85 ਕਿਸਾਨ ਆਗੂ ਪੰਜਾਬ ਪੁਲਿਸ ਨੇ ਹਿਰਾਸਤ ‘ਚ ਲਏ: ਕਿਸਾਨਾਂ ਨੇ ਚੰਡੀਗੜ੍ਹ ਵੱਲ ਮਾਰਚ ਕੀਤਾ ਮੁਲਤਵੀ, ਮੀਟਿੰਗ ਤੋਂ ਬਾਅਦ ਹੋਵੇਗਾ ਫੈਸਲਾ

  • ਟੋਲ ਪਲਾਜ਼ਾ ਫ੍ਰੀ ਕਰਾਏ ਗਏ

ਚੰਡੀਗੜ੍ਹ, 23 ਅਗਸਤ 2023 – ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਸੀ, ਜਿਸ ਤੋਂ ਬਾਅਦ 85 ਦੇ ਕਰੀਬ ਕਿਸਾਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ। ਫਿਲਹਾਲ ਕਿਸਾਨ ਆਗੂਆਂ ਨੇ ਚੰਡੀਗੜ੍ਹ ਵੱਲ ਜਾਣ ਦਾ ਫੈਸਲਾ ਟਾਲ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਮੀਟਿੰਗ ਤੋਂ ਬਾਅਦ ਕੋਈ ਫੈਸਲਾ ਲੈਣਗੇ।

ਅੰਮ੍ਰਿਤਸਰ, ਜਲੰਧਰ ਤੇ ਤਰਨਤਾਰਨ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਟੋਲ ਪਲਾਜ਼ਿਆਂ ’ਤੇ ਕਿਸਾਨ ਬੈਠੇ ਹਨ। ਦੂਜੇ ਪਾਸੇ ਮੋਗਾ ਅਤੇ ਸੰਗਰੂਰ ਵਿੱਚ ਲੌਂਗੋਵਾਲ ਥਾਣੇ ਦੇ ਬਾਹਰ ਪੱਕੇ ਮੋਰਚੇ ਲਾਏ ਗਏ ਹਨ। ਇਸ ਸੰਦੇਸ਼ ਨੂੰ ਫੈਲਣ ਤੋਂ ਰੋਕਣ ਲਈ ਕਿਸਾਨ ਆਗੂਆਂ ਦੇ ਸੋਸ਼ਲ ਮੀਡੀਆ ਖਾਤੇ ਵੀ ਰੋਕ (ਆਰਜ਼ੀ ਤੌਰ ‘ਤੇ ਬਲੌਕ ਕਰ) ਦਿੱਤੇ ਗਏ ਹਨ। ਕਿਸਾਨ ਆਗੂ ਰਮਨਦੀਪ ਸਿੰਘ ਮਾਨ ਪਿੰਡ ਸੇਵੇਰਾ ਦੇ ਖਾਤੇ ਬੰਦ ਕਰ ਦਿੱਤੇ ਗਏ ਹਨ।

ਕਿਸਾਨਾਂ ਨੇ ਟੋਲ ਪਲਾਜ਼ਿਆਂ ਦੇ ਗੇਟ ਖੋਲ੍ਹ ਕੇ ਫਾਸਟੈਗ ਸਕੈਨਰ ਬੰਦ ਕਰ ਦਿੱਤੇ ਹਨ। ਤਰਨਤਾਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਨੇ ਕਿਹਾ ਕਿ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਸਮੇਤ ਬਹੁਤੇ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਕੁਝ ਛਾਪੇਮਾਰੀ ਕਰਨ ਵਾਲੀਆਂ ਪੁਲੀਸ ਪਾਰਟੀਆਂ ਨੂੰ ਚਕਮਾ ਦੇਣ ਵਿੱਚ ਕਾਮਯਾਬ ਹੋ ਗਏ ਹਨ।

ਕਿਸਾਨ ਆਗੂਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਸਵਿੰਦਰ ਸਿੰਘ ਚੁਤਾਲਾ, ਰਣਜੋਧ ਸਿੰਘ ਗੱਗੋਬੂਆ, ਤਰਸੇਮ ਸਿੰਘ ਧਾਲੀਵਾਲ ਅਤੇ ਮੁਖਤਿਆਰ ਸਿੰਘ ਬਿਹਾਰੀਪੁਰ ਸ਼ਾਮਲ ਹਨ। ਪੁਲੀਸ ਨੇ ਕਿਸਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੂੰ ਘਰ ਅੰਦਰੋਂ ਹਿਰਾਸਤ ਵਿੱਚ ਲੈ ਲਿਆ ਗਿਆ।

ਕਿਸਾਨਾਂ ਦਾ ਦੋਸ਼ ਹੈ ਕਿ ਸਰਕਾਰ ਕਿਸਾਨਾਂ ਦੇ ਇੰਨੀ ਵਿਰੋਧੀ ਹੈ ਕਿ ਉਨ੍ਹਾਂ ਨੂੰ ਲੱਭਣ ਲਈ ਬੱਸਾਂ ਵਿੱਚ ਤਲਾਸ਼ੀ ਲਈ ਜਾ ਰਹੀ ਹੈ। ਪੁਲੀਸ ਨੇ ਜਲੰਧਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬੱਸਾਂ ਦੀ ਚੈਕਿੰਗ ਕੀਤੀ। ਲੋਕਾਂ ਦੀਆਂ ਟਿਕਟਾਂ ਅਤੇ ਆਈਡੀ ਚੈੱਕ ਕੀਤੀਆਂ ਗਈਆਂ ਤਾਂ ਜੋ ਕੋਈ ਵੀ ਕਿਸਾਨ ਬੱਸਾਂ ਵਿੱਚ ਬੈਠ ਕੇ ਵੀ ਚੰਡੀਗੜ੍ਹ ਵੱਲ ਨਾ ਜਾ ਸਕਣ।

ਮੋਗਾ, ਫਿਰੋਜ਼ਪੁਰ, ਬਠਿੰਡਾ ਅਤੇ ਫਰੀਦਕੋਟ ਦੇ ਕਿਸਾਨਾਂ ਨੂੰ ਮੋਗਾ ਦੇ ਮਹਿਣੇ ਨੇੜੇ ਮੋਰਚੇ ’ਤੇ ਪਹੁੰਚਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸੰਗਰੂਰ ਦੇ ਲੌਂਗੋਵਾਲ ਵਿੱਚ ਕਿਸਾਨ ਪੱਕਾ ਮੋਰਚਾ ਲਾ ਕੇ ਬੈਠੇ ਹਨ। ਸੰਗਰੂਰ ਵਿੱਚ ਕਿਸਾਨ ਆਗੂ ਦੀ ਟਰਾਲੀ ਹੇਠਾਂ ਆ ਕੇ ਮੌਤ ਦੇ ਮਾਮਲੇ ਵਿੱਚ ਥਾਣੇ ਦੇ ਬਾਹਰ ਪੁਲੀਸ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪੱਕਾ ਮੋਰਚਾ ਬਣਾਇਆ ਗਿਆ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਪਹਿਲੀ ਮੰਗ ਉਨ੍ਹਾਂ ਦੇ ਆਗੂਆਂ ਨੂੰ ਛੱਡਣ ਦੀ ਹੈ। ਇਸ ਤੋਂ ਇਲਾਵਾ 16 ਤੋਂ ਵੱਧ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਹੜ੍ਹਾਂ ਕਾਰਨ ਤਬਾਹ ਹੋ ਗਈਆਂ ਹਨ। ਜਿਸ ਲਈ ਕਿਸਾਨ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲ ਲਟਕਦੀਆਂ ਮੰਗਾਂ ਨੂੰ ਲੈ ਕੇ ਵੀ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣੇਗੀ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਹਾਉਣ ਸਮੇਂ 12 ਸਾਲ ਦਾ ਬੱਚਾ ਥੱਪੜ ‘ਚ ਡੁੱਬਿਆ, 4 ਭੈਣਾਂ ਦਾ ਇਕਲੌਤਾ ਭਰਾ ਸੀ

ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਤੋਂ 41 ਕਿਲੋ ਹੈਰੋਇਨ ਸਮੇਤ 3 ਤਸਕਰਾਂ ਨੂੰ ਕੀਤਾ ਕਾਬੂ