ਲੁਧਿਆਣਾ, 28 ਜਨਵਰੀ 2024 – ਬੈਂਸ ਬ੍ਰਦਰਜ਼ ਦੇ ਜਲਦ ਹੀ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਹਨ। ਸੂਤਰਾਂ ਅਨੁਸਾਰ ਬੈਂਸ ਦੀਆਂ ਕੁਝ ਸ਼ਰਤਾਂ ਹਨ, ਜਿਸ ਕਾਰਨ ਭਾਜਪਾ ਵਿਚ ਸ਼ਾਮਲ ਹੋਣ ਵਿਚ ਦਿੱਕਤ ਆ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਵਿੱਚ ਇਹ ਸਿਆਸੀ ਧਮਾਕਾ ਜਲਦੀ ਹੀ ਹੋ ਸਕਦਾ ਹੈ। ਦੱਸ ਦੇਈਏ ਕਿ ਜਲੰਧਰ ਉਪ ਚੋਣ ਵਿੱਚ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਭਾਜਪਾ ਦਾ ਸਮਰਥਨ ਕੀਤਾ ਸੀ। ਇਸ ਕਾਰਨ ਭਾਜਪਾ ਆਗੂਆਂ ਨਾਲ ਉਨ੍ਹਾਂ ਦੀ ਨੇੜਤਾ ਵੀ ਜਾਣੀ ਜਾਂਦੀ ਹੈ।
ਸੂਤਰਾਂ ਅਨੁਸਾਰ ਬੈਂਸ ਭਰਾ ਭਾਜਪਾ ਦੇ ਕੇਂਦਰੀ ਆਗੂਆਂ ਦੇ ਸੰਪਰਕ ਵਿੱਚ ਹਨ ਅਤੇ ਗੱਲਬਾਤ ਚੱਲ ਰਹੀ ਹੈ। ਦੋਵੇਂ ਭਾਜਪਾ ‘ਚ ਸ਼ਾਮਲ ਹੋ ਕੇ ਆਉਣ ਵਾਲੀਆਂ ਨਿਗਮ ਚੋਣਾਂ ਅਤੇ ਲੋਕ ਸਭਾ ਚੋਣਾਂ ਲੜਨ ਜਾ ਰਹੇ ਹਨ। ਬੈਂਸ ਵੱਲੋਂ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਹਰ ਪਾਰਟੀ ਸੀਟਾਂ ਹਾਸਲ ਕਰਨ ਦੀ ਪੂਰੀ ਕੋਸ਼ਿਸ਼ ਕਰਦੀ ਹੈ। ਹੁਣ ਉਹ ਆਪਣੀ ਲੋਕ ਇਨਸਾਫ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਕਰਨਗੇ। ਸਾਰਿਆਂ ਦੀ ਸਹਿਮਤੀ ਤੋਂ ਬਾਅਦ ਹੀ ਕੋਈ ਵੀ ਫੈਸਲਾ ਲਿਆ ਜਾਵੇਗਾ। ਜੇਕਰ ਤੁਸੀਂ ਕਿਸੇ ਪਾਰਟੀ ਵਿੱਚ ਸ਼ਾਮਲ ਹੋਣਾ ਹੈ ਜਾਂ ਗਠਜੋੜ ਕਰਨਾ ਹੈ ਤਾਂ ਉਸ ਲਈ ਪਾਰਟੀ ਦੀਆਂ ਕੁਝ ਸ਼ਰਤਾਂ ਹੁੰਦੀਆਂ ਹਨ ਅਤੇ ਸ਼ਾਮਲ ਹੋਣ ਵਾਲੇ ਵਿਅਕਤੀ ਦੀਆਂ ਵੀ ਕੁਝ ਸ਼ਰਤਾਂ ਹੁੰਦੀਆਂ ਹਨ।
ਦੱਸ ਦੇਈਏ ਕਿ ਬੈਂਸ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਉਸ ਪਾਰਟੀ ਨੂੰ ਗਠਜੋੜ ਜਾਂ ਸਮਰਥਨ ਦੇ ਸਕਦੇ ਹਨ ਜੋ ਉਨ੍ਹਾਂ ਦੀ ਸੋਚ ਅਤੇ ਪੰਜਾਬ ਦੇ ਹਿਤੈਸ਼ੀ ਹੋਵੇਗੀ। ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਕਈ ਵੱਡੀਆਂ ਪਾਰਟੀਆਂ ਅਤੇ ਆਗੂ ਵੀ ਉਨ੍ਹਾਂ ਦੇ ਸੰਪਰਕ ਵਿੱਚ ਹਨ।
ਸੂਤਰਾਂ ਮੁਤਾਬਕ ਸਿਮਰਜੀਤ ਸਿੰਘ ਬੈਂਸ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ। ਜਦੋਂਕਿ ਜਥੇਦਾਰ ਬਲਵਿੰਦਰ ਸਿੰਘ ਬੈਂਸ ਹਲਕਾ ਦੱਖਣੀ ’ਤੇ ਆਪਣਾ ਦਬਦਬਾ ਕਾਇਮ ਰੱਖਣਾ ਚਾਹੁੰਦੇ ਹਨ। ਉਹ ਹਲਕਾ ਆਤਮਾ ਨਗਰ ਆਪਣੇ ਕਰੀਬੀ ਸਾਥੀ, ਜੋ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋਏ ਸਨ, ਨੂੰ ਸਮਰਥਨ ਦੇਣ ਲਈ ਸਹਿਮਤ ਹਨ। ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂਆਂ ਦਾ ਕੇਹਨ ਹੈ ਕਿ ਜੋ ਕੱਦ ਉਨ੍ਹਾਂ ਦਾ ਆਪਣੀ ਪਾਰਟੀ ਵਿੱਚ ਹੈ ਉਹੀ ਕੱਦ ਭਾਜਪਾ ਵਿੱਚ ਵੀ ਮਿਲੇ। ਫਿਲਹਾਲ ਬੈਂਸ ਵੱਲੋਂ ਇਨ੍ਹਾਂ ਸ਼ਰਤਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
ਸਿਮਰਨਜੀਤ ਸਿੰਘ ਮਾਨ ਨਾਲ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਸਿਮਰਜੀਤ ਸਿੰਘ ਬੈਂਸ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਅਕਾਲੀ ਦਲ ‘ਚ ਉਨ੍ਹਾਂ ‘ਤੇ ਕਈ ਦੋਸ਼ ਲਗਦੇ ਰਹੇ। ਬੈਂਸ ਖ਼ਿਲਾਫ਼ ਤਹਿਸੀਲਦਾਰ ਦੇ ਦਫ਼ਤਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦਾ ਕੇਸ ਵੀ ਦਰਜ ਕੀਤਾ ਗਿਆ ਸੀ।
ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਚੋਣ ਟਿਕਟ ਨਾ ਦੇਣ ਤੋਂ ਨਾਰਾਜ਼ ਹੋ ਕੇ ਉਨ੍ਹਾਂ ਪਾਰਟੀ ਛੱਡ ਦਿੱਤੀ। ਬਾਅਦ ਵਿੱਚ ਸਿਰਮਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਆਜ਼ਾਦ ਚੋਣ ਲੜੀ ਅਤੇ ਜਿੱਤੇ। ਬੈਂਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਇਨਸਾਫ ਪਾਰਟੀ ਬਣਾਈ ਅਤੇ ਆਮ ਆਦਮੀ ਪਾਰਟੀ ਨਾਲ ਗਠਜੋੜ ਵੀ ਕੀਤਾ, ਪਰ ਉਹ ਸਿਰਫ਼ 2 ਸੀਟਾਂ ਹੀ ਬਚਾ ਸਕੇ। ਇਸ ਵਾਰ ਉਨ੍ਹਾਂ ਨੇ 2022 ਦੀਆਂ ਚੋਣਾਂ ਇਕੱਲੇ ਲੜੀਆਂ, ਪਰ ਆਪ ਦੀ ਲਹਿਰ ਤੋਂ ਬਚ ਨਹੀਂ ਸਕੇ ਅਤੇ ਸਾਰੀਆਂ ਸੀਟਾਂ ਹਾਰ ਗਏ।
ਪੰਜਾਬ ਦੇ ਲੁਧਿਆਣਾ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਬੈਂਸ ਨੇ ਇਸ ਤੋਂ ਪਹਿਲਾਂ ਸੈਸ਼ਨ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿੱਥੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਬੈਂਸ ਨੂੰ ਇੱਥੋਂ ਰਾਹਤ ਮਿਲੀ ਹੈ। ਬੈਂਸ ਨੂੰ ਲੁਧਿਆਣਾ ਜੇਲ੍ਹ ਵਿਚ ਖ਼ਤਰੇ ਕਾਰਨ ਬਰਨਾਲਾ ਜੇਲ੍ਹ ਭੇਜ ਦਿੱਤਾ ਗਿਆ।
ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਛੇ ਹੋਰ ਵਿਅਕਤੀਆਂ ਨੂੰ ਬਲਾਤਕਾਰ ਮਾਮਲੇ ਦੀ ਸੁਣਵਾਈ ਲਈ ਨਾ ਆਉਣ ਕਾਰਨ ਭਗੌੜਾ ਕਰਾਰ ਦਿੱਤਾ ਸੀ। ਨਾਲ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਅਦਾਲਤ ਵਿੱਚ ਪੇਸ਼ ਨਾ ਹੋਣ ’ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। 11 ਜੁਲਾਈ ਨੂੰ ਬੈਂਸ ਨੇ ਆਪਣੇ ਚਾਰ ਸਾਥੀਆਂ ਸਮੇਤ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਦੋਵਾਂ ਮੁਲਜ਼ਮਾਂ ਨੂੰ ਪੁਲੀਸ ਨੇ ਪਹਿਲਾਂ ਹੀ ਫੜ ਲਿਆ ਸੀ।
ਦੱਸ ਦੇਈਏ ਕਿ ਬੈਂਸ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਵੀ ਦਰਜ ਹੈ। ਚੋਣ ਹਿੰਸਾ ਦੌਰਾਨ ਬੈਂਸ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਦੀ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਨਾਲ ਲੜਾਈ ਹੋ ਗਈ ਸੀ।
ਜ਼ਿਕਰਯੋਗ ਹੈ ਕਿ ਮਹਿਲਾ ਨੇ 10 ਜੁਲਾਈ 2021 ਨੂੰ ਸਾਬਕਾ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ‘ਤੇ ਥਾਣਾ ਡਵੀਜ਼ਨ ਨੰਬਰ 6 ‘ਚ ਬਲਾਤਕਾਰ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਬੈਂਸ ਖਿਲਾਫ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।