ਢਾਕਾ, 1 ਮਾਰਚ 2024 – ਗੁਆਂਢੀ ਦੇਸ਼ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਇਕ ਸੱਤ ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਸ ‘ਚ ‘ਚ ਹੁਣ ਤੱਕ 43 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 22 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸੱਤ ਮੰਜ਼ਿਲਾ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਇਕ ਰੈਸਟੋਰੈਂਟ ‘ਚ ਵੀਰਵਾਰ ਰਾਤ 9.50 ਵਜੇ ਅੱਗ ਲੱਗੀ। ਅੱਗ ਜਲਦੀ ਹੀ ਇਮਾਰਤ ਦੀਆਂ ਉਪਰਲੀਆਂ ਮੰਜ਼ਿਲਾਂ ਤੱਕ ਵੀ ਫੈਲਣ ਲੱਗੀ।
ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਕਾਰਨ ਇਮਾਰਤ ‘ਚ 75 ਲੋਕ ਫਸ ਗਏ ਸਨ, ਜਿਨ੍ਹਾਂ ‘ਚੋਂ 42 ਬੇਹੋਸ਼ ਹੋ ਗਏ ਸਨ। ਇਨ੍ਹਾਂ ਲੋਕਾਂ ਨੂੰ ਇਮਾਰਤ ਤੋਂ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਮੌਕੇ ‘ਤੇ ਮੌਜੂਦ ਦੱਸੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਡਾ: ਸਾਮੰਤ ਲਾਲ ਸੇਨ ਨੇ ਦੱਸਿਆ ਕਿ ਢਾਕਾ ਮੈਡੀਕਲ ਕਾਲਜ ਹਸਪਤਾਲ ‘ਚ 33 ਲੋਕਾਂ ਦੀ ਮੌਤ ਹੋ ਗਈ ਜਦਕਿ 10 ਲੋਕਾਂ ਦੀ ਮੌਤ ਸ਼ੇਖ ਹਸੀਨਾ ਨੈਸ਼ਨਲ ਇੰਸਟੀਚਿਊਟ ਆਫ਼ ਬਰਨ ਐਂਡ ਪਲਾਸਟਿਕ ਸਰਜਰੀ ਹਸਪਤਾਲ ‘ਚ ਹੋਈ। ਉਨ੍ਹਾਂ ਦੱਸਿਆ ਕਿ ਦੋਵਾਂ ਹਸਪਤਾਲਾਂ ਵਿੱਚ 22 ਵਿਅਕਤੀ ਇਲਾਜ ਅਧੀਨ ਹਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਹਾਲਾਂਕਿ, ਜੋ ਬਚੇ ਉਨ੍ਹਾਂ ਦੀ ਸਾਹ ਪ੍ਰਣਾਲੀ ਬੁਰੀ ਤਰ੍ਹਾਂ ਨਾਲ ਖਰਾਬ ਹੋ ਗਈ ਹੈ ਅਤੇ ਉਨ੍ਹਾਂ ਨੂੰ ਸਾਹ ਲੈਣ ‘ਚ ਮੁਸ਼ਕਿਲ ਆ ਰਹੀ ਹੈ।
ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਕਈ ਲਾਸ਼ਾਂ ਇੰਨੀ ਬੁਰੀ ਤਰ੍ਹਾਂ ਸੜ ਚੁੱਕੀਆਂ ਹਨ ਕਿ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਵੀ ਸੰਭਾਵਨਾ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।