ਚੰਡੀਗੜ੍ਹ, 3 ਅਪ੍ਰੈਲ 2024 – ਹਰਿਆਣਾ ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਰਨਾਲ ਵਿਧਾਨ ਸਭਾ ਸੀਟ ਦੀ ਉਪ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਪਟੀਸ਼ਨ ਰੱਦ ਹੋਣ ਨਾਲ ਜ਼ਿਮਨੀ ਚੋਣ ਦਾ ਰਾਹ ਪੱਧਰਾ ਹੋ ਗਿਆ ਹੈ। ਹਾਲਾਂਕਿ ਇਹ ਫੈਸਲਾ ਇਕ ਜਨਹਿਤ ਪਟੀਸ਼ਨ ‘ਤੇ ਲਿਆ ਗਿਆ ਹੈ।
ਇਹ ਫੈਸਲਾ ਜੇਜੇਪੀ ਨੇਤਾ ਦੀ ਪਟੀਸ਼ਨ ‘ਤੇ ਲਿਆ ਗਿਆ ਹੈ। ਇਸ ਸੀਟ ‘ਤੇ 25 ਮਈ ਨੂੰ ਉਪ ਚੋਣਾਂ ਹੋਣੀਆਂ ਹਨ। ਭਾਜਪਾ ਨੇ ਇੱਥੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ ਇੱਕ ਸਾਲ ਤੋਂ ਘੱਟ ਹੋਣ ਦੀ ਦਲੀਲ ਦਿੰਦੇ ਹੋਏ ਚੋਣਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਵਿੱਚ ਹਾਲ ਹੀ ਵਿੱਚ ਮਹਾਰਾਸ਼ਟਰ ਵਿੱਚ ਅਕੋਲਾ ਉਪ ਚੋਣ ਨੂੰ ਰੱਦ ਕਰਨ ਦੇ ਮੁੰਬਈ ਹਾਈ ਕੋਰਟ ਦੇ ਨਾਗਪੁਰ ਬੈਂਚ ਦੇ ਫੈਸਲੇ ਨੂੰ ਆਧਾਰ ਬਣਾਇਆ ਗਿਆ ਸੀ। ਇੱਥੇ ਵਿਧਾਨ ਸਭਾ ਦਾ ਕਾਰਜਕਾਲ ਇੱਕ ਸਾਲ ਤੋਂ ਘੱਟ ਹੋਣ ਕਾਰਨ ਉਪ ਚੋਣ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।
ਇਸ ਮਾਮਲੇ ਵਿੱਚ ਐਡਵੋਕੇਟ ਹੇਮੰਤ ਕੁਮਾਰ ਦਾ ਕਹਿਣਾ ਹੈ ਕਿ ਜੇਕਰ ਮਾਮਲਾ ਸਿਰਫ਼ ਇੱਕ ਵਿਧਾਨ ਸਭਾ ਸੀਟ ਦਾ ਹੁੰਦਾ ਤਾਂ ਚੋਣਾਂ ਨੂੰ ਰੋਕਿਆ ਜਾ ਸਕਦਾ ਸੀ, ਪਰ ਇੱਥੇ ਮਾਮਲਾ ਮੁੱਖ ਮੰਤਰੀ ਨਾਲ ਜੁੜਿਆ ਹੋਇਆ ਹੈ, ਜਿਸ ਨੇ 6 ਮਹੀਨਿਆਂ ਵਿੱਚ ਚੋਣਾਂ ਜਿੱਤਣੀਆਂ ਹਨ। ਅਜਿਹੀ ਸਥਿਤੀ ਵਿੱਚ ਚੋਣ ਕਮਿਸ਼ਨ ਕੋਲ ਉਪ ਚੋਣਾਂ ਕਰਵਾਉਣ ਦਾ ਅਧਿਕਾਰ ਹੈ।