ਕਪੂਰਥਲਾ, 12 ਮਾਰਚ 2024 – ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ‘ਚ ਅਵਾਰਾ ਆਦਮਖੋਰ ਕੁੱਤਿਆਂ ਨੇ 12 ਸਾਲ ਦੇ ਬੱਚੇ ਨੂੰ ਵੱਢ ਕੇ ਗੰਭੀਰ ਜ਼ਖਮੀ ਕਰ ਦਿੱਤਾ ਹੈ। ਜਿਸ ਕਾਰਨ ਅਵਾਰਾ ਕੁੱਤਿਆਂ ਦਾ ਆਤੰਕ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਕੁੱਤੇ ਦੇ ਕੱਟਣ ਨਾਲ ਜ਼ਖਮੀ ਹੋਏ ਬੱਚੇ ਨੂੰ ਸੁਲਤਾਨਪੁਰ ਲੋਧੀ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਮੁਹੱਲਾ ਪੰਡੋਰੀ ‘ਚ ਕੰਮ ਤੋਂ ਘਰ ਪਰਤ ਰਹੇ 12 ਸਾਲਾ ਪ੍ਰਵੇਸ਼ ਕੁਮਾਰ ਪੁੱਤਰ ਰਜਿੰਦਰ ਕੁਮਾਰ ਨੂੰ ਕੁੱਤੇ ਨੇ ਬੁਰੀ ਤਰ੍ਹਾਂ ਵੱਢ ਲਿਆ। ਜਿਸ ਕਾਰਨ ਉਸ ਦਾ ਖੂਨ ਵਹਿ ਗਿਆ। ਮੌਕੇ ‘ਤੇ ਮੌਜੂਦ ਇਲਾਕਾ ਨਿਵਾਸੀਆਂ ਨੇ ਬੜੀ ਮੁਸ਼ਕਲ ਨਾਲ ਬੱਚੇ ਨੂੰ ਕੁੱਤੇ ਦੇ ਚੁੰਗਲ ‘ਚੋਂ ਛੁਡਵਾਇਆ ਅਤੇ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਿਊਟੀ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ।
ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਆਵਾਰਾ ਕੁੱਤਿਆਂ ‘ਤੇ ਸ਼ਿਕੰਜਾ ਕੱਸਣ ਦੀ ਮੰਗ ਕੀਤੀ ਹੈ। ਅਤੇ ਨਿੱਤ ਦਿਨ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਅਤਿ ਨਿੰਦਣਯੋਗ ਹੈ ਕਿ ਵਾਰ-ਵਾਰ ਪ੍ਰਸ਼ਾਸਨ ਨੂੰ ਸੂਚਿਤ ਕਰਨ ਦੇ ਬਾਵਜੂਦ ਪ੍ਰਸ਼ਾਸਨ ਇਸ ਪਾਸੇ ਧਿਆਨ ਨਹੀਂ ਦੇ ਰਿਹਾ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢਣ ਦੇ ਕਈ ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਔਰਤ ਅਤੇ ਇੱਕ ਬੱਚੇ ਦੀ ਵੀ ਮੌਤ ਹੋ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਘਟਨਾਵਾਂ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਮਹਿਜ਼ ਮੂਕ ਦਰਸ਼ਕ ਬਣਿਆ ਹੋਇਆ ਹੈ।