ਚੰਡੀਗੜ੍ਹ, 11 ਅਗਸਤ 2023 – ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਹੈ। ਪਾਰਟੀ ਸੂਤਰਾਂ ਅਨੁਸਾਰ ਦੋ ਮੰਤਰੀਆਂ ਨੂੰ ਹਟਾ ਕੇ ਨਵੇਂ ਵਿਧਾਇਕਾਂ ਨੂੰ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਰਹੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ‘ਤੇ ਗਾਜ ਡਿੱਗ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੂੰ ਮੰਤਰੀ ਮੰਡਲ ਦੇ ਫੇਰਬਦਲ ਲਈ ਹਾਈਕਮਾਂਡ ਤੋਂ ਹਰੀ ਝੰਡੀ ਮਿਲ ਗਈ ਹੈ। ਗੰਭੀਰ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਮੰਤਰੀਆਂ ਬਾਰੇ ਪਾਰਟੀ ਕੋਈ ਸਖ਼ਤ ਫੈਸਲਾ ਲੈ ਸਕਦੀ ਹੈ। ਜਿਨ੍ਹਾਂ ਦੋ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ, ਉਨ੍ਹਾਂ ਵਿੱਚੋਂ ਇੱਕ ਮਾਝਾ ਅਤੇ ਇੱਕ ਮਾਲਵਾ ਤੋਂ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਸਿਵਲ ਸਕੱਤਰੇਤ-1 ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਬੈਠਕ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ, ਬੋਰਡ ਕਾਰਪੋਰੇਸ਼ਨਾਂ ਦੇ ਕੰਮਕਾਜ ਦੀ ਸਮੀਖਿਆ ਸਮੇਤ ਹੋਰ ਕਈ ਏਜੰਡੇ ਵਿਚਾਰੇ ਜਾਣਗੇ।