ਚੰਡੀਗੜ੍ਹ, 15 ਫਰਵਰੀ 2024 – ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਤੀਜੀ ਮੀਟਿੰਗ ਹੋਵੇਗੀ। ਬੀਤੇ ਦਿਨ ਬੁੱਧਵਾਰ ਨੂੰ ਕਿਸਾਨਾਂ ਅਤੇ ਕੇਂਦਰ ਵਿਚਾਲੇ ਸ਼ਾਮ ਨੂੰ ਮੀਟਿੰਗ ਹੋਈ ਸੀ ਅਤੇ ਉਸ ਤੋਂ ਬਾਅਦ ਅੱਜ ਇੱਕ ਫੇਰ ਮੀਟਿੰਗ ਹੋਣੀ ਤੈਅ ਹੋਈ ਸੀ। ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਦਾ ਇਹ ਤੀਜਾ ਦੌਰ ਹੋਵੇਗਾ। ਪਿਛਲੀਆਂ ਦੋ ਮੀਟਿੰਗਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ।
ਪੰਜਾਬ ਅਤੇ ਹਰਿਆਣਾ ਦੇ ਕਿਸਾਨ ਅਜੇ ਵੀ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਹਨ। ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅਰਧ ਸੈਨਿਕ ਬਲਾਂ ਨਾਲ ਕਿਸਾਨਾਂ ਦੀ ਝੜਪ ਹੋਈ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਅਰਧ ਸੈਨਿਕ ਬਲ ਸਾਡੇ ‘ਤੇ ਹਮਲਾ ਕਰ ਰਹੇ ਹਨ।
ਪ੍ਰੈਸ ਕਾਨਫਰੰਸ ਵਿੱਚ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਦੱਸਿਆ ਕਿ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਗੱਲਬਾਤ ਦੌਰਾਨ ਸਾਨੂੰ ਕੇਂਦਰ ਵੱਲੋਂ ਮੀਟਿੰਗ ਸਬੰਧੀ ਪੱਤਰ ਮਿਲਿਆ ਹੈ। ਇਹ ਮੀਟਿੰਗ 16 ਫਰਵਰੀ ਨੂੰ ਸ਼ਾਮ ਨੂੰ 5 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਸਮੇਤ ਕੇਂਦਰ ਦੀ ਤਰਫ਼ੋਂ ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਹਾਜ਼ਰ ਰਹਿਣਗੇ।
ਸਰਵਨ ਪੰਧੇਰ ਨੇ ਅੱਗੇ ਦੱਸਿਆ ਕਿ ਅੱਜ ਅਸੀਂ ਖੁਫੀਆ ਵਿਭਾਗ ਦੇ ਏਡੀਜੀਪੀ ਨੂੰ ਦੱਸਿਆ ਕਿ ਬੈਰੀਕੇਡ ਤੋਂ ਦੂਰ ਹੋਣ ਦੇ ਬਾਵਜੂਦ ਸਾਡੇ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਇਸ ਤੋਂ ਬਾਅਦ ਹੁਣ ਹਰਿਆਣਾ ਪੁਲਿਸ ਕੁਝ ਨਹੀਂ ਕਰ ਰਹੀ ਪਰ ਕੇਂਦਰ ਸਰਕਾਰ ਦੀਆਂ ਹਦਾਇਤਾਂ ‘ਤੇ ਨੀਮ ਫ਼ੌਜੀ ਬਲ ਸਾਡੇ ‘ਤੇ ਹਮਲੇ ਕਰ ਰਹੇ ਹਨ। ਉਨ੍ਹਾਂ ਕੇਂਦਰ ਨੂੰ ਕਿਹਾ ਕਿ ਜੇਕਰ ਅਸੀਂ ਸ਼ਾਂਤੀ ਨਾਲ ਬੈਠੇ ਹਾਂ ਤਾਂ ਅਰਧ ਸੈਨਿਕ ਬਲਾਂ ਨੂੰ ਅੱਥਰੂ ਗੈਸ ਦੇ ਗੋਲੇ ਨਾ ਛੱਡਣ ਦਾ ਨਿਰਦੇਸ਼ ਦਿੱਤਾ ਜਾਵੇ। ਅਸੀਂ ਦੇਖਾਂਗੇ ਕਿ ਅੱਜ ਦੀ ਮੀਟਿੰਗ ਵਿੱਚ ਕੀ ਫੈਸਲਾ ਲਿਆ ਜਾਂਦਾ ਹੈ, ਉਸ ਤੋਂ ਬਾਅਦ ਅਸੀਂ ਅੰਦੋਲਨ ਬਾਰੇ ਭਵਿੱਖ ਬਾਰੇ ਦੱਸਾਂਗੇ।
ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸਾਨੂੰ ਬੀਤੀ ਰਾਤ ਹੀ ਗੱਲਬਾਤ ਦਾ ਸੁਨੇਹਾ ਮਿਲਿਆ ਸੀ। ਜਿਸ ਤੋਂ ਬਾਅਦ ਅਸੀਂ ਦੋਵਾਂ ਮੰਚਾਂ ਨੇ ਗੱਲਬਾਤ ਕੀਤੀ। ਜਦੋਂ ਕਿਸਾਨਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਨੇ ਗੱਲ ਕਰਨੀ ਹੈ ਤਾਂ ਸਾਨੂੰ ਵੀ ਗੱਲ ਕਰਨੀ ਚਾਹੀਦੀ ਹੈ। ਪੰਧੇਰ ਨੇ ਕਿਹਾ ਕਿ ਸ਼ਾਂਤੀ ਨਾਲ ਬੈਠੇ ਲੋਕਾਂ ‘ਤੇ ਡਰੋਨ ਤੋਂ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਕੇਂਦਰ ਜਾਣਬੁੱਝ ਕੇ ਕਿਸਾਨਾਂ ਨੂੰ ਭੜਕਾ ਰਿਹਾ ਹੈ। ਪੰਧੇਰ ਨੇ ਕਿਹਾ ਕਿ ਅਸੀਂ ਪਿੱਛੇ ਖੜ੍ਹੇ ਸੀ ਪਰ ਫਿਰ ਵੀ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਕੇਂਦਰ ਦਾ ਇਹ ਰਵੱਈਆ ਸਹੀ ਨਹੀਂ ਹੈ।
ਅੰਦੋਲਨ ਦੇ ਤੀਜੇ ਦਿਨ ਵੀ ਕਿਸਾਨ ਮਜ਼ਦੂਰ ਮੋਰਚਾ ਅਤੇ ਬੀਕੇਯੂ (ਸਿੱਧੂਪੁਰ) ਦੀ ਅਗਵਾਈ ਹੇਠ ਕਿਸਾਨ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਬਾਰਡਰ ’ਤੇ ਡਟੇ ਹੋਏ ਹਨ। ਬੁੱਧਵਾਰ ਨੂੰ ਵੀ ਦਿਨ ਭਰ ਕਿਸਾਨ ਅਤੇ ਪੁਲਸ ਆਹਮੋ-ਸਾਹਮਣੇ ਰਹੀ। ਜਦੋਂ ਕਿਸਾਨਾਂ ਨੇ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਸੁੱਟੇ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੋਸ਼ ਲਾਇਆ ਕਿ ਪੁਲੀਸ ਨੇ ਉਨ੍ਹਾਂ ’ਤੇ ਗੋਲੀਆਂ ਚਲਾਈਆਂ।
ਖਨੌਰੀ ਸਰਹੱਦ ‘ਤੇ ਕਿਸਾਨਾਂ ਅਤੇ ਨੀਮ ਫੌਜੀ ਬਲਾਂ ਵਿਚਾਲੇ ਝੜਪ ਹੋ ਗਈ। ਜਦੋਂ ਫੌਜ ਨੇ ਕਿਸਾਨਾਂ ਦਾ ਪਿੱਛਾ ਕੀਤਾ ਤਾਂ ਹੋਰ ਕਿਸਾਨ ਉਨ੍ਹਾਂ ਦੇ ਅੱਗੇ ਇਕੱਠੇ ਹੋ ਗਏ। ਜਿਸ ਨੇ ਜਵਾਨਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਦੇ ਹੈਲਮੇਟ ਅਤੇ ਡੰਡੇ ਖੋਹ ਲਏ।
ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਘਟਨਾ ਤੋਂ ਬਾਅਦ ਹੋਰ ਜਥੇਬੰਦੀਆਂ ਵੀ ਪ੍ਰਦਰਸ਼ਨਕਾਰੀਆਂ ਦੇ ਸਮਰਥਨ ‘ਚ ਆ ਗਈਆਂ ਹਨ। ਸੰਯੁਕਤ ਕਿਸਾਨ ਮੋਰਚਾ (SKM) ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਕੱਲ੍ਹ (ਵੀਰਵਾਰ) ਰਾਤ 11 ਵਜੇ ਤੋਂ ਦੁਪਹਿਰ 2 ਵਜੇ ਤੱਕ 3 ਘੰਟੇ ਲਈ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਦੇ ਪ੍ਰਧਾਨ ਗੁਰਨਾਮ ਚੜੂਨੀ ਨੇ ਕੱਲ੍ਹ ਸਵੇਰੇ 11 ਵਜੇ ਸਮਰਥਕਾਂ ਦੀ ਹੰਗਾਮੀ ਮੀਟਿੰਗ ਬੁਲਾਈ ਹੈ।
ਇਸ ਤੋਂ ਪਹਿਲਾਂ, ਹਰਿਆਣਾ ਸਰਕਾਰ ਨੇ ਰਾਜ ਦੇ 7 ਜ਼ਿਲ੍ਹਿਆਂ ਵਿੱਚ 15 ਫਰਵਰੀ ਦੀ ਅੱਧੀ ਰਾਤ 12 ਤੱਕ ਇੰਟਰਨੈਟ ਪਾਬੰਦੀ ਵਧਾ ਦਿੱਤੀ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ।
13 ਫਰਵਰੀ ਨੂੰ ਕਿਸਾਨਾਂ ਨੇ ਪੰਜਾਬ ਤੋਂ ਹਰਿਆਣਾ ਤੱਕ ਮਾਰਚ ਕੀਤਾ ਸੀ। ਦੁਪਹਿਰ ਕਰੀਬ 12 ਵਜੇ ਕਿਸਾਨ ਇਕੱਠੇ ਹੋ ਕੇ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ ‘ਤੇ ਪਹੁੰਚੇ। ਜ਼ਿਆਦਾਤਰ ਕਿਸਾਨ ਸ਼ੰਭੂ ਬਾਰਡਰ ‘ਤੇ ਪਹੁੰਚ ਗਏ। ਜਿਵੇਂ ਹੀ ਕਿਸਾਨ ਇੱਥੇ ਪੁੱਜੇ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਪੁਲਿਸ ਨੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ। ਕਿਸਾਨਾਂ ਨਾਲ ਹੋਈ ਝੜਪ ਵਿੱਚ ਅੰਬਾਲਾ ਪੁਲੀਸ ਦੇ ਡੀਐਸਪੀ ਸਮੇਤ 5 ਪੁਲੀਸ ਮੁਲਾਜ਼ਮ ਤੇ ਕਈ ਕਿਸਾਨ ਜ਼ਖ਼ਮੀ ਹੋ ਗਏ।