- ਸਾਬਕਾ ਡਿਪਟੀ ਮੇਅਰ ਅਜੈਬੀਰ ਅਤੇ ਸਾਬਕਾ ਜਨਰਲ ਸਕੱਤਰ ਜਸਪਾਲ ਭਾਜਪਾ ‘ਚ ਹੋਏ ਸ਼ਾਮਲ,
- ਕੁੱਝ ਦਿਨ ਪਹਿਲਾਂ ਅਕਾਲੀ ਦਲ ਨੂੰ ਅਲਵਿਦਾ ਆਖਣ ਵਾਲੇ ਗੁਰਪ੍ਰਤਾਪ ਸਿੰਘ ਟਿੱਕਾ ਨੇ ਵੀ ਫੜਿਆ ਕਮਲ
- ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਟਿੱਕਾ, ਸਾਬਕਾ ਡਿਪਟੀ ਮੇਅਰ ਅਜੈਬੀਰ ਅਤੇ ਸਾਬਕਾ ਜਨਰਲ ਸਕੱਤਰ ਜਸਪਾਲ ਭਾਜਪਾ ‘ਚ ਹੋਏ ਸ਼ਾਮਲ
ਅੰਮ੍ਰਿਤਸਰ, 14 ਸਤੰਬਰ 2023 – ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਹੋਰ ਸੀਨੀਅਰ ਆਗੂਆਂ ਤੇ ਮਾਝੇ ਦੇ ਜਨਰਲ ਬਿਕਰਮ ਮਜੀਠੀਆ ਦੇ ਕਰੀਬੀਆਂ ਨੇ ਪਾਰਟੀ ਛੱਡ ਦਿੱਤੀ ਹੈ। ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਗੁਰਸ਼ਰਨ ਸਿੰਘ ਛੀਨਾ ਤੋਂ ਬਾਅਦ ਹੁਣ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਅਤੇ ਸਾਬਕਾ ਜਨਰਲ ਸਕੱਤਰ ਜਸਪਾਲ ਸਿੰਘ ਸ਼ੰਟੂ ਵੀ ਪਾਰਟੀ ਛੱਡ ਚੁੱਕੇ ਹਨ।
ਬੁੱਧਵਾਰ ਨੂੰ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਅਤੇ ਸਾਬਕਾ ਜਨਰਲ ਸਕੱਤਰ ਜਸਪਾਲ ਸਿੰਘ ਸ਼ੰਟੂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਇਹ ਸੀਨੀਅਰ ਅਕਾਲੀ ਆਗੂ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਦਿੱਲੀ ਪੁੱਜੇ, ਜਿੱਥੇ ਉਹ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ।
ਸੁਆਗਤ ਸਮਾਰੋਹ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਅਤੇ ਰਾਸ਼ਟਰੀ ਸਕੱਤਰ ਭਾਜਪਾ ਨਰਿੰਦਰ ਰੈਨਾ, ਭਾਜਪਾ ਸੰਗਠਨ ਮੰਤਰੀ ਸ੍ਰੀਨਿਵਾਸੂਲੂ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਹਾਜ਼ਰ ਸਨ। ਇਸ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਇਨ੍ਹਾਂ ਆਗੂਆਂ ਨਾਲ ਭਾਜਪਾ ਦੀਆਂ ਜੜ੍ਹਾਂ ਮਜ਼ਬੂਤ ਹੋਣਗੀਆਂ।
ਗੁਰਪ੍ਰਤਾਪ ਸਿੰਘ ਟਿੱਕਾ ਨੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਟਿੱਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਲ-ਨਾਲ ਲੰਮਾ ਸਮਾਂ ਯੂਥ ਵਿੰਗ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਪਾਰਟੀ ਵਿੱਚ ਕੰਮ ਕੀਤਾ ਹੈ।
ਟਿੱਕਾ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਦੇ ਪੂਰਵਜ ਬਾਬਾ ਮਹਿਰਾਜ ਸਿੰਘ ਨੂੰ ਪਹਿਲੇ ਸਿੱਖ ਆਜ਼ਾਦੀ ਘੁਲਾਟੀਏ ਹੋਣ ਦਾ ਮਾਣ ਪ੍ਰਾਪਤ ਹੈ, ਜਿਨ੍ਹਾਂ ਨੂੰ ਅੰਗਰੇਜ਼ਾਂ ਨੇ ਡਰ ਦੇ ਮਾਰੇ ਸਿੰਗਾਪੁਰ ਦੀ ਜੇਲ੍ਹ ਭੇਜ ਦਿੱਤਾ ਸੀ। ਅਜੈਬੀਰਪਾਲ ਸਿੰਘ ਰੰਧਾਵਾ ਲੰਮਾ ਸਮਾਂ ਅਕਾਲੀ ਦਲ ਦੇ ਯੂਥ ਵਿੰਗ ਵਿੱਚ ਵੀ ਕੰਮ ਕਰ ਚੁੱਕੇ ਹਨ ਅਤੇ ਨਗਰ ਨਿਗਮ ਅੰਮ੍ਰਿਤਸਰ ਦੇ ਸਾਬਕਾ ਡਿਪਟੀ ਮੇਅਰ ਰਹਿ ਚੁੱਕੇ ਹਨ।