ਅਹਿਮਦਾਬਾਦ, 11 ਅਕਤੂਬਰ 2023 – ਭਾਰਤ ਅਤੇ ਪਾਕਿਸਤਾਨ ਵਿਚਾਲੇ 14 ਅਕਤੂਬਰ ਨੂੰ ਵਨਡੇ ਵਿਸ਼ਵ ਕੱਪ ਦਾ ਹਾਈਵੋਲਟੇਜ ਮੈਚ ਹੋਣ ਜਾ ਰਿਹਾ ਹੈ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਨੂੰ ਲੈ ਕੇ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਗੁਜਰਾਤ ਪੁਲਿਸ ਨੇ ਪੁਖਤਾ ਪ੍ਰਬੰਧ ਕੀਤੇ ਹਨ।
ਪੁਲੀਸ ਕਮਿਸ਼ਨਰ ਜੀਐਸ ਮਲਿਕ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਲਈ 7 ਹਜ਼ਾਰ ਪੁਲੀਸ ਮੁਲਾਜ਼ਮ ਅਤੇ 4 ਹਜ਼ਾਰ ਹੋਮਗਾਰਡ ਜਵਾਨ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ ਐਨਐਸਜੀ ਦੀ ਬੰਬ ਸਕੁਐਡ ਅਤੇ ਐਂਟੀ ਡਰੋਨ ਟੀਮ ਵੀ ਸੁਰੱਖਿਆ ਪ੍ਰਬੰਧਾਂ ਵਿੱਚ ਸ਼ਾਮਲ ਹੋਵੇਗੀ। SRPF, RAF ਅਤੇ NSG ਵੀ ਖਿਡਾਰੀਆਂ, VVIP ਅਤੇ ਦਰਸ਼ਕਾਂ ਦੀ ਸੁਰੱਖਿਆ ਲਈ ਤਿਆਰ ਰਹਿਣਗੇ।
ਮੈਚ ਦੀਆਂ ਟਿਕਟਾਂ ਪਹਿਲਾਂ ਹੀ ਵਿਕ ਚੁੱਕੀਆਂ ਹਨ। ਮੈਚ ਦੌਰਾਨ ਜਿੱਥੇ ਸਟੇਡੀਅਮ ਦੀ ਸੁਰੱਖਿਆ ਵੱਲ ਧਿਆਨ ਦਿੱਤਾ ਗਿਆ ਹੈ, ਉੱਥੇ ਹੀ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੀ ਪੁਲੀਸ ਫੋਰਸ ਦੇ ਪ੍ਰਬੰਧ ਕੀਤੇ ਗਏ ਹਨ। ਸਟੇਡੀਅਮ ਦੇ ਆਲੇ-ਦੁਆਲੇ ਦੇ ਹੋਟਲਾਂ ਦੀ ਵੀ ਚੈਕਿੰਗ ਕੀਤੀ ਜਾਵੇਗੀ।