- ਕੈਬਨਿਟ ਮੰਤਰੀ ਨੇ ਵਾਰਡ ਨੰਬਰ 11 ’ਚ ਟਿਊਬਵੈਲ ਅਤੇ ਵਾਰਡ ਨੰਬਰ 15 ’ਚ ਸੀਵਰੇਜ ਤੇ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 7 ਅਕਤੂਬਰ 2023 – ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ। ਉਹ ਅੱਜ ਵਾਰਡ ਨੰਬਰ 11 ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦੇ ਨਿਰਮਾਣ ਕਾਰਜ ਅਤੇ ਵਾਰਡ ਨੰਬਰ 15 ਵਿਚ ਸੀਵਰੇਜ, ਗਲੀਆਂ ਤੇ ਨਾਲੀਆਂ ਦੇ ਨਿਰਮਾਣ ਦੇ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਵਾਰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਾਰਡ ਨੰਬਰ 11 ਵਿਚ ਪਿਛਲੇ ਕਾਫ਼ੀ ਸਮੇਂ ਤੋਂ ਨਵੇਂ ਟਿਊਬਵੈਲ ਲਗਾਉਣ ਦੀ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਲਗਾਉਣ ਦਾ ਕੰਮ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਟਿਊਬਵੈਲ ਲੱਗਣ ਤੋਂ ਬਾਅਦ ਵਾਰਡ ਨੰਬਰ 11 ਅਤੇ ਇਸ ਦੇ ਨਾਲ ਜੁੜੇ ਇਲਾਕਿਆਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਵੱਡੀ ਸਮੱਸਿਆ ਦਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਵਿਜ਼ਨ ਹੈ ਕਿ ਸੂਬੇ ਦੇ ਹਰ ਘਰ ਨਲ ਤੇ ਹਰ ਘਰ ਜਲ ਦੀ ਸੁਵਿਧਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਵਾਲਾ ਸਾਫ-ਸੁਥਰਾ ਪਾਣੀ ਮਿਲੇ। ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 11 ਦੇ ਪਾਰਕ ਦੇ ਵਿਕਾਸ ਲਈ ਵੀ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਾਰਡ ਨੰਬਰ 15 ਵਿਚ ਵੀ ਸੀਵਰੇਜ, ਗਲੀਆਂ ਅਤੇ ਨਾਲੀਆਂ ਦੀ ਸਮੱਸਿਆ ਦਾ ਵੀ ਹੱਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਰੋਜ਼ਗਾਰ, ਸਿੱਖਿਆ, ਸਿਹਤ ਅਤੇ ਬੁਨਿਆਦੀ ਖੇਤਰ ਵਿਚ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਚੰਦਰਾਵਤੀ, ਕਾਮਰੇਡ ਗੰਗਾ ਪ੍ਰਸ਼ਾਦ, ਐਕਸੀਅਨ ਕੁਲਦੀਪ, ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।