ਫ਼ਰੀਦਕੋਟ, 12 ਅਪ੍ਰੈਲ 2024 – ਫ਼ਰੀਦਕੋਟ ਵਿੱਚ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੋਂ ਨਾਰਾਜ਼ ਕਿਸਾਨ ਜਥੇਬੰਦੀ ‘ਸੰਯੁਕਤ ਕਿਸਾਨ ਮੋਰਚਾ’ ਦੀ ਅਗਵਾਈ ਹੇਠ ਫ਼ਰੀਦਕੋਟ ਕੋਟਕਪੂਰਾ ਹਾਈਵੇਅ ’ਤੇ ਸ਼ਾਹੀ ਹਵੇਲੀ ਨੇੜੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਭਾਜਪਾ ਫ਼ਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਹੰਸਰਾਜ ਹੰਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਭਾਜਪਾ ਉਮੀਦਵਾਰ ਹੰਸਰਾਜ ਹੰਸ ਦੀ ਮੀਟਿੰਗ ਨੂੰ ਲੈ ਕੇ ਭਾਰੀ ਗਿਣਤੀ ‘ਚ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਸ਼ਾਹੀ ਮਹਿਲ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਧਰਨੇ ਲਈ ਇਕੱਠੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਅਤੇ ਸ਼ਾਂਤਮਈ ਪ੍ਰਦਰਸ਼ਨ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਤੋਂ ਕਿਸਾਨ ਸ਼ਾਂਤਮਈ ਧਰਨਾ ਦੇਣ ਲਈ ਦਿੱਲੀ ਦੇ ਰਾਮਲੀਲਾ ਮੈਦਾਨ ਜਾ ਰਹੇ ਸਨ ਪਰ ਕਿਸਾਨਾਂ ਨੂੰ ਹਰਿਆਣਾ ਸਰਹੱਦ ‘ਤੇ ਰੋਕ ਦਿੱਤਾ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਅਜਿਹਾ ਵਿਵਹਾਰ ਕੀਤਾ ਗਿਆ ਜੋ ਪਹਿਲਾਂ ਕਦੇ ਨਹੀਂ ਕੀਤਾ ਗਿਆ। ਇਸ ਦੌਰਾਨ ਸਾਡਾ ਨੌਜਵਾਨ ਕਿਸਾਨ ਸ਼ਹੀਦ ਹੋ ਗਿਆ। ਅਜਿਹੇ ਵਿੱਚ ਕੇਂਦਰ ਸਰਕਾਰ ਨੇ ਸਾਡੇ ਕਿਸਾਨਾਂ ਨਾਲ ਜਿਸ ਤਰ੍ਹਾਂ ਦਾ ਸਲੂਕ ਕੀਤਾ ਹੈ। ਅਸੀਂ ਭਾਜਪਾ ਉਮੀਦਵਾਰਾਂ ਨਾਲ ਵੀ ਓਹੋ ਜਿਹਾ ਹੀ ਵਿਵਹਾਰ ਕਰਾਂਗੇ। ਪੰਜਾਬ ਵਿੱਚ ਭਾਜਪਾ ਦੇ ਕਿਸੇ ਵੀ ਉਮੀਦਵਾਰ ਨੂੰ ਸਮਰਥਨ ਨਹੀਂ ਦਿੱਤਾ ਜਾਵੇਗਾ। ਸਾਰਿਆਂ ਦਾ ਖੁੱਲ੍ਹ ਕੇ ਵਿਰੋਧ ਕੀਤਾ ਜਾਵੇਗਾ ਅਤੇ ਕਿਸਾਨਾਂ ਵਿਰੁੱਧ ਚੁੱਕੇ ਗਏ ਕਦਮਾਂ ਬਾਰੇ ਸਵਾਲ ਪੁੱਛੇ ਜਾਣਗੇ।