- ਵੱਡੇ ਆਗੂਆਂ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਨਵੀਂ ਰਣਨੀਤੀ ਬਣਾਈ
ਫਤਹਿਗੜ੍ਹ ਸਾਹਿਬ, 29 ਮਾਰਚ 2024 – ਪੰਜਾਬ ਕਾਂਗਰਸ ਨੇ ਵੱਡੇ ਆਗੂਆਂ ਦੇ ਪਾਰਟੀ ਛੱਡਣ ਤੋਂ ਬਾਅਦ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਡੈਮੇਜ ਕੰਟਰੋਲ ਸ਼ੁਰੂ ਕਰ ਦਿੱਤਾ ਹੈ। ਇੱਕ ਪਾਸੇ ਪਾਰਟੀ ਛੱਡ ਚੁੱਕੇ ਪੁਰਾਣੇ ਲੀਡਰਾਂ ਦੀ ਘਰ ਵਾਪਸੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜਿਨ੍ਹਾਂ ਖੇਤਰਾਂ ‘ਚ ਆਗੂਆਂ ਦੀ ਘਾਟ ਹੈ, ਉੱਥੇ ਪਾਰਟੀ ਕੇਡਰ ਨੂੰ ਮਜ਼ਬੂਤ ਕਰਨ ਲਈ ਸਿਆਸੀ ਜ਼ਮੀਨ ਮੁੜ ਹਾਸਲ ਕਰਨ ਲਈ ਨਵੀਂ ਰਣਨੀਤੀ ਘੜੀ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਤੇ ਬੱਸੀ ਪਠਾਣਾ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ.ਸਿੰਘ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਪੁਰਾਣੇ ਟਕਸਾਲੀ ਕਾਂਗਰਸੀ ਆਗੂ ਨੂੰ ਜ਼ਿਲ੍ਹੇ ਦੀ ਕਮਾਨ ਸੌਂਪੀ ਗਈ ਹੈ।
ਸਿਕੰਦਰ ਸਿੰਘ ਨੂੰ ਸ੍ਰੀ ਫਤਿਹਗੜ੍ਹ ਹਲਕੇ ਦਾ ਕਾਰਜਕਾਰੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਸਬੰਧੀ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ 31 ਮੈਂਬਰੀ ਕਮੇਟੀ ਬਣਾਈ ਗਈ ਹੈ।