ਚੰਡੀਗੜ੍ਹ, 29 ਦਸੰਬਰ 2020 – ਵਿੱਦਿਅਕ ਅਦਾਰਿਆਂ ਦਾ ਨਾਂ ਅਹਿਮ ਸ਼ਖ਼ਸੀਅਤਾਂ ਦੇ ਨਾਮ ’ਤੇ ਰੱਖਣ ਦੀ ਨੀਤੀ ਤਹਿਤ ਪੰਜਾਬ ਸਰਕਾਰ ਨੇ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਣ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬੇ ਦੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਨਾਮਵਰ ਸ਼ਖ਼ਸੀਅਤਾਂ ਵੱਲੋਂ ਕੀਤੇ ਗਏ ਵਿਲੱਖਣ ਕਾਰਜਾਂ, ਉਨ੍ਹਾਂ ਦੀ ਦੇਣ ਨੂੰ ਬਰਕਰਾਰ ਰੱਖਣ ਅਤੇ ਸਮਾਜ ਵਿੱਚ ਬਣਦਾ ਸਤਿਕਾਰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਇਹ ਹੰਭਲਾ ਮਾਰਿਆ ਗਿਆ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਦੋ ਸਕੂਲਾਂ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕੌਰੇਆਣਾ ਦਾ ਨਾਂ ਸ਼ਹੀਦ ਲਾਂਸ ਨਾਇਕ ਕੁਲਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਪਿੱਥੋ ਦਾ ਨਾਮ ਸ਼ਹੀਦ ਫ਼ੌਜੀ ਕੁਲਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ ਦੋ ਸਕੂਲਾਂ ਦਾ ਨਾਮ ਮਹਾਨ ਸ਼ਖ਼ਸੀਅਤਾਂ ਦੇ ਨਾਂ ‘ਤੇ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਖ਼ਿਆਲਾਂ ਕਲਾਂ ਦਾ ਨਾਂ ਸ਼ਹੀਦ ਊਦੇ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੋਗਾ ਦਾ ਨਾਂ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ ਜਦ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਠਿਆਲਾ ਦਾ ਨਾਮ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਮਿਡਲ ਸਕੂਲ ਵਿੰਝਵਾਂ ਦਾ ਨਾਂ ਸ਼ਹੀਦ ਹਵਾਲਦਾਰ ਰਜਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੁੰਨਸ (ਬਰਨਾਲਾ) ਦਾ ਨਾਮ ਸ਼ਹੀਦ ਸਿਪਾਹੀ ਦਲੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਦੱਸਿਆ ਕਿ ਇਸ ਸਬੰਧੀ ਨੋਟੀਫ਼ਿਕੇਸ਼ਨ ਛੇਤੀ ਹੀ ਜਾਰੀ ਕਰ ਦਿੱਤਾ ਜਾਵੇਗਾ।