— 43.08 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ, 38.44 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
— ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਲਈ ਮੰਡੀ ਬੋਰਡ ਦੇ ਅਫਸਰਾਂ ਦੀਆਂ ਡਿਊਟੀਆਂ ਲਗਾ ਕੇ ਕੀਤੀ ਜਾ ਰਹੀ ਚੈਕਿੰਗ
ਐਸ.ਏ.ਐਸ. ਨਗਰ ( ਮੋਹਾਲੀ / ਚੰਡੀਗੜ੍ਹ ) 24 ਅਪ੍ਰੈਲ, 2024 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਕਿਸਾਨ, ਆੜਤੀਏ ਅਤੇ ਮਜਦੂਰ ਬਹੁਤ ਖੁਸ਼ ਹਨ ਅਤੇ ਹੁਣ ਤੱਕ ਮੰਡੀਆਂ ਵਿੱਚ 43.08 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 38.44 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਾੜ੍ਹੀ ਸੀਜ਼ਨ 2024-2025 ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੀ ਸਹੂਲਤ ਨੂੰ ਮੁੱਖ ਰਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ ਕੁਦਰਤ ਦੀ ਕਰੋਪੀ ਕਾਰਨ ਛਿਟ-ਪੁੱਟ ਕਮੀਆਂ ਪੇਸ਼ ਆ ਜਾਂਦੀਆਂ ਹਨ, ਪਰ ਇਨ੍ਹਾਂ ਕਮੀਆਂ ਨੂੰ ਨਾਲ ਦੀ ਨਾਲ ਦੂਰ ਕੀਤਾ ਜਾ ਰਿਹਾ ਹੈ।
ਸ. ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਅਫਸਰਾਂ, ਮੁਲਾਜਮਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹਰ ਪੱਧਰ ਤੇ ਸਹਿਯੋਗ ਅਤੇ ਸਹਾਇਤਾ ਕੀਤਾ ਜਾ ਰਹੀ ਹੈ। ਸੀਮਤ ਸਮੇਂ ਵਿੱਚ ਦੁਨੀਆਂ ਦਾ ਸਭ ਤੋਂ ਵੱਡੇ ਅਨਾਜ ਦੀ ਖਰੀਦ-ਵੇਚ ਦੇ ਪ੍ਰਬੰਧ ਹੋ ਰਹੇ ਹਨ। ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾਂ ਦੀ ਘਾਟ ਹੋਣ ਦੇ ਬਾਵਜੂਦ ਬੰਪਰ ਫਸਲ ਦੀ ਸਾਂਭ-ਸੰਭਾਲ ਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਤੇਜੀ ਨਾਲ ਖਰੀਦ ਅਤੇ ਲਿਫਟਿੰਗ ਵੀ ਸੁਚਝੇ ਤਰੀਕੇ ਨਾਲ ਚੱਲ ਰਹੀ ਹੈ। ਉਨ੍ਹਾਂ ਸਾਰੀਆਂ ਧਿਰਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨੇ ਪਵੇ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਲਈ ਮੰਡੀ ਬੋਰਡ ਦੇ ਅਫਸਰਾਂ ਦੀਆਂ ਡਿਊਟੀਆਂ ਲਗਾ ਕੇ ਖਰੀਦ ਪ੍ਰਬੰਧਾਂ ਅਤੇ ਹੋਰ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਸਿਆਵਾਂ ਅਤੇ ਕਮੀਆਂ ਨੂੰ ਤੁਰੰਤ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀਆਂ 1907 ਮੰਡੀਆਂ ਅਤੇ 721 ਨੋਟੀਫਾਈਡ ਆਰਜੀ ਖਰੀਦ ਕੇਂਦਰਾਂ ਵਿੱਚ ਹੁਣ ਤੱਕ 43.08 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚ 38.44 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਦੀ ਖਰੀਦ ਵੀ ਹੋ ਗਈ ਹੈ ਅਤੇ 4.64 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚੋਂ 9.15 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਦੀ ਲਿਫਟਿੰਗ ਹੋ ਚੁੱਕੀ ਹੈ। ਸ. ਬਰਸਟ ਨੇ ਅੱਗੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿੱਚ 8.90 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਤੇ 8.67 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ।