ਬਠਿੰਡਾ, 10 ਮਾਰਚ 2024 – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਲੀਡਰ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਜੌਹਲ ਨੇ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਮਨਪ੍ਰੀਤ ਬਾਦਲ ਨੇ ਛਾਤੀ ਵਿਚ ਦਰਦ ਸੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਬਠਿੰਡਾ ਦੇ ਜਿੰਦਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਬਾਰੇ ਦੱਸਿਆ। ਇਸ ਕਾਰਨ ਉਨ੍ਹਾਂ ਦਾ ਤੁਰੰਤ ਆਪਰੇਸ਼ਨ ਕਰਕੇ ਇਕ ਸਟੰਟ ਪਾਇਆ ਗਿਆ ਹੈ, ਜਾਣਕਾਰੀ ਮਿਲੀ ਹੈ ਕਿ ਫਿਲਹਾਲ ਮਨਪ੍ਰੀਤ ਬਾਦਲ ਦੀ ਹਾਲਤ ਸਥਿਰ ਹੈ।
ਦੱਸ ਦਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ, ਜੋ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਮਨਾਈ ਜਾ ਰਹੀ ਹੈ। ਸਵੇਰ ਤੋਂ ਸਿਹਤ ਠੀਕ ਨਾ ਹੋਣ ਕਰਕੇ ਮਨਪ੍ਰੀਤ ਬਾਦਲ ਸਵਰਗੀ ਤਾਇਆ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਵਿਚ ਸ਼ਾਮਲ ਨਹੀਂ ਹੋ ਸਕੇ। ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਮੌਕੇ ਕਈ ਵੱਡੇ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ।