾਰ ਕਰਮਚਾਰੀਆਂ ਦੇ ਬਰਾਬਰ ਚੋਣ ਡਿਊਟੀ ਦੇ ਨਾਲ ਕਰੋਨਾ ਦੇ ਸਮੇਂ ਦੌਰਾਨ ਵਫ਼ਾਦਾਰੀ ਨਾਲ ਸੇਵਾ ਕਰਦੇ ਰਹੇ। ਯੂਨੀਅਨ ਨੇ ਪੰਜਾਬ ਸਰਕਾਰ ਤੋਂ ਕੱਚੇ ਅਧਿਆਪਕਾਂ ਨੂੰ ਜਲਦੀ ਰੈਗੂਲਰ ਕਰਨ ਦੀ ਮੰਗ ਕੀਤੀ ਹੈ।