ਚੰਡੀਗੜ੍ਹ, 26 ਮਾਰਚ 2024 – ਪੰਜਾਬ ‘ਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਇਸ ਦਾ ਐਲਾਨ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਫੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ ਗਿਆ ਹੈ। ਪਾਰਟੀ ਦੇ ਵੱਡੇ ਆਗੂਆਂ ਦੀ ਵੀ ਇਹੀ ਰਾਏ ਹੈ। ਹੁਣ ਪੰਜਾਬ ਵਿੱਚ ਬੀਜੇਪੀ ਲੋਕ ਸਭਾ ਦੀਆਂ 13 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ।
ਜਾਖੜ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਭਵਿੱਖ, ਨੌਜਵਾਨਾਂ, ਕਿਸਾਨਾਂ ਅਤੇ ਵਪਾਰੀਆਂ ਅਤੇ ਪਛੜੇ ਵਰਗਾਂ ਦੀ ਬਿਹਤਰੀ ਲਈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਇਕੱਠਾ ਹੋਇਆ ਹੈ। ਪੀਐਮ ਮੋਦੀ ਨੇ ਕਰਤਾਰਪੁਰ ਲਾਂਘੇ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਕੀਤੀ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਭਾਜਪਾ ਦੇ ਮੁੜ ਅਕਾਲੀ ਦਲ ਨਾਲ ਗਠਜੋੜ ਦੀ ਚਰਚਾ ਸੀ। ਭਾਜਪਾ ਦੇ ਸੀਨੀਅਰ ਆਗੂ ਵੀ ਇਸ ਦੇ ਹੱਕ ਵਿੱਚ ਸਨ। ਇਸ ਦੇ ਬਾਵਜੂਦ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ।