ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਵੱਲ ਵਧ ਰਿਹਾ ਪੰਜਾਬ, CM ਮਾਨ ਨੇ 72 ਪ੍ਰਿੰਸੀਪਲਾਂ ਦੇ ਤੀਜੇ ਤੇ ਚੌਥੇ ਬੈਚ ਨੂੰ ਸਿੰਗਾਪੁਰ ਕੀਤਾ ਰਵਾਨਾ

  • ਪ੍ਰਿੰਸੀਪਲਾਂ ਦਾ ਸਿੰਗਾਪੁਰ ਦੌਰਾ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਮੀਲ ਪੱਥਰ ਸਾਬਤ ਹੋਵੇਗਾ
  • ਅਜਿਹੇ ਉਪਰਾਲੇ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿਚ ਸਹਾਈ ਹੋਣਗੇ

ਚੰਡੀਗੜ੍ਹ, 22 ਜੁਲਾਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਨਵੀਂ ਸਿੱਖਿਆ ਕ੍ਰਾਂਤੀ ਵੱਲ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ।

ਅੱਜ ਇੱਥੋਂ 72 ਪ੍ਰਿੰਸੀਪਲਾਂ ਦੇ ਤੀਜੇ ਤੇ ਚੌਥੇ ਬੈਚ ਨੂੰ ‘ਸਿੰਗਾਪੁਰ ਪ੍ਰਿੰਸੀਪਲਜ਼ ਟ੍ਰੇਨਿੰਗ ਅਕੈਡਮੀ’ ਲਈ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੀ ਉਨ੍ਹਾਂ ਵੱਲੋਂ ਦਿੱਤੀ ਗਾਰੰਟੀ ਦੇ ਮੁਤਾਬਕ ਇਨ੍ਹਾਂ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 72 ਪ੍ਰਿੰਸੀਪਲਾਂ ਵਿੱਚੋਂ 92-93 ਫੀਸਦੀ ਪ੍ਰਿੰਸੀਪਲ ਪਹਿਲੀ ਵਾਰ ਵਿਦੇਸ਼ ਜਾ ਰਹੇ ਹਨ ਜਿਸ ਨਾਲ ਉਨ੍ਹਾਂ ਦਾ ਦੌਰਾ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ ਲਈ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਿਦਿਆਰਥੀ ਪੰਜਾਬ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰ ਸਕਣ, ਜਿਸ ਨਾਲ ਉਹ ਆਪਣੇ ਕਾਨਵੈਂਟ ਸਕੂਲਾਂ ਵਿਚ ਪੜ੍ਹੇ ਰਹੇ ਹਾਣੀਆਂ ਦਾ ਮੁਕਾਬਲਾ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ, ਜਿੱਥੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਅਤੇ ਵਿਦਿਆਰਥੀ ਇਸਰੋ ਵਿਖੇ ਚੰਦਰਯਾਨ-3 ਵਰਗੇ ਸ਼ਾਨਦਾਰ ਮੌਕਿਆਂ ਦੇ ਗਵਾਹ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ‘ਸਕੂਲ ਆਫ ਐਮੀਨੈਂਸ’ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਦਿਅਕ ਅਤੇ ਸਿਲੇਬਸ ਤੋਂ ਬਾਹਰੀ ਗਤੀਵਿਧੀਆਂ ਦੇ ਕੇਂਦਰ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਉਦੇਸ਼ ਸੂਬੇ ਵਿੱਚ ਵਿਦੇਸ਼ ਜਾ ਰਹੇ ਨੌਜਵਾਨਾਂ ਦੇ ਰੁਝਾਨ ਨੂੰ ਖਤਮ ਕਰਨਾ ਅਤੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰਨਗੇ ਅਤੇ ਸੂਬੇ ਦਾ ਨਾਂ ਰੌਸ਼ਨ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਵਧੀਆ ਕੋਚ ਅਤੇ ਸਿੱਖਿਆ ਦੇ ਖੇਤਰ ਵਿੱਚ ਅਧਿਆਪਕ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮਨੋਰਥ ਹਰ ਖੇਤਰ ਵਿੱਚ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਇਨ੍ਹਾਂ ਖੇਤਰਾਂ ਵਿੱਚ ਨਵੀਆਂ ਬੁਲੰਦੀਆਂ ਨੂੰ ਸਰ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਵਿੱਚ ਅਥਾਹ ਸਮਰੱਥਾ ਹੈ ਅਤੇ ਜੇਕਰ ਉਨ੍ਹਾਂ ਨੂੰ ਸਹੀ ਸੇਧ ਦਿੱਤੀ ਜਾਵੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰ ਸਕਦੇ ਹਨ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸਿਖਲਾਈ ਦੌਰਾਨ ਇਨ੍ਹਾਂ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਅਧਿਆਪਨ ਮੁਹਾਰਤ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਪਸੀ ਤੋਂ ਬਾਅਦ ਇਹ ਪ੍ਰਿੰਸੀਪਲ ਵਿਦਿਆਰਥੀਆਂ ਅਤੇ ਆਪਣੇ ਸਹਿਯੋਗੀਆਂ ਨਾਲ ਤਜਰਬਾ ਸਾਂਝਾ ਕਰਨਗੇ ਤਾਂ ਕਿ ਅਧਿਆਪਕ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀ ਸਿੱਖਿਆ ਬਾਰੇ ਜਾਣੂੰ ਕਰਵਾ ਸਕਣ। ਭਗਵੰਤ ਮਾਨ ਨੇ ਉਮੀਦ ਨਾਲ ਕਿਹਾ ਕਿ ਇਸ ਨਾਲ ਸੂਬੇ ਦੇ ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਵੇਕਲੀ ਪਹਿਲ ਹੈ ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਪ੍ਰਿੰਸੀਪਲ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਬਦਲਾਅ ਦੇ ਦੂਤ ਵਜੋਂ ਕੰਮ ਕਰਨਗੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮਿਲਣ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਆਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਦਾ ਪਹਿਲਾ ਬੈਚ ਫਰਵਰੀ ਵਿੱਚ ਸਿਖਲਾਈ ਲਈ ਸਿੰਗਾਪੁਰ ਗਿਆ ਸੀ ਜਦਕਿ ਦੂਜੇ ਬੈਚ ਨੇ ਮਾਰਚ ਵਿੱਚ ਸਿੰਗਾਪੁਰ ਦਾ ਦੌਰਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸਿੰਗਾਪੁਰ ਵਿਖੇ ਪੰਜ ਦਿਨਾਂ ਦੀ ਸਿਖਲਾਈ ਤੋਂ ਬਾਅਦ ਪ੍ਰਿੰਸੀਪਲਾਂ ਦਾ ਤੀਜਾ ਅਤੇ ਚੌਥਾ ਬੈਚ 29 ਜੁਲਾਈ ਨੂੰ ਦੇਸ਼ ਪਰਤ ਆਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਪ੍ਰਿੰਸੀਪਲਾਂ ਤੋਂ ਸਿਖਲਾਈ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਸਨ ਅਤੇ ਇਨ੍ਹਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਅਤਿ-ਆਧੁਨਿਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਅਹਿਮ ਅਹੁਦਿਆਂ ‘ਤੇ ਸੇਵਾ ਨਿਭਾਉਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ।
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਵੀ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ਗੈਸ ਲੀਕ ਮਾਮਲੇ ‘ਚ 11 ਮੌ+ਤਾਂ ਲਈ ਕੋਈ ਜ਼ਿੰਮੇਵਾਰ ਨਹੀਂ: ਜ਼ਿਲ੍ਹਾ ਪ੍ਰਸ਼ਾਸਨ ਦੀ ਰਿਪੋਰਟ ‘ਚ ਸਾਰੇ ਵਿਭਾਗਾਂ ਨੂੰ ਕਲੀਨ ਚਿੱਟ

ਮੁਹੱਰਮ ਮੌਕੇ 29 ਜੁਲਾਈ ਨੂੰ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ