ਚੰਡੀਗੜ੍ਹ, 22 ਮਾਰਚ 2024 – ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਪੰਜਾਬ ‘ਚ ਵੀ ਆਪ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਆਬਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ਵੀ ਤੇਜ਼ ਹੋ ਗਈ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਕੇਜਰੀਵਾਲ ਦੇ ਨਾਲ ਖੜ੍ਹੀ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਕਈ ਆਗੂ ਤੇ ਸਮਰਥਕ ਦਿੱਲੀ ਪਹੁੰਚ ਚੁੱਕੇ ਹਨ। ਉਹ ਉੱਥੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਧਰਨੇ ਵਿੱਚ ਹਿੱਸਾ ਲੈਣਗੇ।
ਆਮ ਆਦਮੀ ਪਾਰਟੀ ਦੇ ਵਰਕਰ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੇੜੇ ਧਰਨਾ ਦੇਣਗੇ। ਇਸ ਵਿੱਚ ਪਾਰਟੀ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ। ‘ਆਪ’ ਨੇ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾਈ ਹੈ। ਇਸ ਵਿੱਚ ਲਿਖਿਆ ਗਿਆ ਹੈ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੁਹਾਲੀ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਸਾਰੇ ਸੰਘਰਸ਼ੀ ਸਾਥੀਆਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਪ੍ਰਦਰਸ਼ਨ ਦਾ ਸਮਾਂ ਦੁਪਹਿਰ 12 ਵਜੇ ਰੱਖਿਆ ਗਿਆ ਹੈ।