ਰੋਪੜ, 18 ਅਗਸਤ 2023 – ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ, ਜਿਸ ਕਾਰਨ ਰੋਪੜ ਜ਼ਿਲ੍ਹੇ ਦੇ 37 ਸਕੂਲਾਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਡੀਸੀ ਰੋਪੜ ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ 37 ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਵਿੱਚ ਰੁੱਝੇ ਹੋਏ ਹਨ। ਰੋਪੜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜਾਂ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਭਾਖੜਾ ਡੈਮ ਤੋਂ ਲਗਾਤਾਰ 5 ਦਿਨਾਂ ਤੋਂ ਪਾਣੀ ਛੱਡੇ ਜਾਣ ਕਾਰਨ ਹੜ੍ਹਾਂ ਦਾ ਖ਼ਤਰਾ ਵੱਧ ਗਿਆ ਹੈ।
ਸੀਐਮ ਭਗਵੰਤ ਮਾਨ ਨੇ ਸਥਿਤੀ ਕਾਬੂ ਵਿੱਚ ਹੋਣ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਕੀਤੇ ਜਾਣਗੇ। ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ‘ਚ ਲੱਗੇ ਹੋਏ ਹਨ।
ਸੀਐਮ ਮਾਨ ਸਮੇਤ ਹੋਰ ਮੰਤਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਾ ਘਬਰਾਉਣ, ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਸਰਕਾਰ ਦੇ ਐਲਾਨ ਤੋਂ ਇਲਾਵਾ ਕਿਸੇ ਵੀ ਵੀਡੀਓ ਜਾਂ ਸੰਦੇਸ਼ ‘ਤੇ ਭਰੋਸਾ ਨਾ ਕਰਨ ਲਈ ਕਿਹਾ ਹੈ।