- ਭਾਜਪਾ ਅਤੇ ‘ਆਪ’ ਨੂੰ ਸਾਡੇ ਪਵਿੱਤਰ ਗ੍ਰੰਥਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਤੇ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣਾ ਚਾਹੀਦਾ ਹੈ: ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ੍ਹ, 19 ਜੁਲਾਈ, 2023: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਭਾਜਪਾ ਅਤੇ ‘ਆਪ’ ਦੇ ਸੂਬਾ ਪ੍ਰਧਾਨਾਂ ਅਤੇ ਆਗੂਆਂ ਨੂੰ ਪਵਿੱਤਰ ਗ੍ਰੰਥਾਂ ਦੀ ਬੇਅਦਬੀਆਂ ਤੇ ਰੋਕ ਯਕੀਨੀ ਬਣਾਉਣ ਅਤੇ ਕੇਂਦਰ ਸਰਕਾਰ ‘ਤੇ ਦਬਾਅ ਪਾ ਕੇ ਸੂਬੇ ‘ਚ ਬੇਅਦਬੀ ਦੀਆਂ ਕੋਸ਼ਿਸ਼ਾਂ ਨੂੰ ਖਤਮ ਕਰਨ ਲਈ ਆਪਣੇ ਅਹੁਦੇ ਦੀ ਵਰਤੋਂ ਕਰਨ।
ਅੱਜ ਇੱਕ ਟਵੀਟ ਵਿੱਚ, ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ 2021 ਵਿੱਚ ਗ੍ਰਹਿ ਮੰਤਰਾਲੇ ਨੂੰ ਭੇਜੇ ਇੱਕ ਪੱਤਰ ਨੂੰ ਸਾਂਝਾ ਕਰਦੇ ਹੋਏ, ‘ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ 2018, ਅਤੇ ਫੌਜਦਾਰੀ ਜਾਬਤਾ (ਪੰਜਾਬ ਸੋਧ) ਬਿੱਲ 2018 ਬਾਰੇ ਜ਼ਿਕਰ ਕੀਤਾ। ਉਹਨਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਇਹ ਮੁੱਦਾ ਕੇਂਦਰ ਕੋਲ ਉਠਾਉਣ ਅਤੇ ਇਸ ਬਿੱਲ ਨੂੰ ਜਲਦੀ ਤੋਂ ਜਲਦੀ ਪਾਸ ਕਰਵਾਉਣ ਤਾਂ ਜੋ ਧਾਰਮਿਕ ਦੀਆਂ ਬੇਅਦਬੀਆਂ ਨੂੰ ਰੋਕਿਆ ਜਾ ਸਕੇ।
ਰੰਧਾਵਾ ਜੀ ਨੇ ਆਪਣੇ ਟਵੀਟ ਵਿੱਚ ਜ਼ਿਕਰ ਕੀਤਾ ਕਿ ਪੰਜਾਬ ਕਾਂਗਰਸ ਵੱਲੋਂ ਸੂਬੇ ਵਿੱਚ ਆਪਣੇ ਸ਼ਾਸਨ ਦੌਰਾਨ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤੇ ਗਏ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਮਾਣਯੋਗ ਰਾਜਪਾਲ ਜੀ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕੋਸ਼ਿਸ਼ਾਂ ਨੂੰ ਖ਼ਤਮ ਕਰਨ ਲਈ ਮੌਜੂਦਾ ਸਜ਼ਾ ਦੇ ਪ੍ਰਬੰਧਾਂ ਵਿੱਚ ਸੋਧਾਂ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ। ਰੰਧਾਵਾ ਜੀ ਨੇ ਸਾਬਕਾ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਇਹ ਮੁੱਦਾ ਉਠਾਇਆ ਗਿਆ ਸੀ ਅਤੇ ਬਿੱਲ ਪਾਸ ਕੀਤੇ ਗਏ ਸਨ, ਉਨ੍ਹਾਂ ਨੂੰ ਕਿਹਾ ਕਿ ਉਹ ਧਰਮ ਲਈ ਆਵਾਜ਼ ਉਠਾਉਣ ਅਤੇ ਇਨ੍ਹਾਂ ਬਿੱਲਾਂ ਨੂੰ ਪਾਸ ਕਰਵਾਉਣ ਲਈ ਹੁਣ ਅਵਾਜ਼ ਬੁਲੰਦ ਕਰਨ ਜੋ ਭਾਰਤ ਦੇ ਰਾਸ਼ਟਰਪਤੀ ਦੀ ਮਨਜ਼ੂਰੀ ਦੀ ਉਡੀਕ ਕਰ ਰਹੇ ਹਨ।
ਇਹ ਕਹਿੰਦਿਆਂ ਕਿ ਕਾਂਗਰਸ ਪਾਰਟੀ ਸੂਬੇ ਵਿੱਚ ਹਾਲ ਹੀ ਵਿੱਚ ਬੇਅਦਬੀ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹੈ, ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰੰਥਾਂ ਦੀ ਪਵਿੱਤਰਤਾ ਦੀ ਰਾਖੀ ਕਰਨਾ ਹਰੇਕ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਕੋਸ਼ਿਸ਼ਾਂ ਨੂੰ ਠੱਲ੍ਹ ਪਾਉਣ ਲਈ ਅਤੇ ਇਸ ਖਤਰੇ ਨਾਲ ਲੜਨ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਸਖ਼ਤ ਕਾਨੂੰਨ ਲਾਗੂ ਕੀਤੇ ਜਾਣੇ ਚਾਹੀਦੇ ਹਨ। ਸੀਨੀਅਰ ਆਗੂ ਨੇ ਇਹ ਵੀ ਕਿਹਾ ਕਿ ਇਹ ਕੋਸ਼ਿਸ਼ਾਂ ਧਾਰਮਿਕ ਆਜ਼ਾਦੀ ਅਤੇ ਸਮਾਜ ਦੇ ਤਾਣੇ-ਬਾਣੇ ‘ਤੇ ਹਮਲਾ ਹੈ।
ਸਾਬਕਾ ਕਾਂਗਰਸੀ ਆਗੂਆਂ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕਰਨ ਤੋਂ ਇਲਾਵਾ, ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ ਨੂੰ ਉਠਾਉਣ ਲਈ ਆਪਣੇ ਅਹੁਦੇ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਲੋਕਾਂ ਲਈ ਬਹੁਤ ਅਹਿਮ ਹੈ ਅਤੇ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਬਿੱਲ ਪਾਸ ਕਰਵਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿਉਂਕਿ ਅਸੀਂ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਰੰਧਾਵਾ ਨੇ ਅੱਗੇ ਕਿਹਾ ਕਿ ਜੇਕਰ ਬਿੱਲ ਪਾਸ ਹੋ ਜਾਂਦੇ ਹਨ, ਤਾਂ ਸਾਡੀਆਂ ਪਵਿੱਤਰ ਕਿਤਾਬਾਂ ਨੂੰ ਹੋਰ ਬੇਅਦਬੀ ਤੋਂ ਬਚਾਇਆ ਜਾ ਸਕਦਾ ਹੈ।