ਚੰਡੀਗੜ੍ਹ, 22 ਅਕਤੂਬਰ 2023 – ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੇ ਮਾਮਲੇ ‘ਚ ਜਸਟਿਸ ਵਿਕਾਸ ਬਹਿਲ ਦੇ ਘਰ ’ਚ ਰਾਤ ਨੂੰ ਮਾਮਲੇ ਦੀ ਸੁਣਵਾਈ ਹੋਈ। ਅਸਲ ‘ਚ ਕੁਲਬੀਰ ਜ਼ੀਰਾ ਦੀ ਗ੍ਰਿਫ਼ਤਾਰੀ ਨੂੰ ਨਾਜਾਇਜ਼ ਦੱਸਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਨੂੰ ਵੀ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਇਹ ਪਟੀਸ਼ਨ ਕੁਲਬੀਰ ਜ਼ੀਰਾ ਦੇ ਭਾਈ ਦੇ ਵੱਲੋਂ ਪਾਈ ਗਈ ਹੈ।
ਕੁਲਬੀਰ ਜ਼ੀਰਾ ਦੇ ਭਾਈ ਦੇ ਵੱਲੋਂ ਪਾਈ ਗਈ ਪਟੀਸ਼ਨ ‘ਤੇ ਰਾਤ 8 ਵਜੇ ਜਸਟਿਸ ਦੇ ਘਰ ’ਚ ਸੁਣਵਾਈ ਹੋਈ, ਜਿਸ ਤੋਂ ਬਾਅਦ ਜਸਟਿਸ ਨੇ ਸੁਣਵਾਈ ਕਰਦਿਆਂ ਅਗਲੀ ਸੁਣਵਾਈ ਸੋਮਵਾਰ ਨੂੰ ਨਿਰਧਾਰਿਤ ਕੀਤੀ ਹੈ ਅਤੇ ਐੱਫ.ਆਈ.ਆਰ. ਦਰਜ ਕਰਨ ਵਾਲੇ ਪੁਲਸ ਸਟੇਸ਼ਨ ਦੇ ਐੱਸ.ਐੱਚ.ਓ. ਨੂੰ ਉਹ ਸ਼ਿਕਾਇਤ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ, ਜਿਸ ਦੇ ਆਧਾਰ ’ਤੇ ਕੁਲਬੀਰ ਸਿੰਘ ਜ਼ੀਰਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਅਦਾਲਤ ਨੇ ਜ਼ਿਲਾ ਮੈਜਿਸਟ੍ਰੇਟ ਨੂੰ ਵੀ ਮਾਮਲੇ ਵਿਚ ਜਲਦੀ ਸੁਣਵਾਈ ਕਰਕੇ ਫੈਸਲਾ ਲੈਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹਾਈਕੋਰਟ ਨੇ ਜ਼ੀਰਾ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।