ਜੌੜਾਮਾਜਰਾ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ, ਹਰ ਸੰਭਵ ਮਦਦ ਦਾ ਭਰੋਸਾ

ਚੰਡੀਗੜ੍ਹ, 18 ਜੁਲਾਈ 2023 – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਸਰਕਾਰੀ ਅਮਲੇ ਨਾਲ ਪਿੰਡ ਵਜੀਦਪੁਰ, ਜਾਹਲਾਂ, ਬਿਸ਼ਨਪੁਰ ਛੰਨਾ, ਕੌਰਜੀਵਾਲਾ, ਕਲਿਆਣ, ਉਚਾ ਗਾਉਂ, ਇੰਦਰਪੁਰਾ, ਧਰਮਕੋਟ, ਖੇੜੀ ਮਨੀਆ, ਦੁਘਾਟ ਅਤੇ ਦਦਹੇੜਾ ਆਦਿ ਪਿੰਡਾਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਹੜ੍ਹਾਂ ਕਾਰਨ ਹੋਏ ਫ਼ਸਲਾਂ ਅਤੇ ਮਾਲੀ ਨੁਕਸਾਨ ਸਣੇ ਹੋਰ ਬੁਨਿਆਦੀ ਢਾਂਚੇ ਨੂੰ ਪੁੱਜੇ ਨੁਕਸਾਨ ਦਾ ਜਾਇਜ਼ਾ ਲਿਆ।

ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਤੌਰ ‘ਤੇ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਂਦਿਆਂ ਹੜ੍ਹਾਂ ਕਾਰਨ ਲੋਕਾਂ ਨੂੰ ਦਰਪੇਸ਼ ਅਸਲ ਚੁਣੌਤੀਆਂ ਬਾਰੇ ਜਾਨਣ ਲਈ ਪਿੰਡਾਂ ਵਾਸੀਆਂ ਨਾਲ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਇਨ੍ਹਾਂ ਹੜ੍ਹਾਂ ਨੇ ਖੜ੍ਹੀਆਂ ਫ਼ਸਲਾਂ, ਪਸ਼ੂਆਂ ਅਤੇ ਘਰਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਜਿਸ ਨਾਲ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

ਆਪਣੇ ਦੌਰੇ ਦੌਰਾਨ ਸ. ਜੌੜਾਮਾਜਰਾ ਨੇ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪਹਿਲਾਂ ਵੀ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ ਜਾਣੂ ਕਰਵਾਇਆ ਹੈ ਅਤੇ ਅਪੀਲ ਕੀਤੀ ਹੈ ਕਿ ਰਾਹਤ ਅਤੇ ਮੁੜ-ਵਸੇਬਾ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਮੌਕੇ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹੜ੍ਹਾਂ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ ਹੈ ਪਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਕੁਦਰਤੀ ਆਫ਼ਤ ਦੇ ਪ੍ਰਭਾਵ ਨੂੰ ਘੱਟ ਕਰਦਿਆਂ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਲੋੜੀਂਦੀ ਰਾਹਤ ਅਤੇ ਸਹਾਇਤਾ ਪ੍ਰਦਾਨ ਕੀਤੀ ਜਾਵੇ।

ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਹੜ੍ਹਾਂ ਦੇ ਪਾਣੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਸਮੇਤ ਲੋਕਾਂ ਦੇ ਹੋਰ ਮਾਲੀ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦਿੱਤੇ ਹਨ ਜਿਸ ਨਾਲ ਪ੍ਰਭਾਵੀ ਰਾਹਤ ਉਪਾਅ ਤਿਆਰ ਕਰਨ ਸਮੇਤ ਪ੍ਰਭਾਵਿਤ ਕਿਸਾਨਾਂ ਅਤੇ ਵਸਨੀਕਾਂ ਨੂੰ ਤੁਰੰਤ ਸਹਾਇਤਾ ਵੰਡਣ ਵਿੱਚ ਮਦਦ ਮਿਲੇਗੀ।

ਹੜ੍ਹਾਂ ਤੋਂ ਬਚਾਅ ਲਈ ਭਵਿੱਖੀ ਰਣਨੀਤੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਦਰੱਖ਼ਤ ਅਤੇ ਹੋਰ ਕੂੜਾ-ਕਰਕਟ ਕਰਕੇ ਬੰਦ ਹੋਈ ਝੰਬੋ ਡਰੇਨ ਦੀ ਲੋੜੀਂਦੀ ਸਫ਼ਾਈ ਕਰਵਾਈ ਜਾਵੇਗੀ ਅਤੇ ਇਸ ਨੂੰ ਚੌੜਾ ਕਰਨ ਸਣੇ ਇਸ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਜਿੱਥੇ ਲੋੜ ਹੋਈ, ਉਥੇ ਨਵੀਂਆਂ ਪਾਈਪਾਂ ਪਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਬਣੇ ਸਾਈਫ਼ਨਾਂ ਦੇ ਬੰਦ ਹੋਣ ਕਰਕੇ ਪਾਣੀ ਦੇ ਕੁਦਰਤੀ ਵਹਾਅ ਵਿੱਚ ਜਿੱਥੇ ਕਿਤੇ ਰੋਕ ਲੱਗੀ ਹੈ, ਉਹ ਬਹਾਲ ਕਰਕੇ ਲੋੜ ਮੁਤਾਬਕ ਸੜਕਾਂ ਉਤੇ ਨਵੇਂ ਸਾਈਫ਼ਨ ਵੀ ਬਣਾਏ ਜਾਣਗੇ ਤਾਂ ਜੋ ਪਾਣੀ ਦੇ ਕੁਦਰਤੀ ਵਹਾਅ ਵਿੱਚ ਰੋਕ ਨਾ ਲੱਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਹੜ੍ਹ ਪ੍ਰਭਾਵਿਤ ਖੇਤਰ ਦੇ ਮੁੜ-ਵਸੇਬੇ ਲਈ ਹਰ ਲੋੜੀਂਦੀ ਸਹਾਇਤਾ ਅਤੇ ਸਾਧਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਸੂਚਨਾ ਅਤੇ ਲੋਕ ਸੰਪਰਕ ਮੰਤਰੀ ਨੇ ਲੋਕਾਂ ਨੂੰ ਇਸ ਔਖੇ ਸਮੇਂ ਦੌਰਾਨ ਦਲੇਰੀ ਨਾਲ ਕੰਮ ਲੈਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੀ ਜ਼ਿੰਦਗੀ ਨੂੰ ਆਮ ਵਾਂਗ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ।

ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਬਲਕਾਰ ਸਿੰਘ ਰਾਜਗੜ੍ਹ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

Hoshiarpur ‘ਚ ਸੁਨੀਲ ਜਾਖੜ ਦਾ ਵਿਰੋਧ, ਦਿਖਾਏ ਕਾਲੇ ਝੰਡੇ

NRI ਨੌਜਵਾਨ ਦਾ ਲੁਧਿਆਣਾ ‘ਚ ਕ+ਤ+ਲ, ਘਰ ਜਾਂਦੇ ਹੋਏ ‘ਤੇ ਰਸਤੇ ‘ਚ ਬਾਈਕ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ