- ਭਾਨਾ ਸਿੱਧੂ ਦੀ ਰਿਹਾਈ ਲਈ ਸੰਗਰੂਰ ਰੈਲੀ ‘ਚ ਹੋਣਾ ਸੀ ਸ਼ਾਮਿਲ
ਮਾਨਸਾ, 3 ਫਰਵਰੀ 2024 – ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ (ਖੁੰਡੇਵਾਲਾ ਵਾਲਾ ਬਾਬਾ) ਨੂੰ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੇ ਘਰ ‘ਚ ਨਜ਼ਰਬੰਦ ਕੀਤਾ ਗਿਆ ਹੈ। ਰੁਲਦੂ ਸਿੰਘ ਮਾਨਸਾ ਨੇ ਅੱਜ ਭਾਨਾ ਸਿੱਧੂ ਦੀ ਰਿਹਾਈ ਲਈ ਸੰਗਰੂਰ ਵਿੱਚ ਵਿਸ਼ਾਲ ਰੈਲੀ ‘ਚ ਸ਼ਮੀਲ ਹੋਣਾ ਸੀ।
ਜਿਸ ‘ਤੇ ਰੁਲਦੂ ਸਿੰਘ ਮਾਨਸਾ ਨੇ ਟਿੱਪਣੀ ਕਰਦਿਆਂ ਕਿਹਾ ਕਿ ਮਾਨਸਾ ਪੁਲਿਸ ਨੇ ਉਸ ਨੂੰ ਉੱਥੇ ਜਾਣ ਤੋਂ ਰੋਕਣ ਲਈ ਅੱਖਾਂ ਬੰਦ ਕਰ ਲਈਆਂ ਹਨ ਅਤੇ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ।
ਇਸ ਤੋਂ ਬਿਨਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਗੁਰਸੇਵਕ ਸਿੰਘ ਜਵਾਹਰਕੇ ਨੂੰ ਵੀ ਪੁਲੀਸ ਨੇ ਨਜ਼ਰਬੰਦ ਕਰ ਦਿੱਤਾ ਹੈ। ਗੁਰਸੇਵਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਾਨਾਸ਼ਾਹੀ ਰਵੱਈਆ ਅਪਣਾਇਆ ਜਾ ਰਿਹਾ ਹੈ। ਪਹਿਲਾਂ ਕੋਟਦੁੱਨਾ ‘ਚ ਲੱਖਾਂ ਦੀ ਗਿਣਤੀ ‘ਚ ਲੋਕ ਇਕੱਠੇ ਹੋਏ, ਫਿਰ ਅੱਜ ਪੰਜਾਬ ਭਰ ਦੇ ਲੋਕ ਸੰਗਰੂਰ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ ਪਰ ਇਸ ਤੋਂ ਪਹਿਲਾਂ ਹੀ ਪੁਲਸ ਵਲੋਂ ਆਗੂਆਂ ਨੂੰ ਘਰਾਂ ‘ਚ ਬੰਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚਲੇ ਜਾਣ ਤਾਂ ਜੋ ਭਾਨਾ ਸਿੱਧੂ ਨੂੰ ਰਿਹਾਅ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਪਰਵਿੰਦਰ ਸਿੰਘ ਝੋਟਾ ਨੂੰ ਵੀ ਪੁਲਿਸ ਨੇ ਉਨ੍ਹਾਂ ਦੇ ਘਰ ਵਿੱਚ ਬੰਦ ਕਰ ਦਿੱਤਾ ਹੈ। ਪਰਵਿੰਦਰ ਸਿੰਘ ਨੂੰ ਵੀ ਸਾਥੀਆਂ ਸਮੇਤ ਸੰਗਰੂਰ ਜਾਣ ਤੋਂ ਪਹਿਲਾਂ ਹੀ ਪੁਲੀਸ ਨੇ ਰੋਕ ਲਿਆ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਐਮ ਪੀ ਸਿਮਰਨਜੀਤ ਸਿੰਘ ਮਾਨ ਨੂੰ ਵੀ 1 ਫਰਵਰੀ ਨੂੰ ਘਰ ‘ਚ ਨਜ਼ਰਬੰਦ ਕਰ ਦਿੱਤਾ ਸੀ।