- ਕਿਸਾਨਾਂ ਨੇ ਕੀਤੀ ਮੁਆਵਜ਼ੇ ਦੀ ਮੰਗ
ਫਾਜ਼ਿਲਕਾ, 15 ਜੁਲਾਈ 2023 – ਸ਼ੁੱਕਰਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਤੇਜਾ ਰੁਹੇਲਾ, ਢਾਣੀ ਸਾਧਾ ਸਿੰਘ, ਮੁਹਾਰ ਜਮਸ਼ੇਰ, ਵਾਲੇ ਸ਼ਾਹ ਹਿਠਾੜ ਆਦਿ ਵਿੱਚ ਹੜ੍ਹਾਂ ਦੀ ਤਬਾਹੀ ਦੇਖਣ ਨੂੰ ਮਿਲੀ। ਕਾਵਾਂ ਵਾਲੀ ਪੱਤਣ ਦੇ ਪਾਰ ਪੈਂਦੇ ਪਿੰਡਾਂ ਵਿੱਚ ਹੜ੍ਹ ਕਾਰਨ ਕਰੀਬ 2 ਹਜ਼ਾਰ ਏਕੜ ਖੜ੍ਹੀ ਫ਼ਸਲ ਪਾਣੀ ਵਿੱਚ ਡੁੱਬ ਗਈ, ਜਿਸ ਕਾਰਨ ਕਿਸਾਨਾਂ ਨੂੰ ਕਾਫੀ ਆਰਥਿਕ ਨੁਕਸਾਨ ਹੋ ਗਿਆ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਸਰਹੱਦੀ ਪਿੰਡਾਂ ਵਿੱਚ ਜਿੱਥੇ ਵੀ ਨਜ਼ਰ ਮਾਰੋ, ਚਾਰੇ ਪਾਸੇ ਪਾਣੀ ਹੀ ਪਾਣੀ ਨਜ਼ਰ ਆਉਂਦਾ ਹੈ। ਪਾਣੀ ਦੇ ਵਧਦੇ ਹੋਏ ਕਹਿਰ ਨੂੰ ਦੇਖਦਿਆਂ ਲੋਕਾਂ ਨੇ ਆਪਣਾ ਜ਼ਰੂਰੀ ਸਾਮਾਨ ਆਪਣੇ ਰਿਸ਼ਤੇਦਾਰਾਂ ਕੋਲ ਸ਼ਿਫਟ ਕਰਨਾ ਸ਼ੁਰੂ ਕਰ ਦਿੱਤਾ ਹੈ। ਪਿੰਡ ਢਾਣੀ ਸਾਧਾ ਸਿੰਘ ਵਿੱਚ ਹੜ੍ਹਾਂ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ।
ਲੋਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਕਰੀਬ 450 ਏਕੜ ਝੋਨੇ ਦੀ ਫ਼ਸਲ ਹੜ੍ਹ ਵਿੱਚ ਡੁੱਬ ਗਈ ਹੈ। ਉਨ੍ਹਾਂ ਦੇ ਪਿੰਡ ਦੇ ਕੁਝ ਘਰਾਂ ਵਿੱਚ ਵੀ ਪਾਣੀ ਵੜ ਗਿਆ ਹੈ, ਜਿਸ ਕਾਰਨ ਉਹ ਆਪਣਾ ਸਾਮਾਨ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।
ਪਿੰਡ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਨਾਲ ਲੱਗਦੇ ਕੁਝ ਪਿੰਡਾਂ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਇੱਥੋਂ ਦੀਆਂ ਫ਼ਸਲਾਂ ਵੀ ਪਾਣੀ ਵਿੱਚ ਡੁੱਬ ਗਈਆਂ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ 500 ਏਕੜ ਤੋਂ ਵੱਧ ਫਸਲ ਹੜ੍ਹ ਨਾਲ ਤਬਾਹ ਹੋ ਗਈ ਹੈ। ਢਾਣੀਆਂ ‘ਚ ਰਹਿੰਦੇ ਲੋਕਾਂ ਦੇ ਘਰਾਂ ‘ਚ ਵੀ ਪਾਣੀ ਦਾਖਲ ਹੋ ਗਿਆ ਹੈ, ਜਿਸ ਕਾਰਨ ਇਨ੍ਹਾਂ ਦੇ ਟੁੱਟਣ ਦਾ ਡਰ ਵੀ ਉਨ੍ਹਾਂ ਨੂੰ ਸਤਾ ਰਿਹਾ ਹੈ।
ਪਿੰਡ ਤੇਜਾ ਰੁਹੇਲਾ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਕਰੀਬ 400 ਏਕੜ ਫਸਲ ਹੜ੍ਹ ਦੇ ਪਾਣੀ ਨਾਲ ਤਬਾਹ ਹੋ ਗਈ ਹੈ। ਪਸ਼ੂਆਂ ਲਈ ਚਾਰੇ ਲਈ ਤਿਆਰ ਫ਼ਸਲਾਂ ਦਾ ਵੀ ਨੁਕਸਾਨ ਹੋਇਆ ਹੈ। ਰਾਮ ਸਿੰਘ ਵਾਲੀ ਭੈਣੀ ਵਿੱਚ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਜੋਗਿੰਦਰ ਸਿੰਘ ਵਾਸੀ ਪਿੰਡ ਰਾਮ ਸਿੰਘ ਵਾਲੀ ਭੈਣੀ ਤੇ ਹੋਰਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ 250 ਏਕੜ ਤੋਂ ਵੱਧ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ।