ਚੰਡੀਗੜ੍ਹ, 1 ਦਸੰਬਰ 2023 – ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾਉਣ ਦੇ ਐਲਾਨ ਤੋਂ ਕਿਸਾਨ ਖੁਸ਼ ਨਹੀਂ ਹਨ। ਕਿਸਾਨ ਜਥੇਬੰਦੀਆਂ ਨੇ ਜਲੰਧਰ ‘ਚ ਮੀਟਿੰਗ ਕਰਕੇ ਕਿਹਾ ਕਿ ਮੁੱਖ ਮੰਤਰੀ ਦੇ ਭਰੋਸੇ ‘ਤੇ ਜਲੰਧਰ ‘ਚ ਧਰਨਾ ਖਤਮ ਕਰ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਨੇ ਸ਼ਗਨ ਦੇ ਨਾਂ ‘ਤੇ ਸਿਰਫ 11 ਰੁਪਏ ਦਾ ਵਾਧਾ ਕੀਤਾ, ਸ਼ਗਨ 21 ਤੇ 51 ਦਾ ਵੀ ਹੁੰਦਾ ਹੈ। ਪਿਛਲੀ ਵਾਰ ਕਿਸਾਨਾਂ ਦੇ ਸੰਘਰਸ਼ ਦੌਰਾਨ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 50 ਰੁਪਏ ਰੇਟ ਵਧਾਏ ਸਨ।
ਕਿਸਾਨਾਂ ਨੇ ਕਿਹਾ ਕਿ ਚਾਰ ਦਿਨਾਂ ਦੇ ਧਰਨੇ ਕਾਰਨ ਜਿੱਥੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉੱਥੇ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਵਾਧਾ ਸਿਰਫ਼ 11 ਰੁਪਏ ਹੋਇਆ ਹੈ, ਜੋ ਸਾਨੂੰ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੀਐਮ ਨੇ 28 ਤਰੀਕ ਨੂੰ ਨਵੀਆਂ ਦਰਾਂ ਦਾ ਐਲਾਨ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਸਿਰਫ਼ ਖਾਨਾਪੂਰਤੀ ਕੀਤੀ ਗਈ।
ਇਸ ਮੀਟਿੰਗ ਵਿੱਚ 32 ਜਥੇਬੰਦੀਆਂ ਨੇ ਭਾਗ ਲਿਆ। ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਗੰਨੇ ਦਾ ਰੇਟ 400 ਰੁਪਏ ਤੋਂ ਵੱਧ ਅਤੇ ਖੰਡ ਮਿੱਲਾਂ ਖੋਲ੍ਹਣ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਕਿਸਾਨ ਮੁੜ ਸੰਘਰਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਰੇਲਵੇ ਟਰੈਕ ਜਾਮ ਕਰਨ ਦੇ ਦੋਸ਼ ਹੇਠ 350 ਤੋਂ ਵੱਧ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਜੋ ਸਰਕਾਰਾਂ ਦੀ ਨਾਕਾਮੀ ਦਾ ਨਤੀਜਾ ਹਨ, ਇਨ੍ਹਾਂ ਨੂੰ ਰੱਦ ਕੀਤਾ ਜਾਵੇ।