- ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸਾਰੇ ਵਿਧਾਇਕ ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ ਖਟਕੜ ਕਲਾਂ ਵਿਖੇ ਭੁੱਖ ਹੜਤਾਲ ਕਰਨਗੇ ਅਤੇ ‘ਆਪ’ ਵਰਕਰ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰ ਨੇੜੇ ਭੁੱਖ ਹੜਤਾਲ ਕਰਨਗੇ
- ਇਹ ਚੋਣਾਂ ਆਜ਼ਾਦੀ ਤੋਂ ਬਾਅਦ ਲੋਕਤੰਤਰ ਨੂੰ ਬਚਾਉਣ ਦੀ ਸਭ ਤੋਂ ਵੱਡੀ ਲੜਾਈ ਹੈ- ਵਿਧਾਇਕ ਦਿਨੇਸ਼ ਚੱਢਾ
- ਅਰਵਿੰਦ ਕੇਜਰੀਵਾਲ ਨੂੰ ਸਿਰਫ ਇਸ ਲਈ ਜੇਲ੍ਹ ਵਿੱਚ ਡੱਕਿਆ ਗਿਆ ਕਿਉਂਕਿ ਉਹ ਭਾਜਪਾ ਨੂੰ ਸਭ ਤੋਂ ਵੱਧ ਚੁਣੌਤੀ ਦਿੰਦੇ ਹਨ – ਚੱਢਾ
ਚੰਡੀਗੜ੍ਹ, 8 ਅਪ੍ਰੈਲ 024 – ਅੱਜ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਖ਼ਿਲਾਫ਼ ‘ਆਪ’ ਆਗੂ ਤੇ ਵਰਕਰ ਪੰਜਾਬ ਭਰ ਵਿੱਚ ਇੱਕ ਰੋਜ਼ਾ ਵਰਤ ਰੱਖਣਗੇ।
‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ‘ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਇਹ ਵਰਤ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਨੇੜੇ ਭੁੱਖ ਹੜਤਾਲ ਕਰਨਗੇ।
ਇਸ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਕ੍ਰਾਂਤੀ ਦੀ ਧਰਤੀ ਖਟਕੜ ਕਲਾ ਵਿਖੇ ਇੱਕ ਰੋਜ਼ਾ ਵਰਤ ਰੱਖਿਆ ਜਾਵੇਗਾ, ਜਿੱਥੋਂ ਅੰਗਰੇਜ਼ਾਂ ਨੂੰ ਭਜਾਉਣ ਲਈ ਲੜਾਈ ਲੜੀ ਗਈ ਸੀ। ਉੱਥੇ ਪਾਰਟੀ ਦੇ ਸਾਰੇ ਵਿਧਾਇਕ ਇੱਕ ਦਿਨ ਦੇ ਵਰਤ ਵਿੱਚ ਹਿੱਸਾ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਇਨਕਲਾਬੀ ਭਗਵੰਤ ਸਿੰਘ ਮਾਨ ਵੀ ਇਸ ਵਰਤ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਨੂੰ ਬਚਾਉਣ ਦੀ ਇਸ ਲੜਾਈ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈ ਕੇ ਭਾਜਪਾ ਦੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ।
ਦਿਨੇਸ਼ ਚੱਢਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਨੂੰ ਜਾਣਬੁੱਝ ਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤਾਂ ਜੋ ਚੋਣਾਂ ਵਿੱਚ ਕੋਈ ਵੀ ਭਾਜਪਾ ਵਿਰੁੱਧ ਪ੍ਰਚਾਰ ਨਾ ਕਰ ਸਕੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸਾਰੇ ਨੇਤਾਵਾਂ ਨੂੰ ਖਾਸ ਤੌਰ ‘ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਭਾਜਪਾ ਨੂੰ ਸਭ ਤੋਂ ਵੱਡਾ ਮੁਕਾਬਲਾ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਿਰਫ਼ ਇਸ ਲਈ ਜੇਲ੍ਹ ਵਿੱਚ ਡੱਕਿਆ ਗਿਆ ਕਿਉਂਕਿ ਉਨਾਂ ਨੇ ਭਾਜਪਾ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ ਸੀ। ਭਾਜਪਾ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਸਾਡਾ ਮਨੋਬਲ ਤੋੜਨਾ ਚਾਹੁੰਦੀ ਹੈ। ਸਾਡੇ ਰਾਜ ਸਭਾ ਮੈਂਬਰ ਸੰਜੇ ਸਿੰਘ, ਮਂਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਅਤੇ ਉਨ੍ਹਾਂ ਦਾ ਮਨੋਬਲ ਤੋੜਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ। ਇੱਕ-ਇੱਕ ਕਰਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਸਾਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਭਾਜਪਾ ਅਜਿਹਾ ਇਸ ਲਈ ਕਰ ਰਹੀ ਹੈ ਕਿਉਂਕਿ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਨੂੰ ਸਭ ਤੋਂ ਵੱਧ ਖ਼ਤਰਾ ਜੇਕਰ ਕਿਸੇ ਤੋਂ ਹੈ ਤਾਂ ਉਹ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਹੈ। ਇਸੇ ਕਾਰਨ ਉਨਾਂ ਨੂੰ ਇੱਕ ਪੈਸਾ ਵੀ ਵਸੂਲਣ ਤੋਂ ਬਿਨਾਂ, ਬਿਨਾਂ ਕਿਸੇ ਬੇਨਾਮੀ ਜਾਇਦਾਦ ਦੇ ਅਤੇ ਇੱਕ ਪੈਸਾ ਵੀ ਮਾਲੀ ਨੁਕਸਾਨ ਨਾ ਹੋਣ ਦੇ ਬਾਵਜੂਦ ਉਨਾਂ ਨੂੰ ਘੁਟਾਲਾ ਹੋਣ ਦੇ ਆਧਾਰ ’ਤੇ ਜੇਲ੍ਹ ਵਿੱਚ ਡੱਕ ਦਿੱਤਾ ਗਿਆ।
ਪਰ ਭਾਜਪਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਰਵਿੰਦ ਕੇਜਰੀਵਾਲ ਲਹਿਰ ਵਿੱਚੋਂ ਉੱਭਰਨ ਵਾਲਾ ਆਗੂ ਹੈ ਅਤੇ ਆਮ ਆਦਮੀ ਪਾਰਟੀ ਲਹਿਰ ਵਿੱਚੋਂ ਉੱਭਰਨ ਵਾਲੀ ਪਾਰਟੀ ਹੈ। ਇੱਕ ਅਰਵਿੰਦ ਕੇਜਰੀਵਾਲ ਨੂੰ ਪਾ ਦਿਓ ਤਾਂ ਲੱਖਾਂ ਅਰਵਿੰਦ ਕੇਜਰੀਵਾਲ ਨਿਕਲਣਗੇ। ਅਸੀਂ ਭਾਜਪਾ ਦੀ ਗੁੰਡਾਗਰਦੀ ਅੱਗੇ ਝੁਕਣ ਵਾਲੇ ਨਹੀਂ ਹਾਂ।
ਭੁੱਖ ਹੜਤਾਲ ਆਮ ਆਦਮੀ ਦਾ ਹਥਿਆਰ ਹੈ, ਇਸ ਲਈ ਅਸੀਂ ਇਸਦਾ ਸਹਾਰਾ ਲਿਆ – ਬੱਬੀ ਬਾਦਲ
ਵਰਤ ਦੌਰਾਨ ਅਸੀਂ ਬੱਸਾਂ ਅਤੇ ਸੜਕਾਂ ਨਹੀਂ ਰੋਕਾਂਗੇ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ‘ਤੇ ਕੋਈ ਅਸਰ ਨਹੀਂ ਪਾਵਾਂਗੇ, ਅਸੀਂ ਸਿਰਫ ਆਪਣੇ ਸਰੀਰਾਂ ਨੂੰ ਦਰਦ ਦੇਵਾਂਗੇ – ਬਾਦਲ
ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਬੁਲਾਰੇ ਬੱਬੀ ਬਾਦਲ ਨੇ ਕਿਹਾ ਕਿ ਅੱਜ ਸਵੇਰੇ 11 ਵਜੇ ਤੋਂ ਵਰਤ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਭੁੱਖ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਭੁੱਖ ਹੜਤਾਲ ਆਮ ਆਦਮੀ ਦਾ ਹਥਿਆਰ ਹੈ। ਉਨ੍ਹਾਂ ਕਿਹਾ ਕਿ ਵਰਤ ਦੌਰਾਨ ਅਸੀਂ ਬੱਸਾਂ ਅਤੇ ਸੜਕਾਂ ਨੂੰ ਨਹੀਂ ਰੋਕਾਂਗੇ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ‘ਤੇ ਕੋਈ ਅਸਰ ਨਹੀਂ ਪਾਵਾਂਗੇ, ਅਸੀਂ ਸਿਰਫ਼ ਆਪਣੇ ਸਰੀਰਾਂ ਨੂੰ ਹੀ ਦਰਦ ਦੇਵਾਂਗੇ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਿਰਫ਼ ਅਰਵਿੰਦ ਕੇਜਰੀਵਾਲ ਦੀ ਲੜਾਈ ਨਹੀਂ ਹੈ। ਇਹ ਲੜਾਈ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ। ਇਸ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਵਿੱਚ ਸ਼ਾਮਲ ਹੋਵੋ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਨ। ਉਹ ਆਈਆਰਐਸ ਅਫਸਰ ਸਨ। ਜੇ ਉਹ ਪੈਸਾ ਕਮਾਉਣਾ ਚਾਹੁੰਦੇ, ਤਾਂ ਉਹ ਬਹੁਤ ਕਮਾ ਲੈਂਦੇ।
ਭਾਜਪਾ ਸਰਕਾਰ ਦੇਸ਼ ਦੇ ਲੋਕਤੰਤਰ ਨੂੰ ਢਾਹ ਲਾਉਣ ਵਿਚ ਲੱਗੀ ਹੋਈ ਹੈ, ਇਸ ਨੂੰ ਬਚਾਉਣਾ ਜ਼ਰੂਰੀ ਹੈ- ਵਿਕਰਮਜੀਤ ਪਾਸੀ
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਬਿਕਰਮਜੀਤ ਪਾਸੀ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਲੋਕਤੰਤਰ ਨੂੰ ਢਾਹ ਲਾਉਣ ’ਤੇ ਲੱਗੀ ਹੋਈ ਹੈ। ਇਸ ਨੂੰ ਬਚਾਉਣਾ ਜ਼ਰੂਰੀ ਹੈ। ਅਸੀਂ ਲੋਕਤੰਤਰ ਦਾ ਕਤਲ ਕਰਨ ਵਾਲਿਆਂ ਨੂੰ ਸੱਤਾ ਤੋਂ ਹਟਾ ਦੇਵਾਂਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੇ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਨੂੰ ਅਰਵਿੰਦ ਕੇਜਰੀਵਾਲ ਤੋਂ ਸਭ ਤੋਂ ਵੱਧ ਖ਼ਤਰਾ ਮਹਿਸੂਸ ਹੁੰਦਾ ਹੈ ਕਿਉਂਕਿ ਉਹ ਆਮ ਲੋਕਾਂ ਦੇ ਮੁੱਦਿਆਂ ਦੀ ਗੱਲ ਕਰਦੇ ਹਨ। ਉਹ ਸਿੱਖਿਆ, ਦਵਾਈ ਅਤੇ ਰੁਜ਼ਗਾਰ ਦੀ ਗੱਲ ਕਰਦੇ ਹਨ। ਉਨਾਂ ਨੇ ਪੰਜਾਬ ਅਤੇ ਦਿੱਲੀ ਵਿਚ ਇਨ੍ਹਾਂ ਗੱਲਾਂ ‘ਤੇ ਕੰਮ ਕਰਕੇ ਵਿਖਾਇਆ। ਇਸੇ ਲਈ ਭਾਜਪਾ ਸਰਕਾਰ ਨੇ ਇੱਕ ਸਾਜ਼ਿਸ਼ ਦੇ ਤਹਿਤ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੰਜੇ ਸਿੰਘ ਦੀ ਜ਼ਮਾਨਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਪੂਰਾ ਮਾਮਲਾ ਪਾਣੀ ਦਾ ਗੁਬਾਰਾ ਹੈ। ਈਡੀ ਨੇ ਬਿਨਾਂ ਕਿਸੇ ਠੋਸ ਸਬੂਤ ਦੇ ਸਾਡੇ ਨੇਤਾਵਾਂ ਨੂੰ ਪਰੇਸ਼ਾਨ ਕਰਨ ਲਈ ਭਾਜਪਾ ਦੇ ਇਸ਼ਾਰੇ ‘ਤੇ ਸਾਨੂੰ ਗ੍ਰਿਫਤਾਰ ਕੀਤਾ ਹੈ।