”ਰਿੰਕੂ ਨੇ ਕਿਹਾ ਕਿ ਇਹ ਕਾਰਵਾਈ ਲੋਕਾਂ ਦੀ ਆਵਾਜ਼ ਬੁਲੰਦ ਕਰਦਿਆਂ ਹੋਈ ਹੈ, ਇਸ ਲਈ ਉਨ੍ਹਾਂ ਨੂੰ ਇਸ ਦਾ ਕੋਈ ਅਫ਼ਸੋਸ ਨਹੀਂ ਹੈ”
ਨਵੀਂ ਦਿੱਲੀ, 4 ਅਗਸਤ 2023 – ਦਿੱਲੀ ਸਰਵਿਸਿਜ਼ ਬਿੱਲ ਨੂੰ ਲੋਕ ਸਭਾ ‘ਚ ਪਾਸ ਕਰ ਦਿੱਤਾ ਗਿਆ ਹੈ। ਵੋਟਿੰਗ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰ ਸਦਨ ਤੋਂ ਵਾਕਆਊਟ ਕਰ ਗਏ।
ਇਸ ਦੌਰਾਨ ਜਦੋਂ ਵੋਟਿੰਗ ਹੋ ਰਹੀ ਸੀ ਅਤੇ ਜਦੋਂ ਸਪੀਕਰ ਓਮ ਬਿਰਲਾ ਬੋਲ ਰਹੇ ਸਨ ਤਾਂ ‘ਆਪ’ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ ‘ਤੇ ਕਾਗਜ਼ ਪਾੜ ਕੇ ਸੁੱਟ ਦਿੱਤੇ। ਇਸ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਪੂਰੇ ਸੈਸ਼ਨ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਲੋਕ ਸਭਾ ਵਿੱਚ ਸੁਸ਼ੀਲ ਕੁਮਾਰ ਰਿੰਕੂ ਇਕੋ-ਇਕ ਸੰਸਦ ਮੈਂਬਰ ਸਨ।

ਉਥੇ ਹੀ ਲੋਕ ਸਭਾ ਦੇ ਮਾਨਸੂਨ ਸੈਸ਼ਨ ਤੋਂ ਸਸਪੈਂਡ ਕੀਤੇ ਜਾਣ ਮਗਰੋਂ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਸ਼ੀਲ ਰਿੰਕੂ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਇਹ ਕਾਰਵਾਈ ਲੋਕਾਂ ਦੀ ਆਵਾਜ਼ ਬੁਲੰਦ ਕਰਦਿਆਂ ਹੋਈ ਹੈ, ਇਸ ਲਈ ਉਨ੍ਹਾਂ ਨੂੰ ਇਸ ਦਾ ਕੋਈ ਅਫ਼ਸੋਸ ਨਹੀਂ ਹੈ।
