- ਕਿਹਾ- ਮੇਰੇ ਕੋਲ ਕਾਰਵਾਈ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ
- ਪੰਜਾਬ ਵਿੱਚ ਨਸ਼ਾ ਦਿਨ-ਦਿਨ ਵਧ ਰਿਹਾ
ਚੰਡੀਗੜ੍ਹ, 25 ਅਗਸਤ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਮੁਸ਼ਕਿਲਾਂ ਖੜ੍ਹੀਆਂ ਹੋ ਸਕਦੀਆਂ ਹਨ। ਕਿਉਂਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਤ ਨੇ ਉਨ੍ਹਾਂ ਨੂੰ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਖ਼ਤ ਚੇਤਾਵਨੀ ਦਿੱਤੀ ਹੈ ਅਤੇ ਨਾਲ ਹੀ ਮੁੱਖ ਮੰਤਰੀ ਮਾਨ ਖਿਲਾਫ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਮੰਗੀ ਗਈ ਜਾਣਕਾਰੀ ਨਾ ਦੇਣਾ ਸੰਵਿਧਾਨਕ ਫਰਜ਼ ਦਾ ਨਿਰਾਦਰ ਹੋਵੇਗਾ।
ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਇਸ ਵਿਵਹਾਰ ‘ਤੇ ਉਨ੍ਹਾਂ ਕੋਲ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਕਾਰਵਾਈ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ। ਇਹ ਚਿਤਾਵਨੀ ਪੱਤਰ ਰਾਜਪਾਲ ਪੁਰੋਹਤ ਨੇ ਮੁੱਖ ਮੰਤਰੀ ਨੂੰ ਲਿਖਿਆ ਹੈ। ਉਨ੍ਹਾਂ ਨੇ ਸੀਐਮ ਮਾਨ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਪੱਤਰਾਂ ਦਾ ਤੁਰੰਤ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਰਾਜਪਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਾ ਆਪਣੇ ਸਿਖਰ ’ਤੇ ਹੈ। ਇੱਥੋਂ ਦੀਆਂ ਏਜੰਸੀਆਂ ਦੀਆਂ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਦਵਾਈਆਂ ਦੇ ਸਟੋਰਾਂ ’ਤੇ ਵੀ ਨਸ਼ੀਲੇ ਪਦਾਰਥ ਉਪਲਬਧ ਹਨ। ਰਾਜ ਸਰਕਾਰ ਦੇ ਕੰਟਰੋਲ ਵਾਲੀਆਂ ਸ਼ਰਾਬ ਦੀਆਂ ਦੁਕਾਨਾਂ ‘ਤੇ ਵੀ ਨਸ਼ੇ ਵਿਕ ਰਹੇ ਹਨ। ਰਾਜਪਾਲ ਨੇ ਦੱਸਿਆ ਹੈ ਕਿ ਹਾਲ ਹੀ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ, ਐਨ.ਸੀ.ਆਰ.ਬੀ ਅਤੇ ਚੰਡੀਗੜ੍ਹ ਪੁਲਿਸ ਨੇ ਇੱਕ ਸਾਂਝੀ ਕਾਰਵਾਈ ਕਰਦਿਆਂ ਲੁਧਿਆਣਾ ਤੋਂ ਨਸ਼ੇ ਵੇਚਣ ਵਾਲੇ 66 ਸ਼ਰਾਬ ਦੇ ਠੇਕਿਆਂ ਨੂੰ ਸੀਲ ਕੀਤਾ ਹੈ।
ਰਾਜਪਾਲ ਬੀਐਲ ਪੁਰੋਹਿਤ ਨੇ ਕਿਹਾ ਕਿ ਸੰਸਦੀ ਸਥਾਈ ਕਮੇਟੀ ਦੀ ਤਾਜ਼ਾ ਰਿਪੋਰਟ ਦਰਸਾਉਂਦੀ ਹੈ ਕਿ ਪੰਜਾਬ ਵਿੱਚ ਹਰ ਪੰਜ ਵਿੱਚੋਂ ਇੱਕ ਵਿਅਕਤੀ ਨਸ਼ੇ ਦਾ ਆਦੀ ਹੈ। ਇਹ ਤੱਥ ਪੰਜਾਬ ਵਿੱਚ ਅਮਨ-ਕਾਨੂੰਨ ਦੀ ਟੁੱਟ-ਭੱਜ ਵੱਲ ਇਸ਼ਾਰਾ ਕਰਦੇ ਹਨ। ਹੁਣ ਪਿੰਡ ਵਾਸੀਆਂ ਨੇ ਵੀ ਵੱਡੀ ਗਿਣਤੀ ਵਿੱਚ ਸੜਕਾਂ ’ਤੇ ਆ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਨਸ਼ਿਆਂ ਦੀ ਅਲਾਮਤ ਤੋਂ ਆਪਣੇ ਆਪ ਨੂੰ ਬਚਾਉਣ ਲਈ ਪਿੰਡ ਬਚਾਓ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਹੈ।
ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸ਼ਿਆਂ ਦੇ ਮੁੱਦੇ ‘ਤੇ ਸੂਬਾ ਸਰਕਾਰ ਵੱਲੋਂ ਕੀਤੀ ਕਾਰਵਾਈ ਦੀ ਰਿਪੋਰਟ ਤੁਰੰਤ ਉਨ੍ਹਾਂ ਦੇ ਦਫ਼ਤਰ ਭੇਜਣ ਦੇ ਨਿਰਦੇਸ਼ ਦਿੱਤੇ ਹਨ।