ਚੰਡੀਗੜ੍ਹ, 20 ਫਰਵਰੀ 2024 – ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿਚ ਸਾਬਕਾ ਸੀ ਐਮ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੇ ਪੰਜਾਬ ਦੀ ਰਾਜਨੀਤੀ ‘ਚ ਨਵੀਂ ਖੁੰਢ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਨੇ ਬੇਬਾਕੀ ਦੇ ਨਾਲ ਅਕਾਲੀ ਭਾਜਪਾ ਗੱਠਜੋੜ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਇਥੋਂ ਤੱਕ ਕਿਹਾ ਕਿ ਉਨ੍ਹਾਂ ਨੇ ਖੁਦ ਜੇ.ਪੀ. ਨੱਡਾ ਦੇ ਨਾਲ ਇਸ ਬਾਰੇ ਗੱਲਬਾਤ ਕੀਤੀ ਕੀਤੀ ਹੈ। ਉਥੇ ਹੀ ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਦਾਅਵਾ ਵੀ ਕੀਤਾ ਕਿ, ਅਕਾਲੀ-ਭਾਜਪਾ ਗੱਠਜੋੜ ਛੇਤੀ ਹੀ ਹੋ ਸਕਦਾ ਹੈ ਅਤੇ ਜਲਦ ਇਸ ਬਾਰੇ ਫ਼ੈਸਲਾ ਪਾਰਟੀ ਹਾਈਕਮਾਨ ਲੈ ਸਕਦਾ ਹੈ।
ਜ਼ਿਕਰਯੋਗ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਸਿਰ ‘ਤੇ ਹਨ ਅਤੇ ਅਕਾਲੀ ਦਲ ਅਤੇ ਬੀਜੇਪੀ ਪਾਰਟੀਆਂ ਦੋਵੇਂ ਹੀ ਪੰਜਾਬ ‘ਚ ਆਪਣਾ ਵਜੂਦ ਭਾਲ ਰਹੀਆਂ ਹਨ। 2021 ਦੇ ਕਿਸਾਨ ਅੰਦੋਲਨ ਤੋਂ ਬਾਅਦ ਅਕਾਲੀ ਦਲ ਨੇ ਆਪਣੇ ਆਪ ਨੂੰ ਬੀਜੇਪੀ ਨਾਲੋਂ ਵੱਖ ਕਰ ਲਿਆ ਸੀ ਅਤੇ ਉਸ ਤੋਂ ਬਾਅਦ ਦੋਵਾਂ ਪਾਰਟੀਆਂ ਨੇ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵੱਖ-ਵੱਖ ਹੋ ਕੇ ਲੜੀਆਂ ਸਨ ਜਿਸ ਦਾ ਕਿ ਦੋਵਾਂ ਹੀ ਪਾਰਟੀਆਂ ਨੂੰ ਵੱਡਾ ਨੁਕਸਾਨ ਹੋਇਆ ਸੀ ਅਕਾਲੀ ਦਲ 3 ਅਤੇ ਬੀਜੇਪੀ ਨੇ ਸਿਰਫ 2 ਸੀਟਾਂ ਜਿੱਤੀਆਂ ਸਨ।
ਜਿਸ ਤੋਂ ਬਾਅਦ ਹੁਣ ਦੋਵਾਂ ਪਾਰਟੀਆਂ ਅੱਗੇ ਫੇਰ ਓਹੀ ਹਾਲਤ ਹਨ। ਕਿਸਾਨ ਅੰਦੋਲਨ-2 ਫੇਰ ਸ਼ੁਰੂ ਹੋ ਗਿਆ ਹੈ। ਜਿਸ ਤੋਂ ਬਾਅਦ ਫੇਰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਵੀ ਸਥਿਤੀ ਉਹੀ ਬਣੀ ਹੋਈ ਹੈ। ਹਾਲਾਂਕਿ ਪਿਛਲੇ ਕਈ ਮਹੀਨਿਆਂ ਤੋਂ ਦੋਵਾਂ ਦੇ ਗਠਜੋੜ ਨੂੰ ਲੈ ਕੇ ਵੱਖ-ਵੱਖ ਖਬਰਾਂ ਆਉਂਦੀਆਂ ਰਹੀਆਂ ਹਨ, ਪਰ ਦੋਵਾਂ ਪਾਰਟੀਆਂ ਵੱਲੋਂ ਕੋਈ ਵੀ ਵੱਡਾ ਆਗੂ ਇਸ ‘ਤੇ ਖੁੱਲ੍ਹ ਕੇ ਨਹੀਂ ਬੋਲਿਆ।
ਉੱਥੇ ਹੀ ਕਾਂਗਰਸ ਛੱਡ ਕੇ ਆਏ ਅਤੇ ਇਸ ਵੇਲੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਦੋਵਾਂ ਪਾਰਟੀਆਂ ‘ਤੇ ਬਿਆਨ ਦਿੱਤਾ ਸੀ ਕਿ ਪੰਜਾਬ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਰਹਿਣਾ ਜ਼ਰੂਰੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਇਕ ਸਿਆਸੀ ਹੀ ਨਹੀਂ ਧਾਰਮਿਕ ਪਾਰਟੀ ਵੀ ਹੈ। ਇਸ ਲਈ ਸਿੱਖਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਇੱਕ ਪਲੇਟਫਾਰਮ ਹੋਣਾ ਚਾਹੀਦਾ ਹੈ।
ਉੱਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਕੈਪਟਨ ਨੇ ਕਿਹਾ ਕਿ ਜੇਕਰ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਹੋ ਗਿਆ ਤਾਂ ਉਨ੍ਹਾਂ ਨੂੰ ਕੋਈ ਵੀ ਨਹੀਂ ਹਰਾ ਸਕੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਇਸ ਦੇ ਹੱਕ ਵਿੱਚ ਹਨ। ਸਾਬਕਾ ਮੁੱਖ ਮੰਤਰੀ ਨੇ ਸੋਮਵਾਰ ਨੂੰ ਇਹ ਗੱਲ ਕਹੀ ਜਦੋਂ ਉਹ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਿੱਲੀ ਗਏ ਸਨ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਦੀ ਇਸ ਮੀਟਿੰਗ ਦੌਰਾਨ ਮੁੱਖ ਮੁੱਦਾ ਕਿਸਾਨਾਂ ਦੀਆਂ ਮੰਗਾਂ ਅਤੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਸੀ।