- ਪਟਿਆਲਾ ‘ਚ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦੀ ਸਿਹਤ ਮੰਤਰੀ ਨੇ ਕੀਤੀ ਅਗਵਾਈ
- ਕਿਹਾ, ਡੇਂਗੂ ਤੇ ਮਲੇਰੀਆਂ ਤੋਂ ਬਚਾਅ ਲਈ ਹਰੇਕ ਨਾਗਰਿਕ ਦਾ ਜਾਗਰੂਕ ਹੋਣ ਜ਼ਰੂਰੀ
- ਖੜ੍ਹੇ ਪਾਣੀ ਦੇ ਸਰੋਤਾਂ ਨੂੰ ਹਫ਼ਤੇ ‘ਚ ਹਰੇਕ ਸ਼ੁੱਕਰਵਾਰ ਖਾਲੀ ਕਰਕੇ ਡੇਂਗੂ ਵਰਗੀ ਬਿਮਾਰੀ ਤੋਂ ਕੀਤਾ ਜਾ ਸਕਦੈ ਬਚਾਅ : ਡਾ. ਬਲਬੀਰ ਸਿੰਘ
ਪਟਿਆਲਾ, 18 ਅਗਸਤ 2023 – ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦੀ ਪਟਿਆਲਾ ਵਿਖੇ ਖੁਦ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਪਟਿਆਲਾ ਸ਼ਹਿਰ ਦੇ ਹੀਰਾ ਬਾਗ ਖੇਤਰ ਵਿਚ ਡੇਂਗੂ ਮੱਛਰ ਦੇ ਲਾਰਵੇ ਦੀਆਂ ਜਾਂਚ ਟੀਮ ਦੀ ਅਗਵਾਈ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਡੇਂਗੂ ਤੇ ਮਲੇਰੀਆਂ ਵਰਗੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਹੀਰਾ ਬਾਗ ਖੇਤਰ ਵਿੱਚ ਫੈਕਟਰੀ, ਘਰਾਂ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਫਰਿਜ, ਕੂਲਰ, ਫੁੱਲਾਂ ਦੇ ਗਮਲੇ, ਪਾਰਕਾਂ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਹਤ ਮੰਤਰੀ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਜਿਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਲਾਉਣ। ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ਚ ਖੜ੍ਹਾ ਪਾਣੀ, ਫਰਿਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾਅ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖਾਣਾ ਬਣਾਉਣ/ਤਲਣ ਲਈ ਵਰਤਿਆ ਜਾਂਦਾ ਤੇਲ ਜਦੋਂ ਵਰਤੋਂ ਯੋਗ ਨਾ ਰਹੇ ਤਾਂ ਅਸੀਂ ਉਸ ਨੂੰ ਵੀ ਖੜ੍ਹੇ ਪਾਣੀ ਵਿੱਚ ਮਿਲਾ ਕੇ ਡੇਂਗੂ ਮੱਛਰ ਦੇ ਲਾਰਵੇ ਨੂੰ ਖਤਮ ਕਰ ਸਕਦੇ ਹਾਂ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ 1300 ਬੈੱਡ ਡੇਂਗੂ ਦੇ ਮਰੀਜ਼ਾਂ ਲਈ ਰਾਖਵੇ ਰੱਖੇ ਗਏ ਹਨ। ਡਾ. ਬਲਬੀਰ ਸਿੰਘ ਨੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੇ ਮੁਹੱਲਿਆਂ ਤੇ ਪਿੰਡਾਂ ਵਿੱਚ ਲੋਕਾਂ ਨੂੰ ਅਜਿਹੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਕੇ ਇਸ ਮੁਹਿੰਮ ਦੀ ਅਗਵਾਈ ਕਰਨ। ਇਸ ਮੌਕੇ ਡਾ. ਜਤਿੰਦਰ ਕਾਂਸਲ ਤੇ ਡਾ. ਸੁਮਿਤ ਸਿੰਘ ਸਮੇਤ ਸਿਹਤ ਵਿਭਾਗ ਦਾ ਅਮਲਾ ਮੌਜੂਦ ਸੀ।
ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 36 ਹਜ਼ਾਰ 490 ਘਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ 510 ਘਰਾਂ ਵਿੱਚ ਲਾਰਵਾਂ ਪਾਇਆ ਗਿਆ ਜਿਸ ਨੂੰ ਟੀਮਾਂ ਵੱਲੋਂ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ 111 ਡੇਂਗੂ ਦੇ ਕੇਸ ਰਿਪੋਰਟ ਹੋਏ ਹਨ।