ਚੰਡੀਗੜ੍ਹ, 13 ਫਰਵਰੀ 2024: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਭਾਰਤ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਉਨ੍ਹਾਂ ਦੀਆਂ ਮੰਗਾਂ ਨੂੰ ਲੈਕੇ ਬਣੀ ਟਕਰਾਅ ਦੀ ਸਥਿਤੀ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਕਰਨ ਦੇ ਬਜਾਏ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਵਾਜਬ ਮੰਗਾਂ ਪੂਰੀਆਂ ਕਰਕੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ।
ਸ. ਢੀਂਡਸਾ ਨੇ ਕੇਂਦਰ ਸਰਕਾਰ ਨੂੰ ਮਸਲੇ ਦੇ ਹੱਲ ਲਈ ਤੁਰੰਤ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਨੇ ਹਮੇਸ਼ਾ ਹੀ ਕਿਸਾਨਾਂ ਅਤੇ ਮਜਦੂਰਾਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕੀਤੀ ਹੈ। ਕਿਸਾਨ ਅੰਦੋਲਨ ਵਿਚ ਵੀ ਪਾਰਟੀ ਨੇ ਕਿਸਾਨ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਪੁਰਜ਼ੋਰ ਸਮਰਥਨ ਕੀਤਾ ਅਤੇ ਭਵਿੱਖ ਵਿਚ ਵੀ ਪਾਰਟੀ ਇਸੇ ਤਰ੍ਹਾਂ ਕਿਸਾਨਾਂ ਦੀ ਹਮਾਇਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਦਿੱਲੀ ਵਿਚ ਚੱਲੇ ਕਿਸਾਨ ਅੰਦੋਲਨ ਦੌਰਾਨ ਅਨੇਕਾਂ ਕਿਸਾਨ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਹਨ ਅਤੇ ਹੁਣ ਸਰਕਾਰ ਨੂੰ ਅਜਿਹਾ ਕੋਈ ਵੀ ਕਦਮ ਨਹੀਂ ਚੁੱਕਣਾ ਚਾਹੀਦਾ ਹੈ ਜਿਸ ਨਾਲ ਮੁੜ ਅਜਿਹੀ ਸਥਿਤੀ ਪੈਦਾ ਹੋ ਸਕੇ।
ਸ. ਢੀਂਡਸਾ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਹਰੇਕ ਦਾ ਲੋਕਤੰਤਰਿਕ ਅਧਿਕਾਰ ਹੈ। ਇਸ ਕਰਕੇ ਕੇਂਦਰ ਅਤੇ ਹੋਰ ਕਿਸੇ ਵੀ ਰਾਜ ਨੂੰ ਆਪਣੇ ਨਾਗਰਿਕਾਂ ਤੋ ਇਹ ਅਧਿਕਾਰ ਖੋਹਣਾ ਨਹੀਂ ਚਾਹੀਦਾ ਹੈ।