- ਪੰਜਾਬ ਭਾਜਪਾ ਪ੍ਰਧਾਨ ਨੇ ਜਾਖੜ ਨੇ ਹਰਿਆਣਾ ਨੂੰ ਕਿਹਾ- 10 ਏਕੜ ਤਾਂ ਦੂਰ, 1 ਇੰਚ ਜ਼ਮੀਨ ਵੀ ਨਹੀਂ ਦੇਵਾਂਗੇ
- ਨਾਲੇ ਕਿਹਾ ਕੇਂਦਰ ਸਰਕਾਰ ਨੂੰ ਦਖ਼ਲ ਨਹੀਂ ਦੇਣਾ ਚਾਹੀਦਾ
ਚੰਡੀਗੜ੍ਹ, 18 ਜੁਲਾਈ 2023 – ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਅਹੁਦਾ ਸੰਭਾਲਣ ਤੋਂ ਬਾਅਦ ਸੋਮਵਾਰ ਨੂੰ ਜਲੰਧਰ ਪਹੁੰਚੇ। ਇੱਥੇ ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ ਅਤੇ ਉਹ ਹਰਿਆਣਾ ਨੂੰ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਨਹੀਂ ਲੈਣ ਦੇਣਗੇ। ਚੰਡੀਗੜ੍ਹ ਵਿੱਚ ਜੋ ਕਲੋਨੀਆਂ ਕੱਟੀਆਂ ਗਈਆਂ ਹਨ, ਉਹ ਪੰਜਾਬ ਦਾ ਹੱਕ ਹੈ ਅਤੇ ਪੰਜਾਬ ਨੂੰ ਉਨ੍ਹਾਂ ਦਾ ਪੈਸਾ ਮਿਲਣਾ ਚਾਹੀਦਾ ਹੈ।
ਜਾਖੜ ਨੇ ਕਿਹਾ ਕਿ, ਭਾਵੇਂ ਹਰਿਆਣਾ ਵਿਚ ਵੀ ਭਾਜਪਾ ਦੀ ਸਰਕਾਰ ਹੈ ਅਤੇ ਹੁਣ ਉਹ ਖੁਦ ਵੀ ਪੰਜਾਬ ਭਾਜਪਾ ਦੇ ਮੁਖੀ ਹਨ। ਅਜਿਹੇ ਵਿੱਚ ਕੇਂਦਰ ਸਰਕਾਰ ਨੂੰ ਵੀ ਰਾਜ ਦੇ ਅਜਿਹੇ ਕੁੱਝ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ।
ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਦੇ ਮੁੱਦੇ ‘ਤੇ ਜਾਖੜ ਨੇ ਕਿਹਾ ਕਿ ਇਹ ਮਾਮਲਾ ਵੀ ਪੰਜਾਬ ਦਾ ਹੈ। ਹਰਿਆਣਾ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ। ਜਿੱਥੋਂ ਤੱਕ ਕੇਂਦਰ ਦੀ ਦਖ਼ਲਅੰਦਾਜ਼ੀ ਦਾ ਸਵਾਲ ਹੈ, ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਦਖ਼ਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਹੜ੍ਹ ਪ੍ਰਭਾਵਿਤ ਪੰਜਾਬ ‘ਤੇ ਬੋਲਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਫੋਟੋਸ਼ੂਟ ਕਰਵਾ ਕੇ ਲੋਕਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।