ਕਪੂਰਥਲਾ, 30 ਦਸੰਬਰ 2023 – ਪੰਜਾਬ ਦੇ ਏਡੀਜੀਪੀ ਅਰਪਿਤ ਸ਼ੁਕਲਾ ਸ਼ੁੱਕਰਵਾਰ ਨੂੰ ਕਪੂਰਥਲਾ ਮਾਡਰਨ ਜੇਲ੍ਹ ਦਾ ਨਿਰੀਖਣ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਸੂਬੇ ਵਿੱਚ 49 ਦੇ ਕਰੀਬ ਗੈਂਗਸਟਰਾਂ ਦਾ ਐਨਕਾਊਂਟਰ ਹੋਇਆ ਹੈ। ਇਹ ਉਹਨਾਂ ਸਾਰੇ ਅਪਰਾਧੀ ਤੱਤਾਂ ਲਈ ਇੱਕ ਖੁੱਲੀ ਚੇਤਾਵਨੀ ਹੈ ਜੋ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਂਦੇ ਹਨ ਅਤੇ ਪੁਲਿਸ ‘ਤੇ ਗੋਲੀ ਚਲਾਉਣ ਦੀ ਹਿੰਮਤ ਰੱਖਦੇ ਹਨ। ਏਡੀਜੀਪੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਗੈਂਗਸਟਰਾਂ ਖ਼ਿਲਾਫ਼ ਪੁਲੀਸ ਕਾਰਵਾਈ ਜਾਰੀ ਰਹੇਗੀ।
ਪੰਜਾਬ ਦੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਦੀਆਂ ਜੇਲ੍ਹਾਂ ਵਿੱਚ ਮੋਬਾਈਲ, ਨਸ਼ੇ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵਿੱਚ ਉੱਚ ਪੱਧਰੀ ਕੰਮ ਚੱਲ ਰਿਹਾ ਹੈ। ਵਿਭਾਗ ਵੱਲੋਂ ਇਸ ਪੂਰੀ ਪ੍ਰਕਿਰਿਆ ਵਿੱਚ ਜਿੱਥੇ ਕਿਤੇ ਵੀ ਖਾਮੀਆਂ ਹਨ, ਉਨ੍ਹਾਂ ਦਾ ਪਤਾ ਲਗਾ ਕੇ ਢੁੱਕਵਾਂ ਕੰਮ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਡੀਜੀਪੀ ਵੱਲੋਂ ਜੇਲ੍ਹ ਅੰਦਰ ਬੰਦ ਕੈਦੀਆਂ ਦੇ ਕੇਸਾਂ ਦੀ ਸੁਣਵਾਈ ਤੇਜ਼ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਪੰਜਾਬ ਦੀਆਂ ਜੇਲ੍ਹਾਂ ਦਾ ਦੌਰਾ ਕਰਕੇ ਉੱਥੋਂ ਦੇ ਜੇਲ੍ਹ ਅਧਿਕਾਰੀਆਂ ਅਤੇ ਨਿਆਂਪਾਲਿਕਾ ਦੇ ਲੋਕਾਂ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਜਲਦੀ ਹੀ ਆਪਣੀ ਰਿਪੋਰਟ ਵਿਭਾਗ ਨੂੰ ਸੌਂਪੇਗੀ ਤਾਂ ਜੋ ਅੰਡਰ ਟਰਾਇਲ ਲੋਕਾਂ ਦੀ ਜਲਦੀ ਅਦਾਲਤੀ ਪੇਸ਼ੀ ਦੀ ਪ੍ਰਕਿਰਿਆ ਨੂੰ ਲਾਗੂ ਕੀਤਾ ਜਾ ਸਕੇ।