ਪੰਜਾਬ ਸਰਕਾਰ ਵੱਲੋਂ ਦੋ ਹੋਰ ਜਾਅਲੀ SC ਸਰਟੀਫਿਕੇਟ ਰੱਦ

  • ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ, ਮੌਜੂਦਾ ਪੰਚ ਅਤੇ ਇੱਕ ਹੋਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਚੰਡੀਗੜ੍ਹ, 15 ਸਤੰਬਰ 2023 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਇਆ ਰਾਜੂ ਰਾਮ ਮੌਜੂਦਾ ਪੰਚ ਪੁੱਤਰ ਰਾਮ ਲਾਲ ਪਿੰਡ ਰਤਨਹੇੜੀ ਤਹਿਸੀਲ ਸਮਾਣਾ ਜਿਲਾ ਪਟਿਆਲਾ ਅਤੇ ਅਮਰ ਕੌਰ ਪਤਨੀ ਲੇਟ ਤੇਜਾ ਸਿੰਘ ਕੁਲਦੀਪ ਨਗਰ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ’ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਾਲ ਸਿੰਘ ਪੁੱਤਰ ਜੀਤ ਸਿੰਘ ਪਿੰਡ ਰਤਨਹੇੜੀ, ਪਟਿਆਲਾ ਅਤੇ ਹੋਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਜੂ ਰਾਮ ਉੱਤਰ ਪ੍ਰਦੇਸ਼ ਤੋਂ ਆ ਕੇ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਗਿਆ ਹੈ। ਜਿਸ ਕਾਰਨ ਉਹ ਇਸ ਦਾ ਲਾਭ ਪ੍ਰਾਪਤ ਨਹੀਂ ਕਰ ਸਕਦਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਬਲਬੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਮਰ ਕੌਰ ਵੱਲੋਂ ਆਪਣੇ ਪਤੀ ਦੀ ਮੌਤ ਤੋ ਬਾਅਦ ਅਨੁਸੂਚਿਤ ਜਾਤੀ (ਰਾਮਦਾਸੀਆ) ਦਾ ਸਰਟੀਫਿਕੇਟ ਬਣਾਇਆ ਗਿਆ ਸੀ, ਜਦ ਕਿ ਉਹ ਹਰਿਆਣਾ ਰਾਜ ਦੀ ਜੰਮਪਲ ਹੈ। ਉਹ ਇਸ ਦਾ ਲਾਭ ਪ੍ਰਾਪਤ ਨਹੀਂ ਕਰ ਸਕਦੀ ਹੈ। ਸਿਕਾਇਤ ਕਰਤਾ ਵੱਲੋਂ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਸ ਮਾਮਲੇ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਸ੍ਰੀ ਰਾਜੂ ਰਾਮ ਦੀ ਜਾਤੀ ਅਨੁਸੂਚਿਤ ਜਾਤੀ ਹੈ ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ ਹੈ। ਇਸ ਲਈ ਰਾਜੂ ਮੌਜੂਦਾ ਪੰਚ ਪੁੱਤਰ ਰਾਮ ਲਾਲ ਪਿੰਡ ਰਤਨਹੇੜੀ ਤਹਿਸੀਲ ਸਮਾਣਾ ਜਿਲਾ ਪਟਿਆਲਾ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਮਰ ਕੌਰ ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਅਮਰ ਕੌਰ ਦਾ ਪਤੀ ਤੇਜਾ ਸਿੰਘ ਸਰਕਾਰੀ ਹਸਪਤਾਲ, ਏ.ਪੀ.ਜੈਨ ਰਾਜਪੁਰਾ ਵਿਖੇ ਦਰਜਾ-4 ਕਰਮਚਾਰੀ ਸੀ। ਉਸ ਨੇ ਪਤੀ ਦੀ ਮੌਤ ਤੋਂ ਬਾਅਦ ਸਾਲ 2000 ਵਿੱਚ ਉਸੇ ਹਸਪਤਾਲ ਵਿੱਚ ਦਰਜਾ-4 ਦੀ ਨੌਕਰੀ ਜੁਆਇਨ ਕੀਤੀ ਸੀ। ਅਮਰ ਕੌਰ ਹਰਿਆਣਾ ਦੀ ਜੰਮਪਲ ਹੈ ਪ੍ਰੰਤੂ ਉਸ ਨੇ ਪੰਜਾਬ ਰਾਜ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦੀ ਹੈ। ਇਸ ਲਈ ਅਮਰ ਕੌਰ ਪਤਨੀ ਤੇਜਾ ਸਿੰਘ ਰਾਜਪੁਰਾ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਰਾਜੂ ਰਾਮ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1158 ਮਿਤੀ 19.08.2009 ਅਤੇ ਅਮਰ ਕੌਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ:2155 ਮਿਤੀ 04.07.2013 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਅੱਜ ਮੀਂਹ ਦਾ ਯੈਲੋ ਅਲਰਟ: ਸਵੇਰ ਤੋਂ ਹੀ ਰੁਕ-ਰੁਕ ਕੇ ਪੈ ਰਿਹਾ ਹੈ ਮੀਂਹ

I.N.D.I.A. ਗੱਠਜੋੜ ਵਲੋਂ 14 ਐਂਕਰਾਂ ਦਾ ਬਾਈਕਾਟ