- ਪ੍ਰਧਾਨ ਦੀ ਚੋਣ ਬਾਅਦ ਦੁਪਹਿਰ 2 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਹੋਵੇਗੀ,
- ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰਾਂ ਵਿਚੋਂ 30 ਦਾ ਅਕਾਲ ਚਲਾਣਾ ਅਤੇ 4 ਮੈਂਬਰ ਦੇ ਚੁੱਕੇ ਨੇ ਅਸਤੀਫ਼ਾ,
- ਬਾਕੀ ਬਚੇ 151 ਮੈਂਬਰ ਹੀ ਆਪਣੀ ਵੋਟ ਦਾ ਇਸਤਮਾਲ ਕਰਕੇ ਨਵੇਂ ਪ੍ਰਧਾਨ ਦੀ ਕਰਨਗੇ ਚੋਣ
ਅੰਮ੍ਰਿਤਸਰ, 7 ਨਵੰਬਰ 2023 – ਕੱਲ੍ਹ 8 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਮਿਲੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਸਾਲਾਨਾ ਚੋਣ ਸਬੰਧੀ 8 ਨਵੰਬਰ ਨੂੰ ਜਨਰਲ ਇਜਲਾਸ ਸੱਦ ਲਿਆ ਗਿਆ ਹੈ। 8 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅਤੇ ਸਿੱਖ ਪਾਰਲੀਮੈਂਟ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਰਨਲ ਹਾਊਸ ਵਿਚ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰਾਂ ਵਿਚੋਂ 30 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ ਅਤੇ 4 ਮੈਂਬਰ ਅਸਤੀਫ਼ਾ ਦੇ ਚੁੱਕੇ ਹਨ ਜਿਸ ਤੋਂ ਬਾਅਦ ਬਾਕੀ 151 ਮੈਂਬਰ ਹੀ ਬਚੇ ਹਨ। ਬਾਕੀ ਬਚੇ 151 ਮੈਂਬਰ ਹੀ ਆਪਣੀ ਵੋਟ ਦਾ ਇਸਤਮਾਲ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਕਰਨਗੇ।
ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਕੀਤੀ ਜਾਂਦੀ ਹੈ, ਜਿਸ ਤਹਿਤ ਇਸ ਵਾਰ 8 ਨਵੰਬਰ ਨੂੰ ਇਜਲਾਸ ਹੋਵੇਗਾ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਹੁਤੇ ਮੈਂਬਰ ਹੋਣ ਕਾਰਨ ਮੁੜ ਇਸੇ ਪਾਰਟੀ ਦਾ ਪ੍ਰਧਾਨ ਬਣਨਾ ਲਗਪਗ ਤੈਅ ਮੰਨਿਆ ਜਾ ਰਿਹਾ ਹੈ। ਪਿਛਲੇ ਸਾਲ 9 ਨਵੰਬਰ ਨੂੰ ਹੋਈ ਚੋਣ ਵਿਚ ਕੁੱਲ 146 ਵੋਟਾਂ ਪਈਆਂ ਸਨ ਜਿਨ੍ਹਾਂ ਵਿੱਚੋਂ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 104 ਅਤੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਾਗੀ ਹੋਏ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪ੍ਰਾਪਤ ਹੋਈਆਂ ਸਨ।