- ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਦੀ ਮੰਡੀ ਬੋਰਡ ਦੇ ਸਕੱਤਰ ਵਜੋਂ ਨਿਭਾਈਆਂ ਸੇਵਾਵਾਂ ਦੀ ਕੀਤੀ ਸ਼ਲਾਘਾ
ਐਸ.ਏ.ਐਸ. ਨਗਰ ( ਮੋਹਾਲੀ / ਚੰਡੀਗੜ) 30 ਅਪ੍ਰੈਲ, 2024 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਮੰਡੀ ਬੋਰਡ ਦੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿਲ, ਆਈ.ਏ.ਐਸ. ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਰਖਦਿਆਂ ਸ. ਬਰਸਟ ਨੇ ਕਿਹਾ ਕਿ ਸ੍ਰੀਮਤੀ ਅੰਮ੍ਰਿਤ ਕੌਰ ਗਿਲ, ਆਈ.ਏ.ਐਸ. ਨੇ ਵੱਖ-ਵੱਖ ਅਹੁਦਿਆਂ ਉੱਤੇ ਰਹਿੰਦੇ ਹੋਏ 29 ਸਾਲ ਸੂਬੇ ਦੀ ਸੇਵਾ ਕੀਤੀ ਹੈ ਅਤੇ ਪਿਛਲੇ ਇੱਕ ਸਾਲ ਤੋਂ ਪੰਜਾਬ ਮੰਡੀ ਬੋਰਡ ਵਿਖੇ ਬਤੌਰ ਸਕੱਤਰ ਰਹਿੰਦਿਆਂ ਪੰਜਾਬ ਮੰਡੀ ਬੋਰਡ ਤੇ ਇਸ ਦੇ ਮੁਲਾਜ਼ਮਾਂ ਦੇ ਸਰਬਪੱਖੀ ਵਿਕਾਸ ਲਈ ਪਹਿਲੇ ਦਿਨ ਤੋਂ ਹੀ ਤੱਤਪਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕੱਤਰ ਬੋਰਡ ਵੱਲੋਂ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਹਰ ਪੱਖ ਤੋਂ ਅਹਿਮ ਫੈਸਲੇ ਲੈਂਦੇ ਹੋਏ ਆਪਣੀ ਡਿਉਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਗਿਆ।
ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿਚ ਵਿਚਰਨ ਕਰਕੇ ਕਿਸੇ ਵੀ ਅਧਿਕਾਰੀ ਦਾ ਤਜਰਬਾ ਬਹੁਤ ਮਹੱਤਵਪੂਰਨ ਹੁੰਦਾ ਹੈ, ਕਿਉਂਕਿ ਲੰਮੇ ਜਨਤਕ ਜੀਵਨ ਸਦਕਾ ਇਨ੍ਹਾਂ ਅਧਿਕਾਰੀਆਂ ਕੋਲ ਕੌੜਾ-ਮਿੱਠਾ ਤਜਰਬਾ ਹੁੰਦਾ ਹੈ, ਜਿਸਦਾ ਲੋਕ ਹਿੱਤ ਵਿਚ ਲਾਭ ਉਠਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਿੱਤ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ।
ਇਸ ਮੌਕੇ ਸੇਵਾ-ਮੁਕਤ ਹੋ ਰਹੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ਸਦਕਾ ਹੀ ਉਹ ਇੱਕ ਸਾਲ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਂਦੇ ਰਹੇ ਹਨ ਅਤੇ ਇਹ ਸਮਾਂ ਉਨ੍ਹਾਂ ਨੂੰ ਪੂਰਾ ਜੀਵਨ ਯਾਦ ਰਹੇਗਾ। ਇਸ ਮੌਕੇ ਸੰਯੁਕਤ ਸਕੱਤਰ ਗੀਤਿਕਾ ਸਿੰਘ, ਸ. ਗੁਰਦੀਪ ਸਿੰਘ ਇੰਜੀਨਿਅਰ-ਇਨ-ਚੀਫ, ਸ. ਜਤਿੰਦਰ ਸਿੰਘ ਭੰਗੂ ਮੁੱਖ ਇੰਜੀਨਿਅਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਸਮੇਤ ਸਮੂਹ ਉੱਚ ਅਧਿਕਾਰੀਆਂ ਅਤੇ ਮੁਲਾਜਮਾਂ ਨੇ ਸੇਵਾ-ਮੁਕਤ ਹੋ ਰਹੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿਲ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।