ਚੰਡੀਗੜ੍ਹ, 5 ਅਕਤੂਬਰ 2023 – ਪੰਜਾਬ ਸਰਕਾਰ ਨੇ ਸਤਲੁਜ ਯਮੁਨਾ ਲਿੰਕ (SYL) ਦੇ ਮੁੱਦੇ ‘ਤੇ ਵੀਰਵਾਰ ਨੂੰ ਕੈਬਨਿਟ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਕਰੀਬ 45 ਮਿੰਟ ਤੱਕ ਚੱਲੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਅਸੀਂ ਕਿਸੇ ਵੀ ਕੀਮਤ ‘ਤੇ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵਾਂਗੇ। ਜਲਦੀ ਹੀ ਮਾਨਸੂਨ ਸੈਸ਼ਨ ਬੁਲਾਉਣ ਬਾਰੇ ਵੀ ਵਿਚਾਰ ਕੀਤਾ ਗਿਆ ਹੈ।”
ਇਸ ਤੋਂ ਬਿਨਾਂ ਮੀਟਿੰਗ ‘ਚ ਨਵੇਂ AG ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ। ਕੈਬਨਿਟ ਵੱਲੋਂ ਨਵੇਂ AG ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਬੀਤੇ ਦਿਨ ਸੁਪਰੀਮ ਕੋਰਟ ਨੇ ਐਸਵਾਈਐਲ ਨਹਿਰ ‘ਤੇ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਰਾਜਨੀਤੀ ਨਹੀਂ ਕਰਨੀ ਚਾਹੀਦੀ। ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ।
ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਪੇਂਡੂ ਵਿਕਾਸ ਫੰਡ (ਆਰਡੀਐਫ) ਬਾਰੇ ਵੀ ਕੈਬਨਿਟ ਮੀਟਿੰਗ ਵਿੱਚ ਚਰਚਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਰਡੀਐਫ ਸਬੰਧੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਇਸ ‘ਤੇ ਰਾਜਪਾਲ ਨੇ 50 ਹਜ਼ਾਰ ਕਰੋੜ ਰੁਪਏ ਦੇ ਲਏ ਕਰਜ਼ੇ ਦਾ ਹਿਸਾਬ ਮੰਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਸਬੰਧੀ ਰਾਜਪਾਲ ਨੂੰ ਜਵਾਬ ਦਿੱਤਾ ਹੈ।